
ਸਾਲ 2016-17 ਦੀ ਆਮਦਨ ਦੇ ਗ਼ਲਤ ਮੁਲਾਂਕਣ ਲਈ ਇਨਕਮ ਟੈਕਸ ਕਮਿਸ਼ਨਰ ਦੇ ਹੁਕਮਾਂ ਨੂੰ ਕੀਤਾ ਰੱਦ
ਹਾਈਕੋਰਟ ਨੇ ਅੰਮ੍ਰਿਤਸਰ ਇਨਕਮ ਟੈਕਸ ਵਿਭਾਗ ਨੂੰ ਸਿੱਧੂ ਦੀ ਅਪੀਲ ਸੁਣਨ ਦਾ ਦਿਤਾ ਹੁਕਮ
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੂੰ ਵੱਡੀ ਰਾਹਤ ਦਿੰਦੇ ਹੋਏ ਹਾਈਕੋਰਟ ਨੇ ਹੁਣ ਸਾਲ 2016-17 ਦੀ ਆਮਦਨ ਦੇ ਗ਼ਲਤ ਮੁਲਾਂਕਣ ਲਈ ਇਨਕਮ ਟੈਕਸ ਕਮਿਸ਼ਨਰ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ ਤਾਜ਼ਾ ਜਾਣਕਾਰੀ ਅਨੁਸਾਰ ਇਸ ਦੇ ਖ਼ਿਲਾਫ਼ ਸਿੱਧੂ ਦੇ ਪੁਨਰ-ਜਵਾਬ ਨੂੰ ਖ਼ਾਰਜ ਕਰਦੇ ਹੋਏ ਮੁੜ ਵਿਚਾਰ ਕਰਨ ਦੇ ਹੁਕਮ ਦਿੱਤੇ ਹਨ।
navjot singh sidhu
ਨਵਜੋਤ ਸਿੰਘ ਸਿੱਧੂ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਨ੍ਹਾਂ ਨੇ 2016-17 ਦੀ ਆਮਦਨ ਕਰ ਰਿਟਰਨ 'ਚ ਆਪਣੀ ਆਮਦਨ 9 ਕਰੋੜ 66 ਲੱਖ 28 ਹਜ਼ਾਰ 470 ਰੁਪਏ ਦੱਸੀ ਸੀ ਅਤੇ 19 ਅਕਤੂਬਰ 2016 ਨੂੰ ਜਮ੍ਹਾ ਕਰਵਾਈ ਸੀ ਅਤੇ ਇਸ ਦੀ ਰਸੀਦ ਵੀ ਉਨ੍ਹਾਂ ਨੂੰ ਮਿਲ ਗਈ ਸੀ।
Income Tax Department
ਪਰ ਆਮਦਨ ਕਰ ਵਿਭਾਗ ਨੇ ਉਸ ਨੂੰ 13 ਮਾਰਚ 2019 ਨੂੰ ਸੂਚਿਤ ਕੀਤਾ ਅਤੇ ਦੱਸਿਆ ਕਿ ਇਸ ਸਮੇਂ ਦੌਰਾਨ ਉਸ ਦੀ ਆਮਦਨ 13 ਕਰੋੜ 19 ਲੱਖ 66 ਹਜ਼ਾਰ 530 ਰੁਪਏ ਹੈ। ਇਸ ਤਰ੍ਹਾਂ ਆਮਦਨ ਕਰ ਵਿਭਾਗ ਨੇ ਉਸ ਦੀ ਆਮਦਨ ਵਿੱਚ 3 ਕਰੋੜ 53 ਲੱਖ 38 ਹਜ਼ਾਰ 67 ਰੁਪਏ ਹੋਰ ਜੋੜ ਦਿੱਤੇ।
Navjot Sidhu
ਸਿੱਧੂ ਨੇ ਆਮਦਨ ਕਰ ਵਿਭਾਗ ਨੂੰ ਅਪੀਲ ਕੀਤੀ ਕਿ ਉਹ ਆਪਣੀ ਆਮਦਨ ਦੇ ਗਲਤ ਮੁਲਾਂਕਣ ਵਿਰੁੱਧ ਇਨਕਮ ਟੈਕਸ ਕਮਿਸ਼ਨਰ (ਅਪੀਲ) ਦੇ ਸਾਹਮਣੇ ਰੀਵਿਜ਼ਨ ਦਾਇਰ ਕਰਕੇ ਇਸ ਨੂੰ ਠੀਕ ਕਰੇ। ਪਰ ਇਸ ਸਾਲ 27 ਮਾਰਚ ਨੂੰ ਇਨਕਮ ਟੈਕਸ ਕਮਿਸ਼ਨਰ ਨੇ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਹੁਕਮ ਨੂੰ ਸਿੱਧੂ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
Punjab and Haryana High Court
ਸਿੱਧੂ ਦੀ ਇਸ ਮੰਗ ਨੂੰ ਦੇਖਦੇ ਹੋਏ ਹਾਈਕੋਰਟ ਨੇ ਹੁਣ ਇਨਕਮ ਟੈਕਸ ਕਮਿਸ਼ਨਰ ਦੇ 27 ਮਾਰਚ ਦੇ ਹੁਕਮਾਂ ਨੂੰ ਰੱਦ ਕਰਦਿਆਂ ਸਿੱਧੂ ਨੂੰ ਮੁੜ ਵਿਚਾਰ ਕਰਨ ਦੇ ਹੁਕਮ ਦਿੱਤੇ ਹਨ।