
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗ੍ਰਹਿ ਮੰਤਰੀ ਨੂੰ ਕਿਹਾ ਹੈ ਕਿ ਉਹਨਾਂ ਦੇ ਪੁੱਤਰ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ।
ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗ੍ਰਹਿ ਮੰਤਰੀ ਨੂੰ ਕਿਹਾ ਹੈ ਕਿ ਉਹਨਾਂ ਦੇ ਪੁੱਤਰ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ। ਕਾਤਲਾਂ ਨੂੰ ਫੜਨ 'ਚ ਕੇਂਦਰ ਸਰਕਾਰ ਮਦਦ ਕਰੇ।
Sidhu Moose Wala’s family met Union Home Minister Amit Shah in Chandigarh
ਇਸ ਮੌਕੇ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਰ ਅਤੇ ਸੰਸਦ ਮੈਂਬਰ ਕਿਰਨ ਖੇਰ ਵੀ ਉੱਥੇ ਮੌਜੂਦ ਰਹੇ। ਬੀਤੇ ਦਿਨੀਂ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਪੁੱਤਰ ਦੇ ਕਤਲ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਸੀ।
ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਕੀਤੀ ਅਪੀਲ
ਮੁਲਾਕਾਤ ਮਗਰੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਲੋਕਾਂ ਨੂੰ ਅਪੀਲ ਕੀਤੀ। ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਜੋ ਕੁਝ ਗੱਲਾਂ ਚੱਲ ਰਹੀਆਂ ਹਨ, ਉਹ ਦੇਖ ਕੇ ਮਨ ਬਹੁਤ ਦੁਖੀ ਹੋਇਆ। ਬਲਕੌਰ ਸਿੰਘ ਨੇ ਕਿਹਾ ਕਿ ਅਜੇ ਮੇਰੇ ਪੁੱਤ ਦਾ ਸਿਵਾ ਠੰਢਾ ਵੀ ਨਹੀਂ ਹੋਇਆ। ਮੇਰਾ ਕੋਈ ਚੋਣ ਲੜਨ ਦਾ ਮਨ ਨਹੀਂ ਹੈ। ਦੁੱਖ ਵਿਚ ਸਾਥ ਦੇਣ ਲਈ ਧੰਨਵਾਦ। ਇਸ ਦੇ ਨਾਲ ਹੀ ਉਹਨਾਂ ਨੇ ਸਾਰਿਆਂ ਨੂੰ 8 ਜੂਨ ਨੂੰ ਸਿੱਧੂ ਮੂਸੇਵਾਲਾ ਦੇ ਭੋਗ ਵਿਚ ਆਉਣ ਦਾ ਸੱਦਾ ਵੀ ਦਿੱਤਾ।