
ਸਿਖਿਆ ਮੰਤਰੀ ਦੀ ਕੋਠੀ ਦਾ ਘਿਰਾਉ ਕਰਨ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਪਟਿਆਲਾ, 3 ਜਨਵਰੀ (ਤੇਜਿੰਦਰ ਫ਼ਤਿਹਪੁਰ, ਗਗਨਦੀਪ ਸਿੰਘ): ਸਿਖਿਆ ਵਿਭਾਗ ’ਚ ਭਰਤੀ ਦੀ ਮੰਗ ਲਈ ਸਿਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਉ ਕਰਨ ਲਈ ਪੁੱਜੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਵਿਰੁਧ ਨਾਹਰੇਬਾਜ਼ੀ ਕੀਤੀ। ਬੇਰੁਜ਼ਗਾਰਾਂ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਹ ਸੰਘਰਸ਼ ਕਰਦੇ ਰਹਿਣਗੇ। ਜਾਣਕਾਰੀ ਮੁਤਾਬਕ ਪਿਛਲੇ ਚਾਰ ਸਾਲਾਂ ਤੋਂ ਰੁਜ਼ਗਾਰ ਦੀ ਮੰਗ ਕਰ ਰਹੇ ਈਟੀਟੀ ਟੈੱਟ ਪਾਸ ਅਧਿਆਪਕਾਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਹਾਲੇ ਤਕ ਅਧਿਆਪਕਾਂ ਦੀ ਕੋਈ ਵੀ ਸੁਣਵਾਈ ਨਾ ਹੋਣ ਦੇ ਰੋਸ ਵਜੋਂ ਐਤਵਾਰ ਨੂੰ ਸੂਬੇ ਭਰ ਵਿਚੋਂ ਇਕੱਤਰ ਹੋਏ ਈਟੀਟੀ ਟੈੱਟ ਪਾਸ ਅਧਿਆਪਕਾਂ ਵਲੋਂ ਪਟਿਆਲਾ ਸਥਿਤ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਉ ਕੀਤਾ। ਜਿਵੇਂ ਹੀ ਘਿਰਾਉ ਕਰਨ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲੀ ਉਨ੍ਹਾਂ ਹਰਕਤ ਵਿਚ ਆਉਂਦਿਆਂ ਉੱਥੇ ਧਰਨਾ ਦੇ ਰਹੇ ਈਟੀਟੀ ਟੈੱਟ ਪਾਸ ਅਧਿਆਪਕਾਂ ਨੂੰ ਭਰੋਸਾ ਦਵਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਅਪਣੀਆਂ ਮੰਗਾਂ ਲਾਗੂ ਹੋਣ ਦੀ ਮੰਗ ਉਤੇ ਅੜੇ ਰਹੇ। ਇਸ ਉਪਰੰਤ ਪੁਲਿਸ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਬੇਰੁਜ਼ਗਾਰ ਅਧਿਆਪਕਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਦੋਵਾਂ ਧਿਰਾਂ ਵਿਚਕਾਰ ਹਾਲੇ ਵਿਚਾਰ ਚਰਚਾ ਜਾਰੀ ਹੈ।
ਫੋਟੋ ਨੰ: 3 ਪੀਏਟੀ 7