
ਚੰਡੀਗੜ੍ਹ : ਲੰਮੇ ਸਮੇਂ ਤੋਂ ਮੁਅੱਤਲ ਚੱਲ ਰਹੇ ਅਕਾਲੀ ਆਗੂ ਤੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ...
ਚੰਡੀਗੜ੍ਹ : ਲੰਮੇ ਸਮੇਂ ਤੋਂ ਮੁਅੱਤਲ ਚੱਲ ਰਹੇ ਅਕਾਲੀ ਆਗੂ ਤੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਘੁਬਾਇਆ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ। ਅੱਜ ਘੁਬਾਇਆ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।
Resign Letterਘੁਬਾਇਆ ਨੇ ਦੱਸਿਆ ਕਿ ਉਨ੍ਹਾਂ ਦੇ ਲੰਮੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਨਾਲ ਨਾ ਤਾਂ ਕੋਈ ਮੀਟਿੰਗ ਹੋਈ ਹੈ ਅਤੇ ਨਾ ਹੀ ਗੱਲਬਾਤ। ਪਾਰਟੀ ਉਨ੍ਹਾਂ ਨੂੰ ਕਿਸੇ ਸਰਕਾਰੀ ਪ੍ਰੋਗਰਾਮ 'ਚ ਵੀ ਨਹੀਂ ਬੁਲਾਉਂਦੀ। ਇੱਥੇ ਤਕ ਕਿ ਪ੍ਰਧਾਨ ਮੰਤਰੀ ਦੀ ਮਲੋਟ ਰੈਲੀ 'ਚ ਵੀ ਉਨ੍ਹਾਂ ਨੂੰ ਨਹੀਂ ਸੱਦਿਆ ਗਿਆ ਸੀ। ਘੁਬਾਇਆ ਨੇ ਸਵਾਲ ਕੀਤਾ ਕਿ ਜਦੋਂ ਇੰਨੀ ਨਾਰਾਜ਼ਗੀ ਸੀ ਤਾਂ ਉਨ੍ਹਾਂ ਨੂੰ ਪਾਰਟੀ ਤੋਂ ਬਰਖ਼ਾਸਤ ਕਿਉਂ ਨਹੀਂ ਕੀਤਾ ਜਾ ਰਿਹਾ?
ਘੁਬਾਇਆ ਨੇ ਆਪਣੇ ਅਸਤੀਫ਼ੇ ਵਿੱਚ ਕਿਹਾ ਹੈ ਕਿ ਉਹ ਪਾਰਟੀ ਦੀਆਂ ਗ਼ਲਤ ਨੀਤੀਆਂ ਕਰ ਕੇ ਅਸਤੀਫ਼ਾ ਦੇ ਰਹੇ ਹਨ।
Sher Singh Ghubayaਘੁਬਾਇਆ ਨੇ ਦੱਸਿਆ ਕਿ ਆਉਣ ਵਾਲੇ ਸਮੇਂ 'ਚ ਛੇਤੀ ਹੀ ਉਸ ਕਿਸੇ ਵਧੀਆ ਪਾਰਟੀ ਨਾਲ ਜੁੜਨਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮਾਝੇ ਦੇ ਕਈ ਸੀਨੀਅਰ ਆਗੂ ਵੀ ਅਕਾਲੀ ਦਲ ਬਾਦਲ ਤੋਂ ਵੱਖ ਹੋ ਚੁੱਕੇ ਹਨ। ਇਹ ਆਗੂ ਸੁਖਬੀਰ ਸਿੰਘ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਉਤੇ ਸਵਾਲ ਚੁੱਕਦੇ ਰਹੇ ਹਨ। ਲੋਕ ਸਭਾ ਚੋਣਾਂ ਦੇ ਨੇੜੇ ਘੁਬਾਇਆ ਦਾ ਪਾਰਟੀ ਤੋਂ ਵੱਖ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਉਧਰ ਘੁਬਾਇਆ ਦੇ ਅਸਤੀਫ਼ੇ ਦੀ ਖ਼ਬਰ ਆਉਂਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈੱਸ ਬਿਆਨ ਜਾਰੀ ਹੋ ਗਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਨ 'ਚ ਦੱਸਿਆ ਕਿ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰ ਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਫਾਰਗ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਦੋ ਵਾਰ ਅਕਾਲੀ ਦਲ ਦੇ ਐਮ.ਐਲ.ਏ. ਅਤੇ ਦੋ ਵਾਰ ਫ਼ਿਰੋਜ਼ਪੁਰ ਤੋਂ ਅਕਾਲੀ ਦਲ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ।