
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਲਤਬਿਆਨੀ ਅਤੇ ਫਰੇਬ ਕਰਨ ਦਾ ਮਾਹਰ ਗਰਦਾਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਲਤਬਿਆਨੀ ਅਤੇ ਫਰੇਬ ਕਰਨ ਦਾ ਮਾਹਰ ਗਰਦਾਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਅਪਣੇ ਪਿਛਲੇ ਪੰਜ ਸਾਲਾਂ ਦੇ ਸਮੇਂ ਦੌਰਾਨ ਅਪਣੀ ਸਰਕਾਰ ਵੱਲੋਂ ਇਕ ਵੀ ਵਾਅਦੇ ਨੂੰ ਪੂਰਾ ਕੀਤੇ ਹੋਣ ਨੂੰ ਦਿਖਾਉਣ ਦੀ ਚੁਣੌਤੀ ਦਿਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਫੁੱਟਪਾਊ ਨੀਤੀਆਂ ਦੇ ਕਾਰਨ ਦੇਸ਼ ਵਿਨਾਸ਼ ਅਤੇ ਤਬਾਹੀ ਵਿਚ ਫਸ ਗਿਆ ਹੈ।
ਕੱਲ ਗੁਰਦਾਸਪੁਰ ਵਿਖੇ ਪ੍ਰਧਾਨ ਮੰਤਰੀ ਵੱਲੋਂ ਬੋਲੇ ਝੂਠ ਦਰ ਝੂਠ ਨੂੰ ਸਿੱਧੇ ਹੋ ਕੇ ਟੱਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 'ਜੁਮਲੇਬਾਜ਼' ਪ੍ਰਧਾਨ ਮੰਤਰੀ ਨੇ ਛਲ, ਕਪਟ ਅਤੇ ਪਖੰਡ ਦੇ ਨਾਲ ਦੇਸ਼ ਨੂੰ ਨਿਵਾਣਾਂ 'ਤੇ ਲੈ ਆਂਦਾ ਹੈ ਜਿਸ ਦੇ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਆਪਣੇ ਚੰਗੇ ਭਵਿੱਖ ਲਈ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ। ਗੁਰਦਾਸਪੁਰ ਵਿਖੇ ਮੋਦੀ ਵੱਲੋਂ ਦਿਤੇ ਗਏ ਹਰ ਇਕ ਬਿਆਨ ਦਾ ਤੋੜ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ
ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਅਪਣੀ ਪੱਕੀ ਹਾਰ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਬੁਰੀ ਤਰ੍ਹਾਂ ਨਿਰਾਸ਼ਾ ਵਿਚ ਚਲੇ ਗਏ ਹਨ ਅਤੇ ਉਹ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਨਿਰਾਸ਼ਾਜਨਕ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਨੇ ਇਕ ਵਾਰੀ ਫਿਰ 1984 ਦੇ ਦੰਗਿਆਂ ਅਤੇ ਕਰਤਾਰਪੁਰ ਲਾਂਘੇ ਤੋਂ ਲੈ ਕੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਹਰ ਮੁੱਦੇ ਉਤੇ ਝੂਠ ਬੋਲਿਆ ਹੈ ਅਤੇ ਉਹ ਅਪਣੀਆਂ ਪੰਜ ਸਾਲ ਦੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਅਵੀਆਂ-ਥਵੀਆਂ ਮਾਰ ਰਹੇ ਹਨ।
1984 ਦੇ ਦੰਗਿਆਂ ਦੇ ਸਬੰਧ ਵਿਚ ਮੋਦੀ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਤਿਲਕ ਮਾਰਗ ਪੁਲਿਸ ਸਟੇਸ਼ਨ ਵਿਚ ਦਰਜ ਐਫ.ਆਈ.ਆਰ ਵਿਚ ਬੀ.ਜੇ.ਬੀ/ਆਰ.ਐਸ.ਐਸ ਵਰਕਰਾਂ ਦੇ ਮਾਮਲੇ ਉੱਤੇ ਸਾਜਿਸ਼ੀ ਚੁੱਪ ਵਰਤਣ ਲਈ ਪ੍ਰਧਾਨ ਮੰਤਰੀ ਉਤੇ ਸਵਾਲ ਕੀਤਾ ਹੈ ਜਿੱਥੇ ਕਿ ਸਿੱਖਾਂ ਵਿਰੁੱਧ ਭਿਆਨਕ ਹਿੰਸਾ ਹੋਈ ਸੀ। ਉਨ੍ਹਾਂ ਕਿਹਾ ਕਿ ਭਾਵੇਂ ਗਾਂਧੀ ਪਰਿਵਾਰ ਵਿਰੁੱਧ ਕਿਸੇ ਨੇ ਵੀ ਕੋਈ ਦੋਸ਼ ਨਹੀਂ ਲਾਇਆ ਪਰ ਫਿਰ ਵੀ ਉਹ ਇਸ ਮਾਮਲੇ ਵਿਚ ਗਾਂਧੀ ਪਰਿਵਾਰ ਦਾ ਨਾਂ ਘਸੀਟਣ ਦੀ ਕੋਸ਼ਿਸ਼ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਸਵਾਲ ਕਰਦੇ ਹੋਏ ਪੁੱਛਿਆ, ''2002 ਦੇ ਗੁਜਰਾਤ ਦੰਗਿਆਂ ਬਾਰੇ ਤੁਹਾਡਾ ਕੀ ਖਿਆਲ ਹੈ ਜੋ ਐਨ ਤੁਹਾਡੇ ਨੱਕ ਦੇ ਹੇਠ ਵਾਪਰੇ ਸਨ ਅਤੇ ਜਿਨ੍ਹਾਂ ਵਿਚ ਤੁਹਾਡੀ ਆਪਣੀ ਪਾਰਟੀ ਦੇ ਮੈਂਬਰਾਂ ਦਾ ਨਾਂ ਆਇਆ ਹੈ ਅਤੇ ਉਨ੍ਹਾਂ 'ਤੇ ਪੂਰੀ ਤਰ੍ਹਾਂ ਦੋਸ਼ ਲੱਗੇ ਹਨ''। ਉਨ੍ਹਾਂ ਨੇ ਸਵਾਲ ਕਰਦੇ ਹੋਏ ਪੁੱਛਿਆ ਕਿ ਪ੍ਰਧਾਨ ਮੰਤਰੀ ਇਸ ਮੁੱਦੇ 'ਤੇ ਲਗਾਤਾਰ ਕਿਉਂ ਚੁੱਪ ਹਨ। ਕਰਤਾਰਪੁਰ ਲਾਂਘੇ ਦੇ ਲਈ ਅਪਣੇ ਸਿਰ ਸਿਹਰਾ ਬੰਨਣ ਦੀਆਂ ਕੋਸ਼ਿਸ਼ਾਂ ਕਰਨ ਲਈ ਪ੍ਰਧਾਨ ਮੰਤਰੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ
ਕਿ ਇਸ ਵਾਸਤੇ ਕਾਂਗਰਸ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸਮੇਂ ਤੋਂ ਹੀ ਸਰਗਰਮੀ ਨਾਲ ਕੋਸ਼ਿਸ਼ਾਂ ਕਰਦੀ ਆ ਰਹੀ ਹੈ ਅਤੇ ਬਾਅਦ 'ਚ ਡਾ. ਮਨਮੋਹਨ ਸਿੰਘ ਨੇ ਵੀ ਇਹ ਕੋਸ਼ਿਸ਼ਾਂ ਕੀਤੀਆਂ। ਉਹ ਖੁਦ ਕਈ ਸਾਲਾਂ ਤੋਂ ਪਾਕਿਸਤਾਨ ਦੇ ਨਾਲ ਇਹ ਮੁੱਦਾ ਉਠਾਉਂਦੇ ਆ ਰਹੇ ਹਨ। ਉਨ੍ਹਾਂ ਨੇ ਮੋਦੀ ਨੂੰ ਪੁੱਛਿਆ ਕਿ ਉਹ ਇਹ ਦੱਸਣ ਕਿ ਉਨ੍ਹਾਂ ਨੇ ਇਸ ਪ੍ਰਾਜੈਕਟ ਵਾਸਤੇ ਕੀ ਕੀਤਾ। ਇਸ ਸਬੰਧ ਵਿਚ ਮੋਦੀ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ,
''ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸਬੰਧ ਵਿਚ ਸਾਡੇ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਅਪੀਲਾਂ ਅਤੇ ਬੇਨਤੀਆਂ ਦੇ ਬਾਵਜੂਦ ਤੁਸੀਂ ਇਸ ਵਾਸਤੇ ਇਕ ਵੀ ਪੈਸਾ ਨਹੀਂ ਦਿਤਾ ਅਤੇ ਤੁਸੀਂ ਅਜੇ ਵੀ ਅਪਣੇ ਆਪ ਨੂੰ ਸਿੱਖਾਂ ਅਤੇ ਉਨ੍ਹਾਂ ਦੇ ਧਰਮ ਦੇ ਰਖਵਾਲੇ ਹੋਣ ਦਾ ਦਾਅਵਾ ਕਰਦੇ ਹੋ।'' ਕਾਂਗਰਸ ਵੱਲੋਂ ਕਰਤਾਰਪੁਰ ਪਾਕਿਸਤਾਨ ਹਵਾਲੇ ਕਰਨ ਦੇ ਲਾਏ ਗਏ ਦੋਸ਼ ਲਈ ਮੁੱਖ ਮੰਤਰੀ ਨੇ ਮੋਦੀ ਦੀ ਅੱਗੇ ਹੋਰ ਤਿੱਖੀ ਆਲੋਚਨਾ ਕੀਤੀ ਅਤੇ ਪ੍ਰਧਾਨ ਮੰਤਰੀ ਨੂੰ ਅਪਣੇ ਮੂੰਹੋਂ ਕੁਝ ਵੀ ਉਚਰਣ ਤੋਂ ਪਹਿਲਾਂ ਇਤਿਹਾਸ ਦੀ ਜਾਣਕਾਰੀ ਰੱਖਣ ਲਈ ਆਖਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਬੰਗਾਲ ਦੇ ਬਟਵਾਰੇ ਲਈ ਰੈਡ ਕਲਿਫ ਲਾਈਨ ਬਰਤਾਨੀਆ ਵੱਲੋਂ ਖਿੱਚੀ ਗਈ ਸੀ, ਜਿਸ ਨੂੰ ਹਰ ਕੋਈ ਜਾਣਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਨੇ ਅਪਣੇ 21 ਮਹੀਨਿਆਂ ਦੇ ਕਾਰਜਕਾਲ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੇ ਪੰਜ ਸਾਲਾਂ ਦੇ ਸਮੇਂ ਤੋਂ ਕਿਤੇ ਜ਼ਿਆਦਾ ਵਾਅਦੇ ਪੂਰੇ ਕੀਤੇ ਹਨ। ਪ੍ਰਧਾਨ ਮੰਤਰੀ ਵੱਲੋਂ ਸੂਬਾ ਸਰਕਾਰ ਉਤੇ ਅਪਣੇ ਚੋਣ ਵਾਅਦੇ ਪੂਰੇ ਨਾ ਕਰਨ 'ਚ ਅਸਫਲ ਰਹਿਣ ਦੇ ਲਾਏ ਇਕ-ਇਕ ਦੋਸ਼ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਨਕਾਰਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤੁਹਾਡੀ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ ਵੱਲੋਂ ਸਾਡੇ ਲਈ ਛੱਡੀਆਂ ਭਿਆਨਕ ਮਾੜੀਆਂ ਵਿੱਤੀ ਹਾਲਤਾਂ ਦੇ ਬਾਵਜੂਦ ਅਸੀਂ ਸਿਰਫ ਇਕ ਸਾਲ ਵਿਚ 4,14,275 ਕਿਸਾਨਾਂ ਦੇ 3417 ਕਰੋੜ ਰੁਪਏ ਦੇ ਫਸਲੀ ਕਰਜ਼ੇ ਮੁਆਫ਼ ਕਰਨ ਲਈ ਸਫ਼ਲ ਹੋਏ ਹਾਂ। ਛੇਤੀ ਹੀ ਤਿੰਨ ਲੱਖ ਹੋਰ ਕਿਸਾਨਾਂ ਦੇ ਤਕਰੀਬਨ 4000 ਕਰੋੜ ਰੁਪਏ ਦੇ ਫਸਲੀ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਉਨ੍ਹਾਂ ਪੁੱਛਿਆ ਕੀ ਤੁਸੀਂ ਕਿਸਾਨਾਂ ਦੀ ਮਦਦ ਵਾਸਤੇ ਸਾਡੀ ਇਕ ਵੀ ਪੈਸੇ ਦੀ ਮਦਦ ਕੀਤੀ ਹੈ? ਅਤੇ ਸਵਾਮੀਨਾਥਨ ਰਿਪੋਰਟ ਕਿੱਥੇ ਹੈ ਜਿਸ ਨੂੰ ਤੁਸੀਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ?
ਸੱਤਾ ਤੋਂ ਲਾਂਭੇ ਹੋਣ ਤੋਂ ਕੇਵਲ ਇਕ ਹਫ਼ਤਾ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੱਲੋਂ ਅਨਾਜ ਖਾਤੇ ਦਾ 31,000 ਕਰੋੜ ਰੁਪਏ ਦਾ ਵਾਧੂ ਬੋਝ ਅਪਣੇ ਸਿਰ ਲੈ ਕੇ ਪੰਜਾਬ ਦੇ ਲੋਕਾਂ ਨਾਲ ਠੱਗੀ ਮਾਰਨ ਦੇ ਲਈ ਇਸ ਗਠਜੋੜ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਮੋਦੀ ਨੂੰ ਪੁੱਛਿਆ ਕਿ ਉਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਿਉਂ ਨਹੀਂ ਕੀਤਾ ਜਦਕਿ ਸੂਬਾ ਸਰਕਾਰ ਨੇ ਇਸ ਸਬੰਧ ਵਿਚ ਵਾਰ ਵਾਰ ਅਪੀਲਾਂ ਕੀਤੀਆਂ ਅਤੇ ਆਪਣਾ ਪੱਖ ਪੇਸ਼ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਪਣੇ ਬਹੁਤ ਸਾਰੇ ਚੋਣ ਵਾਅਦੇ ਪੂਰੇ ਕਰ ਦਿਤੇ ਹਨ ਜਿਨ੍ਹਾਂ ਵਿਚ ਨੌਜਵਾਨਾਂ ਨੂੰ ਨੌਕਰੀਆਂ ਦੇਣਾ, ਨਸ਼ਿਆਂ ਦਾ ਖਾਤਮਾ, ਉਦਯੋਗਿਕ ਵਿਕਾਸ ਅਤੇ ਕਿਸਾਨੀ ਕਰਜ਼ਾ ਮੁਆਫ ਕਰਨਾ ਸ਼ਾਮਲ ਹੈ। ਇਨ੍ਹਾਂ ਵਾਅਦਿਆਂ ਨੂੰ ਦੋ ਸਾਲ ਤੋਂ ਵੀ ਘੱਟ ਸਮੇਂ ਵਿਚ ਪੂਰਾ ਕੀਤਾ ਗਿਆ ਹੈ ਜਦਕਿ ਇਸ ਦੇ ਉਲਟ ਮੋਦੀ ਸਰਕਾਰ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਔਰਤਾਂ ਲਈ ਰਾਖਵੇਂਕਰਨ ਬਾਰੇ ਪ੍ਰਧਾਨ ਮੰਤਰੀ ਦੇ ਵਾਅਦਿਆਂ ਉੱਤੇ ਸਵਾਲ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਮੋਦੀ ਸਰਕਾਰ ਨੇ ਭਾਰਤ ਨੂੰ ਵਿੱਤੀ ਸੰਕਟ ਵਿਚ ਧੱਕ ਦਿਤਾ ਹੈ। ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਭ੍ਰਿਸ਼ਟਾਚਾਰ ਸਿਖਰਾਂ 'ਤੇ ਪਹੁੰਚ ਗਿਆ ਹੈ। ਰਾਫੇਲ ਸਮਝੌਤੇ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਮੁਠੀਭਰ ਬਿਜਨਸ ਘਰਾਣਿਆਂ ਦੀ ਕਿਸ ਤਰ੍ਹਾਂ ਮਦਦ ਕਰ ਰਹੀ ਹੈ ਅਤੇ ਆਮ ਲੋਕਾਂ ਦੀ ਬਿਨਾਹ 'ਤੇ ਪੈਸਾ ਬਣਾਇਆ ਜਾ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰ ਕੋਈ ਹੈਰਾਨ ਹੈ ਕਿ ਪ੍ਰਧਾਨ ਮੰਤਰੀ ਮੋਦੀ ਕੁਝ ਹਫ਼ਤਿਆਂ ਬਾਅਦ ਮੁੜ ਚੋਣ ਦੇ ਵਾਸਤੇ ਭਾਰਤ ਦੇ ਲੋਕਾਂ ਕੋਲ ਕਿਸ ਮੂੰਹ ਨਾਲ ਜਾਣਗੇ। ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ ਦਾ ਮੋਦੀ ਸਭ ਤੋਂ ਮਾੜਾ ਆਗੂ ਰਿਹਾ ਹੈ।