
ਕਿਸਾਨਾਂ ਨਾਲ ਗੱਲਬਾਤ ਲਈ ਸ਼ਾਹ, ਤੋਮਰ ਤੇ ਗੋਇਲ ਨੇ ਬੈਠਕ ਕੀਤੀ
ਨਵੀਂ ਦਿੱਲੀ, 2 ਦਸੰਬਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁਧਵਾਰ ਨੂੰ ਕੇਂਦਰ ਅਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨੁਮਾਇੰਦਿਆਂ ਦਰਮਿਆਨ ਗੱਲਬਾਤ ਦੇ ਦੂਜੇ ਗੇੜ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲਵੇ ਮੰਤਰੀ ਪੀਯੂਸ਼ ਗੋਇਲ ਨਾਲ ਮੀਟਿੰਗ ਕੀਤੀ। ਤੋਮਰ, ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਮੰਗਲਵਾਰ ਨੂੰ ਕਿਸਾਨ ਨੇਤਾਵਾਂ ਨਾਲ ਗੱਲਬਾਤ ਦੌਰਾਨ ਕੇਂਦਰ ਸਰਕਾਰ ਦੀ ਪ੍ਰਤੀਨਿਧਤਾ ਕੀਤੀ ਸੀ। ਮੰਨਿਆ ਜਾਂਦਾ ਹੈ ਕਿ ਤਿੰਨ ਪ੍ਰਮੁੱਖ ਕੇਂਦਰੀ ਮੰਤਰੀਆਂ ਨੇ ਬੁਧਵਾਰ ਨੂੰ ਕਿਸਾਨਾਂ ਵਲੋਂ ਉਠਾਏ ਗਏ ਮੁੱਦਿਆਂ ਅਤੇ ਨਵੇਂ ਖੇਤੀਬਾੜੀ ਕਾਨੂੰਨਾਂ ਸੰਬੰਧੀ ਕਿਸਾਨੀ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਬਾਰੇ ਵਿਚਾਰ-ਵਟਾਂਦਰੇ ਕੀਤੇ। ਕਿਸਾਨ ਨੁਮਾਇੰਦਿਆਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ 35 ਕਿਸਾਨ ਸੰਗਠਨਾਂ ਦੀਆਂ ਚਿੰਤਾਵਾਂ ਨੂੰ ਵੇਖਣ ਲਈ ਕਮੇਟੀ ਬਣਾਉਣ ਦੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿਤਾ ਸੀ। ਕਿਸਾਨ ਸੰਗਠਨਾਂ ਦੇ ਸਮੂਹ ਆਲ ਇੰਡੀਆ ਕਿਸਾਨ ਸੰਘਰਸ਼ ਸਮਾਨ ਸੰਮਤੀ (ਏ.ਆਈ.ਕੇ.ਐੱਸ.ਸੀ.) ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਮੰਗਲਵਾਰ ਨੂੰ ਸਰਕਾਰ ਦੇ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਲੰਮੀ ਮੁਲਾਕਾਤ ਬੇਨਤੀਜਾ ਰਹੀ ਸੀ। (ਪੀਟੀਆਈ)