ਬਹਿਬਲ ਗੋਲੀਕਾਂਡ ਮਾਮਲੇ 'ਚ ਵੀ ਜਲਦ ਚਲਾਨ ਅਦਾਲਤ 'ਚ ਪੇਸ਼ ਕੀਤੇ ਜਾਣਗੇ
ਫਰੀਦਕੋਟ - ਬਹਿਬਲ ਕਲਾਂ ਇਨਸਾਫ਼ ਮੋਰਚਾ ਪਿਛਲੇ ਕਰੀਬ ਇਕ ਸਾਲ ਤੋਂ ਚੱਲ ਰਿਹਾ ਹੈ ਤੇ ਪਿਛਲੇ ਦਿਨੀਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਐੱਸਆਈਟੀ ਨੇ ਚਾਰਜਸ਼ੀਟ ਪੇਸ਼ ਕੀਤੀ ਸੀ ਜਿਸ ਤੋਂ ਬਾਅਦ ਕਿਤੇ ਨਾ ਕਿਤੇ ਸਿੱਖ ਜਥੇਬੰਦੀਆਂ ਵਿਚ ਇਨਸਾਫ਼ ਦੀ ਆਸ ਬਣੀ ਹੈ। ਇਸ ਦੇ ਚੱਲਦਿਆਂ ਅੱਜ ਬਹਿਬਲ ਕਲਾਂ ਇਨਸਾਫ਼ ਮੋਰਚੇ ਵੱਲੋਂ ਸ਼ੁਕਰਾਨੇ ਦਾ ਸਮਾਗਮ ਕਰਵਾਇਆ ਗਿਆ ਸੀ। ਇਸ ਸਮਾਗਮ 'ਚ ਜਿਥੇ ਵੱਖ -ਵੱਖ ਜਥੇਬੰਦੀਆਂ ਦੇ ਆਗੂ ਪਹੁੰਚੇ ਉੱਥੇ ਹੀ ਪੰਜਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਇਸ ਸਮਾਗਮ ਵਿਚ ਸ਼ਿਰਕਤ ਕੀਤੀ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੋ ਵਾਅਦਾ ਅਸੀਂ ਮੋਰਚੇ ਨਾਲ ਕਰ ਕੇ ਗਏ ਸੀ, ਉਸ ਨੂੰ ਸਮਾਂ ਜ਼ਰੂਰ ਲੱਗਾ ਪਰ ਪੂਰਾ ਕਰ ਵਿਖਾਇਆ ,ਹੁਣ ਅਦਾਲਤਾਂ ਦਾ ਕੰਮ ਹੈ ਇਨਸਾਫ਼ ਕਰਨਾ। ਉਧਰ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਸਰਕਾਰ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਸਬੰਧੀ ਸਾਰੇ ਆਰੋਪੀਆਂ ਖਿਲਾਫ਼ ਚਲਾਣ ਪੇਸ਼ ਕੀਤੇ ਜਾ ਚੁੱਕੇ ਹਨ ਅਤੇ ਬਹਿਬਲ ਗੋਲੀਕਾਂਡ ਮਾਮਲੇ 'ਚ ਵੀ ਜਲਦ ਚਲਾਨ ਅਦਾਲਤ 'ਚ ਪੇਸ਼ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਵੱਲੋਂ ਪੂਰਾ ਭਰੋਸਾ ਦਿੱਤਾ ਗਿਆ ਹੈ ਕਿ ਬੇਅਦਬੀ ਦੇ ਮਾਮਲਿਆਂ 'ਚ ਅਦਾਲਤਾਂ 'ਚ ਪੈਰਵਾਈ ਕਰਨ ਲਈ ਜੇ ਲੋੜ ਪਈ ਤਾਂ ਸੁਪਰੀਮ ਕੋਰਟ ਤੋਂ ਵੀ ਵਕੀਲ ਬੁਲਾਏ ਜਾਣਗੇ ਪਰ ਇਨਸਾਫ਼ ਜ਼ਰੂਰ ਹੋਵੇਗਾ, ਜੋ ਵੀ ਦੋਸ਼ੀ ਹੋਣਗੇ ਉਹਨਾਂ ਨੂੰ ਕਨੂੰਨ ਮੁਤਾਬਿਕ ਸਜ਼ਾਵਾਂ ਮਿਲਣਗੀਆਂ।
ਸੁਖਰਾਜ ਸਿੰਘ ਨਿਆਮੀਵਾਲਾ ਨੇ ਇਸ ਮੌਕੇ ਦੱਸਿਆ ਕਿ ਇਨਸਾਫ਼ ਮੋਰਚਾ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ ,ਜਦੋਂ ਤੱਕ ਬਹਿਬਲ ਗੋਲੀਕਾਂਡ ਮਾਮਲੇ 'ਚ ਚਲਾਣ ਪੇਸ਼ ਨਹੀਂ ਹੁੰਦਾ ,ਉਸ ਤੋਂ ਬਾਅਦ ਫ਼ੈਸਲਾ ਲਿਆ ਜਾਵੇਗਾ ਕਿ ਮੋਰਚਾ ਖ਼ਤਮ ਹੋਵੇਗਾ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਕੱਲ੍ਹ ਨੂੰ ਇਨਸਾਫ ਮੋਰਚੇ ਤੋਂ ਕਾਫ਼ਲਾ ਸ੍ਰੀ ਅੰਮ੍ਰਿਤਸਰ ਸਾਹਿਬ ,ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਸ਼ੁਕਰਾਨਾ ਕਰੇਗਾ।