
Punjab News : ਸਕੂਲਾਂ ’ਚ ਲਗਾਏ ਜਾਣਗੇ ਐਮਰਜੈਂਸੀ ਹੈਲਪਲਾਈਨ ਨੰਬਰ ਅਤੇ ਹਦਾਇਤਾਂ ਵਾਲੇ ਡਿਸਪਲੇ ਬੋਰਡ
Punjab News in Punjabi : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਵਾਸਤੇ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ ਗਏ ਹਨ।
ਅੱਜ ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਨੂੰ ਪੁਲਿਸ-112, ਫਾਇਰ-101, ਐਂਬੂਲੈਂਸ-108, ਮਹਿਲਾ ਹੈਲਪਲਾਈਨ-1091, ਟਰੈਫਿਕ ਹੈਲਪਲਾਈਨ-1073 ਅਤੇ ਚਾਈਲਡ ਹੈਲਪਲਾਈਨ-1098 ਆਦਿ ਵਰਗੇ ਐਮਰਜੈਂਸੀ ਹੈਲਪਲਾਈਨ ਨੰਬਰ ਵਾਲੇ ਡਿਸਪਲੇਅ ਬੋਰਡ ਲਗਾਉਣ ਲਈ ਫੰਡਾਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ ਸਕੂਲ ਵਿੱਚ ਅੱਗ ਲੱਗਣ ਦੀ ਘਟਨਾ ਜਾਂ ਕੁਦਰਤੀ ਆਫ਼ਤ ਦੀ ਸਥਿਤੀ ਵਿੱਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਨਿਕਾਸੀ ਯੋਜਨਾ ਤਿਆਰ ਕਰਨ ਅਤੇ ਲੋੜ ਮੁਤਾਬਕ ਐਮਰਜੈਂਸੀ ਪੈਨਿਕ ਅਲਾਰਮ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲ ਦੇ ਸਟਾਫ ਨੂੰ ਸਕੂਲ ਦੀਆਂ ਇਮਾਰਤਾਂ ਦੀ ਨਿਯਮਤ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਿਜਲੀ ਦੇ ਉਪਕਰਨ ਅਤੇ ਤਾਰਾਂ ਠੀਕ ਸਥਿਤੀ ਵਿੱਚ ਹਨ।
ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਸਿਖਲਾਈ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਮਾਹਿਰਾਂ ਨੂੰ ਬੁਲਾ ਕੇ ਸਕੂਲਾਂ ਵਿੱਚ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਇਹ ਯਕੀਨੀ ਬਣਾਉਣਗੇ ਕਿ ਇਸ ਸਬੰਧੀ ਖਰਚੇ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (ਪੀ.ਐਫ.ਐਮ.ਐਸ.) ਪੋਰਟਲ ਦੇ ਈ.ਏ.ਟੀ. ਮਾਡਿਊਲ ਰਾਹੀਂ ਕੀਤੇ ਜਾਣ ਅਤੇ ਫੰਡਾਂ ਦੀ ਆਨਲਾਈਨ ਨਿਗਰਾਨੀ ਲਈ ਇਸ ਸਬੰਧੀ ਪ੍ਰਬੰਧ ਪੋਰਟਲ 'ਤੇ ਸਮੇਂ ਸਿਰ ਅਪਡੇਟ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਸੁਰੱਖਿਅਤ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਸਟਾਫ ਲਈ ਸੁਰੱਖਿਅਤ ਮਾਹੌਲ ਤੇ ਢੁਕਵੀਂਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮਿਸ਼ਨ 'ਤੇ ਕੰਮ ਕਰ ਰਿਹਾ ਹੈ।
(For more news apart from Disbursement more than Rs 4 crore to schools for natural disaster and emergency measures: Bans News in Punjabi, stay tuned to Rozana Spokesman)