
ਗਸ਼ਤ ਦੌਰਾਨ ਪੁਲਿਸ ਨੇ ਕੀਤੀ ਕਾਰਵਾਈ
ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਵਿਚ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 115 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।
ਪਹਿਲੇ ਮਾਮਲੇ 'ਚ ਥਾਣਾ ਗੁਰੂਹਰਸਹਾਏ ਦੇ ਏ.ਐੱਸ.ਆਈ ਰੇਸ਼ਮ ਸਿੰਘ ਨੇ ਦਸਿਆ ਕਿ ਉਹ ਪੁਲਿਸ ਪਾਰਟੀ ਨਾਲ ਲਗਾਤਾਰ ਗਸ਼ਤ 'ਤੇ ਸਨ। ਵਿਸ਼ਵਕਰਮਾ ਚੌਂਕ ਕੋਲ ਪਹੁੰਚਣ 'ਤੇ ਮੁਖਬਰ ਨੇ ਇਤਲਾਹ ਦਿਤੀ ਕਿ ਪਿੰਡ ਜਵਾਏ ਸਿੰਘ ਵਾਲਾ ਦਾ ਰਹਿਣ ਵਾਲਾ ਕੇਬਲ ਹੈਰੋਇਨ ਵੇਚਣ ਦਾ ਆਦੀ ਹੈ। ਸੂਚਨਾ ਦੇ ਆਧਾਰ 'ਤੇ ਕੇਬਲ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਦੂਜੇ ਮਾਮਲੇ ਵਿਚ ਥਾਣਾ ਮੱਖੂ ਦੇ ਇੰਸਪੈਕਟਰ ਮਨਜੀਤ ਸਿੰਘ ਨੇ ਦਸਿਆ ਕਿ ਪਿੰਡ ਸ਼ੇਰਾ ਮੰਡੇਰ ਨੇੜੇ ਇਕ ਔਰਤ ਨੂੰ ਪੈਦਲ ਆਉਂਦੇ ਦੇਖਿਆ ਗਿਆ। ਪੁਲਿਸ ਨੂੰ ਦੇਖ ਕੇ ਉਹ ਡਰ ਗਈ। ਉਸ ਨੇ ਪਿੱਛੇ ਮੁੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਸ਼ੱਕ ਪੈਣ ’ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਔਰਤ ਦੀ ਪਛਾਣ ਸ਼ੇਰਾ ਮੰਡੇਰ ਵਾਸੀ ਸੋਮਾ ਵਜੋਂ ਹੋਈ ਹੈ।
ਜਦਕਿ ਤੀਜਾ ਮਾਮਲਾ ਵੀ ਮੱਖੂ ਥਾਣੇ ਦਾ ਹੈ। ਜਿਸ ਸਬੰਧੀ ਏ.ਐਸ.ਆਈ ਬਲਵਿੰਦਰ ਸਿੰਘ ਨੇ ਦਸਿਆ ਕਿ ਗਸ਼ਤ ਦੌਰਾਨ ਮੁਖਬਰ ਨੇ ਇਤਲਾਹ ਦਿਤੀ ਕਿ ਮੱਖੂ ਸ਼ਹਿਰ ਦੇ ਵਾਰਡ ਨੰਬਰ 8 ਦਾ ਰਹਿਣ ਵਾਲਾ ਬੇਅੰਤ ਸਿੰਘ ਹੈਰੋਇਨ ਵੇਚਣ ਦਾ ਆਦੀ ਹੈ। ਸੂਚਨਾ ਦੇ ਆਧਾਰ 'ਤੇ ਮੁਲਜ਼ਮ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।