
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਚੰਡੀਗੜ੍ਹ ਸ਼ਹਿਰ ਅਤੇ ਦੋ ਪ੍ਰਦੇਸ਼ਾਂ ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਦੇ ਕਾਫ਼ੀ ਲੰਮੇ ਸਮੇਂ ਤੋਂ ਲਮਕਦੇ ਅਤੇ.....
ਚੰਡੀਗੜ੍ਹ, 22 ਜੁਲਾਈ (ਸਰਬਜੀਤ ਢਿੱਲੋਂ) : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਚੰਡੀਗੜ੍ਹ ਸ਼ਹਿਰ ਅਤੇ ਦੋ ਪ੍ਰਦੇਸ਼ਾਂ ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਦੇ ਕਾਫ਼ੀ ਲੰਮੇ ਸਮੇਂ ਤੋਂ ਲਮਕਦੇ ਅਤੇ ਜਾਇਜ਼ ਮਸਲਿਆਂ ਦੇ ਨਿਪਟਾਰਿਆਂ ਲਈ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਇਕ ਵਿਸ਼ੇਸ਼ ਮੀਟਿੰਗ ਬੁਲਾਉਣ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ 14 ਜੁਲਾਈ ਨੂੰ ਯੂ.ਟੀ. ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵਲੋਂ ਸੱਦੀ ਗਈ ਪ੍ਰਸ਼ਾਸਕੀ ਸਲਾਹਕਾਰ ਕੌਂਸਲ 'ਚ ਭਾਜਪਾ ਦੇ ਪਾਰਟੀ ਪ੍ਰਧਾਨ ਸੰਜੇ ਟੰਡਨ, ਸੰਸਦ ਮੈਂਬਰ ਕਿਰਨ ਖੇਰ ਅਤੇ ਸਾਬਕਾ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਨਵੇਂ ਬਣੇ ਕਈ ਹੋਰ ਮੈਂਬਰਾਂ ਨੇ ਵੀ ਪਹਿਲੇ ਪ੍ਰਸ਼ਾਸਕ ਸ਼ਿਵਰਾਜ ਪਾਟਿਲ ਦੇ (2012-13) ਕਾਰਜਕਾਲ ਤੋਂ ਲਮਕਦੇ ਆ ਰਹੇ ਮਸਲਿਆਂ ਦਾ ਕੋਈ ਢੁਕਵਾਂ ਹੱਲ ਲੱਭਣ ਲਈ ਗੰਭੀਰ ਵਿਚਾਰ ਵਟਾਂਦਰਾ ਕੀਤਾ ਸੀ। ਦਸਣਯੋਗ ਹੈ ਕਿ ਇਸ ਵਿਚ ਸ਼ਹਿਰ ਦੇ ਵਪਾਰੀਆਂ, ਲੀਜ਼ ਹੋਲਡ, ਪਿੰਡਾਂ ਦਾ ਲਾਲ ਘੇਰਾ ਵਧਾਉਣ, ਟਰਾਂਸਪੋਰਟ ਤੇ ਭਰਤੀਆਂ, ਸਮਾਰਟ ਸਿਟੀ ਪ੍ਰਾਜੈਕਟ ਅਤੇ ਉਦਯੋਗਿਕ ਖੇਤਰ 'ਚ ਨਵੇਂ ਪਲਾਂਟ ਕੱਟਣ, ਤੀਸਰੇ ਫੇਜ਼ ਦਾ ਵਿਕਾਸ ਕਰਨ, ਸਸਤੀ ਜ਼ਮੀਨ ਅਲਾਟ ਕਰਨ ਸਣੇ ਸ਼ਹਿਰ ਦੇ ਵਿਕਾਸ ਲਈ ਅਨੇਕ ਹੋਰ ਮੁੱਦੇ ਕਾਫ਼ੀ ਦੇਰ ਬਾਅਦ ਵਿਚਾਰ ਜਾਣਗੇ, ਜਿਸ ਨਾਲ ਭਾਜਪਾ ਨੂੰ ਆਗਾਮੀ 2019 ਦੀਆਂ ਲੋਕ ਸਭਾ ਚੋਣਾਂ 'ਚ ਸਿਆਸੀ ਲਾਭ ਮਿਲ ਸਕੇਗਾ।
ਪ੍ਰਸ਼ਾਸਨਿਕ ਸੂਤਰਾਂ ਅਨੁਸਾਰ ਮੀਟਿੰਗ 'ਚ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ, ਗ੍ਰਹਿ ਸਕੱਤਰ ਅਨੁਰਾਗ ਅਗਰਵਾਲ, ਮੇਅਰ ਆਸ਼ਾ ਜੱਸਵਾਲ, ਸਲਾਕਹਰ ਪ੍ਰੀਮਲ ਰਾਏ, ਸੰਸਦ ਮੈਂਬਰ ਕਿਰਨ ਖੇਰ, ਭਾਜਪਾ ਪ੍ਰਧਾਨ ਸੰਜੇ ਟੰਡਨ ਸ਼ਾਮਲ ਹੋ ਸਕਦੇ ਹਨ।
ਚੰਡੀਗੜ੍ਹ ਭਾਜਪਾ ਪ੍ਰਧਾਨ ਸੰਜੇ ਟੰਡਨ ਨੇ ਦਸਿਆ ਕਿ ਸ਼ਹਿਰ ਵਾਸੀਆਂ ਨਾਲ ਲੋਕ ਸਭਾ ਚੋਣਾਂ 'ਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਾਫ਼ੀ ਲੰਮੇ ਸਮੇਂ ਤੋਂ ਲਮਕਦੇ ਆ ਰਹੇ ਗੰਭੀਰ ਤੇ ਵਿਕਾਸ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਜ਼ੋਰ ਪਾਇਆ ਜਾ ਰਿਹਾ ਹੈ।
ਚੰਡੀਗੜ੍ਹ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਅਰੁਣ ਮਹਾਜਨ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਉਦਯੋਗਿਕ ਪਾਲਿਸੀ ਨੂੰ ਬਣਾਏ 2 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪ੍ਰੰਤੂ ਉਨ੍ਹਾਂ ਦੇ ਮਸਲੇ ਜਿਉਂ ਦੇ ਤਿਉਂ ਕਾਇਮ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਕੋਲ ਹੁਣ ਮੌਕਾ ਹੈ ਕਿ ਉਹ ਚੁਣਾਵੀ ਵਾਅਦਿਆਂ ਨੂੰ ਪੂਰਾ ਕਰੇ।
ਸੰਸਦ ਮੈਂਬਰ ਕਿਰਨ ਖੇਰ ਨੇ ਕਿਹਾ ਕਿ ਉਨ੍ਹਾਂ ਵਲੋਂ ਕਾਫ਼ੀ ਲੰਮੇ ਸਮੇਂ ਤੋਂ ਸ਼ਹਿਰ ਦੇ ਲਮਕਦੇ ਮਸਲਿਆਂ ਦੇ ਹੱਲ ਲਈ ਕੇਂਦਰ ਨੂੰ ਜ਼ੋਰ ਪਾਇਆ ਜਾ ਰਿਹਾ ਹੈ।