
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਲੰਧਰ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ ਹਨੀ ਨੂੰ ਪੁੱਛਗਿੱਛ ਲਈ ਜਲੰਧਰ ਦਫਤਰ ਬੁਲਾਇਆ ਸੀ, ਜਿੱਥੇ ਉਸ ਤੋਂ ਕਰੀਬ 7-8 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਤਸੱਲੀਬਖ਼ਸ਼ ਜਵਾਬ ਨਾ ਮਿਲਣ ਕਾਰਨ ਈਡੀ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਦੇਰ ਰਾਤ 1 ਵਜੇ ਦੇ ਕਰੀਬ ਭੁਪਿੰਦਰ ਹਨੀ ਨੂੰ ਮੈਡੀਕਲ ਜਾਂਚ ਲਈ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ। ਹੁਣ ਉਸ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਭੁਪਿੰਦਰ ਹਨੀ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ 18 ਜਨਵਰੀ ਨੂੰ ਈਡੀ ਨੇ ਭੁਪਿੰਦਰ ਹਨੀ ਅਤੇ ਉਸ ਦੇ ਸਾਥੀਆਂ ਦੇ ਮੋਹਾਲੀ ਅਤੇ ਲੁਧਿਆਣਾ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ।
ED arrests Bhupinder Singh Honey in sand mining case
ਇਸ ਦੌਰਾਨ 10 ਕਰੋੜ ਦੀ ਨਕਦੀ, 12 ਲੱਖ ਦੀ ਰੋਲੇਕਸ ਘੜੀ, 21 ਲੱਖ ਦਾ ਸੋਨਾ ਬਰਾਮਦ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਈਡੀ ਨੇ ਦੁਪਹਿਰ 3 ਵਜੇ ਭੁਪਿੰਦਰ ਹਨੀ ਤੋਂ ਪੁੱਛਗਿੱਛ ਸ਼ੁਰੂ ਕੀਤੀ। ਜਿਸ ਵਿਚ ਈਡੀ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਹ ਕਾਰਵਾਈ ਸਾਲ 2018 ਵਿਚ ਦਰਜ ਹੋਏ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਵਿਚ ਕੀਤੀ ਗਈ ਹੈ।
ED arrests Bhupinder Singh Honey in sand mining case
ਇਹ ਮਾਮਲਾ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਵਾਈ ਦੌਰੇ ਦੌਰਾਨ ਰੇਤ ਦੀ ਨਾਜਾਇਜ਼ ਮਾਈਨਿੰਗ ਫੜੇ ਜਾਣ ਤੋਂ ਬਾਅਦ ਹੋਇਆ ਹੈ। ਇਸ ਮਗਰੋਂ ਪੁਲਿਸ ਨੇ ਰੋਪੜ ਥਾਣੇ ਵਿਚ ਆਈਪੀਸੀ ਦੀ ਧਾਰਾ 379, 420, 465, 467, 468, 471 ਅਤੇ ਮਾਈਨਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਸੀ।