
'ਆਪ' ਸਰਕਾਰ ਦੇ ਮੁਕਾਬਲੇ ਲਈ ਤਿਆਰ ਰਹਿਣ ਕਾਂਗਰਸੀ ਵਰਕਰ : ਰਾਜਾ ਵੜਿੰਗ
ਸਾਬਕਾ ਵਿਧਾਇਕ ਜਲਾਲਪੁਰ ਦੇ ਘਰ ਪੁੱਜੀ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ
ਸ਼ੰਭੂ/ਘਨੌਰ, 3 ਮਈ (ਰਾਜਿੰਦਰ ਮੋਹੀ) : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਨੇ ਇਕ ਵਾਰ ਫਿਰ ਸੂਬੇ ਵਿਚ ਅਪਣੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿਤੀ ਹੈ | ਹਾਲ ਹੀ ਵਿਚ ਹੋਏ ਬਦਲਾਅ ਤੋਂ ਬਾਅਦ ਪਾਰਟੀ ਨੇ ਸੂਬੇ ਵਿਚ ਅਪਣੇ ਵਰਕਰਾਂ ਵਿਚ ਜੋਸ਼ ਭਰਨ ਲਈ ਮੁਹਿੰਮ ਸ਼ੁਰੂ ਕਰ ਦਿਤੀ ਹੈ | ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨੂੰ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦਾ ਮੁਕਾਬਲਾ ਕਰਨ ਲਈ ਤਿਆਰ ਰਹਿਣ ਲਈ ਕਿਹਾ ਹੈ | ਅੱਜ ਉਹ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਗ੍ਰਹਿ ਵਿਖੇ ਪੁੱਜੇ ਹੋਏ ਸਨ ਇਸ ਉਪਰੰਤ ਉਨ੍ਹਾਂ ਵਲੋਂ ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ਅਤੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਮੱਥਾ ਵੀ ਟੇਕਿਆ ਗਿਆ | ਵਿਧਾਇਕ ਮਦਨ ਲਾਲ ਜਲਾਲਪੁਰ ਦੀ ਰਿਹਾਇਸ਼ 'ਤੇ ਵੱਡੀ ਗਿਣਤੀ ਇਕੱਠੇ ਹੋਏ ਕਾਂਗਰਸੀ ਵਰਕਰਾਂ ਦੀ ਸ਼ਲਾਘਾ ਕਰਦਿਆਂ ਰਾਜਾ ਵੜਿੰਗ ਕਿਹਾ ਕਿ 'ਆਪ' ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਕਾਂਗਰਸ ਦੀ ਭੂਮਿਕਾ ਅਹਿਮ ਹੈ ਤੇ ਇਸ ਸਰਕਾਰ 'ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਦਬਾਅ ਬਣਾਇਆ ਜਾਣਾ ਚਾਹੀਦਾ ਹੈ, ਜੋ ਆਪ ਸੱਭ ਦੇ ਸਾਥ ਸਦਕਾ ਹੀ ਸੰਭਵ ਹੈ |
ਇਸ ਮੌਕੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਕ ਮਹੀਨੇ ਵਿਚ ਹੀ ਫੇਲ੍ਹ ਹੋ ਚੁੱਕੀ ਹੈ ਜਿਸ ਦੀ ਮਿਸਾਲ ਪੰਜਾਬ ਵਿਚ ਆਏ ਦਿਨ ਵਾਪਰ ਰਹੀਆਂ ਹਿੰਸਕ ਘਟਨਾਵਾਂ ਤੋਂ ਮਿਲ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਹੀਂ ਸਗੋਂ ਜੋ ਚੋਰੀ-ਚੋਰੀ ਪੰਜਾਬ ਦੀ ਬੋਲੀ ਲਗਾ ਰਹੇ ਹਨ | ਜਲਾਲਪੁਰ ਨੇ ਕਿਹਾ ਕਿ ਕਾਂਗਰਸ ਅਜਿਹਾ ਕਦੇ ਵੀ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਦੇ ਹਿਤਾਂ ਦੀ ਡਟ ਕੇ ਰਾਖੀ ਕਰੇਗੀ |
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਊਟਸਰ, ਯੂਥ ਆਗੂ ਮੋਹਿਤ ਮਹਿੰਦਰਾ ਹਰਿੰਦਰਪਾਲ ਸਿੰਘ ਹੈਰੀ ਮਾਨ, ਸਾਬਕਾ ਵਿਧਾਇਕ ਕਾਕਾ ਰਾਜਿੰਦਰ ਸਿੰਘ, ਸਾਬਕਾ ਮੇਅਰ ਵਿਸ਼ਨੂੰ ਸ਼ਰਮਾ, ਬੀਬੀ ਅਮਰਜੀਤ ਕੌਰ ਜਲਾਲਪੁਰ, ਅੱਛਰ ਸਿੰਘ ਭੇਡਵਾਲ ਅਤੇ ਦੀਦਾਰ ਸਿੰਘ ਦੌਣ ਕਲਾਂ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ |