
ਇਸ ਦੇ ਨਾਲ ਹੀ ਗੋਲਡੀ ਬਰਾੜ ਨਾਂਅ ਦੇ ਇਕ ਫੇਸਬੁੱਕ ਅਕਾਊਂਟ ਤੋਂ ਪੋਸਟ ਵੀ ਵਾਇਰਲ ਹੋ ਰਹੀ ਹੈ।
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਉਹਨਾਂ ਕਿਹਾ ਕਿ ਗ੍ਰਿਫ਼ਤਾਰੀ ਦੀ ਖ਼ਬਰ ਬਿਲਕੁਲ ਝੂਠੀ ਹੈ। ਜੇਕਰ ਅਜਿਹਾ ਹੁੰਦਾ ਤਾਂ ਅਮਰੀਕੀ ਏਜੰਸੀ ਵੱਲੋਂ ਭਾਰਤ ਸਰਕਾਰ ਨਾਲ ਇਨਪੁੱਟ ਸਾਂਝੇ ਕੀਤੇ ਜਾਣੇ ਸਨ। ਅਜਿਹਾ ਕੁਝ ਨਹੀਂ ਹੋਇਆ, ਇਹ ਪੂਰੀ ਤਰ੍ਹਾਂ ਅਫਵਾਹ ਫੈਲਾਈ ਜਾ ਰਹੀ ਹੈ ਕਿ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿਖੇ ਹਿਰਾਸਤ 'ਚ ਲੈ ਲਿਆ ਗਿਆ ਹੈ।
ਇਸ ਦੇ ਨਾਲ ਹੀ ਗੋਲਡੀ ਬਰਾੜ ਨਾਂਅ ਦੇ ਇਕ ਫੇਸਬੁੱਕ ਅਕਾਊਂਟ ਤੋਂ ਪੋਸਟ ਵੀ ਵਾਇਰਲ ਹੋ ਰਹੀ ਹੈ। ਇਸ ਵਿਚ ਵੀ ਦਾਅਵਾ ਕੀਤਾ ਗਿਆ ਹੈ ਕਿ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੋਸਟ ਵਿਚ ਲਿਖਿਆ ਹੈ, “ਇਹ ਝੂਠੀ ਖ਼ਬਰ ਚਲਾਈ ਜਾ ਰਹੀ ਹੈ ਕਿ ਮੈਂ ਗੋਲਡੀ ਬਰਾੜ ਗ੍ਰਿਫ਼ਤਾਰ ਹੋ ਗਿਆ ਹਾਂ। ਅਜਿਹਾ ਕੁਝ ਨਹੀਂ ਹੈ, ਮੈਂ ਬਿਲਕੁਲ ਸਹੀ ਹਾਂ”। ਹਾਲਾਂਕਿ ਇਸ ਵਾਇਰਲ ਪੋਸਟ ਦੀ ਪੁਸ਼ਟੀ ਨਹੀਂ ਹੋਈ ਹੈ।