
ਸ਼੍ਰੋਮਣੀ ਕਮੇਟੀ ਚੋਣਾਂ ਛੇਤੀ ਕਰਵਾਉਣ ਲਈ ਗ੍ਰਹਿ ਮੰਤਰੀ ਨੂੰ ਮਿਲਣ ਦਾ ਐਲਾਨ
ਨਵੀਂ ਦਿੱਲੀ : ਪਾਰਟੀ 'ਚੋਂ ਕੱਢੇ ਜਾਣ ਤੋਂ ਬਾਅਦ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਖਿਲਾਫ਼ ਮੋਰਚਾ ਖੋਲ੍ਹ ਦਿਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਲਕਾਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਹੁਣ ਉਨ੍ਹਾਂ ਦਾ ਇਕੋ ਇਕ ਨਿਸ਼ਾਨਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਦੀ ਗੋਲਕ ਦੀ ਲੁੱਟ ਨੂੰ ਬੰਦ ਕਰਵਾਉਣ ਦੇ ਨਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਬਹਾਲ ਕਰਵਾਉਣ ਲਈ ਸੰਘਰਸ਼ ਵਿੱਢਣਗੇ।
Photo
ਉਨ੍ਹਾਂ ਕਿਹਾ ਕਿ ਬਾਦਲ ਪਰਵਾਰ ਦੀਆਂ ਵਧੀਕੀਆਂ ਤੋਂ ਤੰਗ ਲੋਕਾਂ ਨੂੰ ਇਕ ਝੰਡੇ ਹੇਠ ਇਕੱਠੇ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜੋ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ, ਸਬੰਧੀ ਛੇਤੀ ਹੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ।
file photo
ਕਾਬਲੇਗੌਰ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਵਲੋਂ ਸੰਗਰੂਰ ਵਿਖੇ ਰੈਲੀ ਕੀਤੀ ਗਈ। ਇਹ ਰੈਲੀ ਭਾਵੇਂ ਸਰਕਾਰ ਦੇ ਜ਼ਬਰ ਖਿਲਾਫ਼ ਰੱਖੀ ਗਈ ਸੀ ਪਰ ਮੌਕੇ 'ਤੇ ਜ਼ਿਆਦਾਤਰ ਬੁਲਾਰਿਆਂ ਨੇ ਢੀਂਡਸਾ ਪਰਿਵਾਰ 'ਤੇ ਹੀ ਨਿਸ਼ਾਨੇ ਲਾਏ ਸਨ। ਇਥੋਂ ਕਿ ਵੱਡੇ ਬਾਦਲ ਨੇ ਪਹਿਲੀ ਵਾਰ ਢੀਂਡਸਾ ਵਿਰੁਧ ਰੱਜ ਕੇ ਭੜਾਸ ਕੱਢੀ ਸੀ।
file photo
ਇਸ ਤੋਂ ਸੋਮਵਾਰ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ 'ਚੋਂ ਕੱਢਣ ਦਾ ਐਲਾਨ ਕਰ ਦਿਤਾ ਗਿਆ। ਦੋਵੇਂ ਪਿਉ ਪੁੱਤਰ ਨੂੰ ਪਾਰਟੀ ਤੋਂ ਕੱਢਣ ਤੋਂ ਪਹਿਲਾਂ ਨੋਟਿਸ ਦੇਣਾ ਵੀ ਜ਼ਰੂਰੀ ਨਹੀਂ ਸਮਝਿਆ ਗਿਆ।
Photo
ਸੂਤਰਾਂ ਅਨੁਸਾਰ ਪਹਿਲਾਂ ਕੋਰ ਕਮੇਟੀ ਨੇ ਪਹਿਲਾਂ ਦੋਵਾਂ ਖਿਲਾਫ਼ ਦੋਸ਼ ਪੱਤਰ ਜਾਰੀ ਕਰਨ ਦਾ ਫ਼ੈਸਲਾ ਕੀਤਾ ਸੀ ਪਰ ਬਾਅਦ ਵਿਚ ਬਿਨਾਂ ਨੋਟਿਸ ਦੇ ਦੋਵਾਂ ਪਿਓ ਪੁੱਤਰ ਨੂੰ ਬਾਹਰ ਦਾ ਰਸਤਾ ਵਿਖਾ ਦਿਤਾ ਗਿਆ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਪਾਰਟੀ 'ਚੋਂ ਬਿਨਾ ਨੋਟਿਸ ਕੱਢੇ ਜਾਣ ਨੂੰ ਤਾਨਾਸ਼ਾਹੀ ਕਾਰਵਾਈ ਕਰਾਰ ਦੇ ਚੁੱਕੇ ਹਨ।