
ਪੰਜਾਬ ਵਿਧਾਨ ਸਭਾ ਚੋਣਾਂ 2022
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 3 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 319.29 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
Karuna Raju
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16.5 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.38 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
Dr. Karuna Raju
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1221 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2960 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2247 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1264 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਸਾਰੇ ਹੀ 2832 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 18000 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,77,390 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 85 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।