
Punjab News: ਪੁਲਿਸ ਨੇ ਇਰਾਦਾ ਕਤਲ, ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
Punjab News: ਜਲੰਧਰ ਦੇ ਭੋਗਪੁਰ ਦੇ ਪਿੰਡ ਕਾਲਾ ਬੱਕਰਾ 'ਚ ਪੁਰਾਣੀ ਰੰਜਿਸ਼ ਦੇ ਚੱਲਦੇ ਸਰਪੰਚ ਨੇ ਆਪਣੇ ਵਿਰੋਧੀ ਨੂੰ ਗੋਲੀ ਮਾਰ ਦਿੱਤੀ। ਘਟਨਾ 'ਚ ਵਿਅਕਤੀ ਦੀ ਛਾਤੀ 'ਤੇ ਗੋਲੀ ਲੱਗੀ ਹੈ, ਜਿਸ ਦੀ ਹਾਲਤ ਫਿਲਹਾਲ ਸਥਿਰ ਹੈ। ਜ਼ਖਮੀ ਵਿਅਕਤੀ ਦਾ ਜਲੰਧਰ ਪਠਾਨਕੋਟ ਹਾਈਵੇਅ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਇਸ ਮਾਮਲੇ ਵਿੱਚ ਥਾਣਾ ਭੋਗਪੁਰ ਦੀ ਪੁਲਿਸ ਨੇ ਦੇਰ ਰਾਤ ਗੋਲੀ ਚਲਾਉਣ ਵਾਲੇ ਕਾਲਾ ਬੱਕਰਾ ਦੇ ਸਰਪੰਚ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਦੇ ਖਿਲਾਫ ਪੁਲਿਸ ਨੇ ਇਰਾਦਾ ਕਤਲ, ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਜਲੰਧਰ ਦੇਹਾਤ ਥਾਣਾ ਆਦਮਪੁਰ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਪਛਾਣ ਤਲਵਿੰਦਰ ਸਿੰਘ ਵਾਸੀ ਪਿੰਡ ਕਾਲਾ ਬੱਕਰਾ ਵਜੋਂ ਹੋਈ ਹੈ। ਤਲਵਿੰਦਰ ਦੀ ਸੱਜੇ ਪਾਸੇ ਦੀ ਛਾਤੀ 'ਤੇ ਗੋਲੀ ਲੱਗੀ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਲਾਇਸੈਂਸੀ ਹਥਿਆਰ ਬਰਾਮਦ ਕੀਤਾ ਗਿਆ। ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ 'ਤੇ ਲਿਆ ਜਾਵੇਗਾ।
ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਜ਼ਖ਼ਮੀ ਵਿਅਕਤੀ ਅਤੇ ਸਰਪੰਚ ਦੋਵਾਂ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹਨ। ਜ਼ਖਮੀ ਵਿਅਕਤੀ ਨੂੰ ਅਦਾਲਤ ਨੇ ਸਜ਼ਾ ਸੁਣਾਈ ਹੈ ਅਤੇ ਜੇਲ੍ਹ ਵੀ ਜਾ ਚੁੱਕਾ ਹੈ। ਦੋਵਾਂ ਦਾ ਕੇਸ ਹਾਈ ਕੋਰਟ ਵਿੱਚ ਚੱਲ ਰਿਹਾ ਹੈ। ਉਕਤ ਮਾਮਲੇ ਵਿੱਚ ਮੌਜੂਦਾ ਸਰਪੰਚ ਨੂੰ ਬਰੀ ਕਰ ਦਿੱਤਾ ਗਿਆ ਸੀ। ਨਾਲ ਹੀ, ਜਿਸ ਵਿਅਕਤੀ ਨੂੰ ਗੋਲੀ ਮਾਰੀ ਗਈ ਸੀ, ਉਹ ਚੋਣਾਂ ਵਿਚ ਖੜ੍ਹਾ ਸੀ, ਪਰ ਉਸ ਦੇ ਕਾਗਜ਼ ਰੱਦ ਕਰ ਦਿੱਤੇ ਗਏ ਸਨ। ਜਿਸ ਕਾਰਨ ਦੋਵਾਂ ਵਿਚਾਲੇ ਰੰਜਿਸ਼ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ।