ਮੋਬਾਈਲ ਫੋਨ, ਟੈਬਲੇਟ, ਕੰਪਿਊਟਰ ਅਤੇ ਸਟੋਰੇਜ ਡਿਵਾਈਸ ਜ਼ਬਤ
ਅੰਮ੍ਰਿਤਸਰ: 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। 14 ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਹੈ ਅਤੇ ਮੋਬਾਈਲ ਡਿਵਾਈਸ, ਟੈਬਲੇਟ, ਕੰਪਿਊਟਰ, ਸਹਾਇਕ ਉਪਕਰਣ, ਸਟੋਰੇਜ ਡਿਵਾਈਸ ਅਤੇ ਦੋਸ਼ਪੂਰਨ ਵਿੱਤੀ ਰਿਕਾਰਡ ਤੇ ਦਸਤਾਵੇਜ਼ ਜ਼ਬਤ ਕੀਤੇ ਹਨ।
SIT ਦੇ ਇੱਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਸਟੇਸ਼ਨ ਸੀ-ਡਿਵੀਜ਼ਨ, ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਦਰਜ ਐਫ.ਆਈ.ਆਰ. (FIR) ਵਿੱਚ ਕੁੱਲ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। 2 ਮੁਲਜ਼ਮਾਂ ਦੀ ਕਥਿਤ ਤੌਰ 'ਤੇ ਮੌਤ ਹੋ ਚੁੱਕੀ ਹੈ ਅਤੇ 14 ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਕੇਸ ਵਿੱਚ ਹੁਣ ਤੱਕ ਸਤਿੰਦਰ ਸਿੰਘ ਕੋਹਲੀ ਅਤੇ ਕੰਵਲਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਕੰਵਲਜੀਤ ਸਿੰਘ ਨੂੰ ਕੱਲ੍ਹ ਗ੍ਰਿਫਤਾਰ ਕੀਤਾ ਗਿਆ ਸੀ। ਉਹ ਸਹਾਇਕ ਵਜੋਂ ਕੰਮ ਕਰ ਰਿਹਾ ਸੀ ਅਤੇ ਧਾਰਮਿਕ ਗ੍ਰੰਥਾਂ ਦੀ ਸਾਂਭ-ਸੰਭਾਲ, ਪ੍ਰਬੰਧਨ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਗ੍ਰੰਥਾਂ ਨੂੰ ਤਿਆਰ/ਸਟੋਰ ਕਰਨ ਨਾਲ ਸਬੰਧਤ ਗੰਭੀਰ ਬੇਨਿਯਮੀਆਂ ਵਿੱਚ ਉਸ ਦੀ ਸਿੱਧੀ ਭੂਮਿਕਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ 14 ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਚੰਡੀਗੜ੍ਹ ਵਿੱਚ 2, ਅੰਮ੍ਰਿਤਸਰ ਸ਼ਹਿਰ ਵਿੱਚ 08 ਅਤੇ ਗੁਰਦਾਸਪੁਰ, ਰੋਪੜ, ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਵਿੱਚ 1-1 ਥਾਂ ਸ਼ਾਮਲ ਹੈ। ਤਲਾਸ਼ੀ ਦੌਰਾਨ 7 ਮੋਬਾਈਲ ਫੋਨ, 3 ਟੈਬਲੇਟ, 2 ਲੈਪਟਾਪ, 1 ਸਟੋਰੇਜ ਡਿਵਾਈਸ ਅਤੇ ਦੋਸ਼ਪੂਰਨ ਵਿੱਤੀ ਰਿਕਾਰਡ ਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।
ਜ਼ਬਤ ਕੀਤੇ ਗਏ ਇਲੈਕਟ੍ਰਾਨਿਕ ਉਪਕਰਨਾਂ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ ਅਤੇ ਜ਼ਬਤ ਕੀਤੇ ਗਏ ਦਸਤਾਵੇਜ਼ ਤੇ ਵਿੱਤੀ ਰਿਕਾਰਡ ਜਾਂਚ ਦੇ ਘੇਰੇ ਵਿੱਚ ਹਨ, ਕਿਉਂਕਿ ਕਈ ਵਿਅਕਤੀਆਂ, ਜਿਨ੍ਹਾਂ ਵਿੱਚ ਸਿਆਸਤਦਾਨ ਵੀ ਸ਼ਾਮਲ ਹਨ, ਨਾਲ ਸਬੰਧਤ ਕੰਪਨੀਆਂ ਦੁਆਰਾ ਕੀਤੀਆਂ ਗਈਆਂ ਅਦਾਇਗੀਆਂ ਦੀ ਜਾਂਚ ਕੀਤੀ ਜਾ ਰਹੀ ਹੈ। SIT ਵੱਲੋਂ ਯੋਜਨਾਬੱਧ ਅਤੇ ਸੁਚੱਜੇ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਹੋਰ ਛਾਪੇਮਾਰੀ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ। ਅਗਲੇਰੀ ਜਾਂਚ ਜਾਰੀ ਹੈ।
