ਗਲੋਬਲ ਬਿਜ਼ਨਸ ਪਾਰਕ 'ਚ ਚੱਲ ਰਹੀ ਸੀ ਠੱਗੀ ਦੀ ਖੇਡ, ਪੁਲਿਸ ਨੇ 5 ਕੰਪਿਊਟਰ ਅਤੇ ਲੈਪਟਾਪ ਕੀਤੇ ਬਰਾਮਦ
ਜ਼ੀਰਕਪੁਰ: ਜ਼ੀਰਕਪੁਰ ਪੁਲਿਸ ਨੇ ਗਲੋਬਲ ਬਿਜ਼ਨਸ ਪਾਰਕ ਵਿੱਚ ਚੱਲ ਰਹੇ ਇੱਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕਰਦੇ ਹੋਏ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਮੁਲਜ਼ਮ "ਹੋਮਟਾਊਨ ਟ੍ਰੈਵਲ" ਦੇ ਨਾਮ 'ਤੇ ਕਾਲ ਸੈਂਟਰ ਚਲਾ ਕੇ ਵਿਦੇਸ਼ੀ ਨਾਗਰਿਕਾਂ ਨੂੰ ਟ੍ਰੈਵਲ ਏਜੰਟ ਬਣ ਕੇ ਠੱਗੀ ਦਾ ਸ਼ਿਕਾਰ ਬਣਾ ਰਹੇ ਸਨ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਫਰਜ਼ੀ ਪਛਾਣ ਅਤੇ ਗੁੰਮਰਾਹਕੁੰਨ ਜਾਣਕਾਰੀ ਦੀ ਵਰਤੋਂ ਕਰਕੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਲੋਕਾਂ ਨਾਲ ਸੰਪਰਕ ਕਰਦੇ ਸਨ ਅਤੇ ਉਨ੍ਹਾਂ ਨੂੰ ਵੱਖ-ਵੱਖ ਟ੍ਰੈਵਲ ਸੇਵਾਵਾਂ ਦੇ ਨਾਮ 'ਤੇ ਆਪਣੇ ਜਾਲ ਵਿੱਚ ਫਸਾ ਕੇ ਪੈਸੇ ਐਂਠਦੇ ਸਨ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਛਾਪੇਮਾਰੀ ਦੌਰਾਨ ਪੁਲਿਸ ਨੇ ਮੌਕੇ ਤੋਂ ਪੰਜ ਕੰਪਿਊਟਰ, ਇੱਕ ਲੈਪਟਾਪ ਅਤੇ ਹੋਰ ਡਿਜੀਟਲ ਉਪਕਰਣ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਥਾਣਾ ਇੰਚਾਰਜ ਜ਼ੀਰਕਪੁਰ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਉਨ੍ਹਾਂ ਨੂੰ ਰਿਮਾਂਡ 'ਤੇ ਲੈ ਕੇ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾਵੇਗੀ। ਖ਼ਦਸ਼ਾ ਹੈ ਕਿ ਰਿਮਾਂਡ ਦੌਰਾਨ ਇਸ ਠੱਗੀ ਰੈਕੇਟ ਨਾਲ ਜੁੜੇ ਕਈ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ। ਪੁਲਿਸ ਇਹ ਵੀ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਇਸ ਗਿਰੋਹ ਨੇ ਹੁਣ ਤੱਕ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਅਤੇ ਠੱਗੀ ਦੀ ਕੁੱਲ ਰਕਮ ਕਿੰਨੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਭਾਲ ਵੀ ਜਾਰੀ ਹੈ।
