
ਵਿਛੜੀਆਂ ਰੂਹਾਂ ਨੂੰ ਦਿਤੀ ਸ਼ਰਧਾਂਜਲੀ, ਜ਼ਖ਼ਮੀਆਂ ਦੀ ਸਿਹਤਯਾਬੀ ਲਈ ਕੀਤੀ ਅਰਦਾਸ
ਅੰਮ੍ਰਿਤਸਰ, 3 ਜੁਲਾਈ (ਕਿ੍ਰਸ਼ਨ ਸਿੰਘ ਦੁਸਾਂਝ, ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਕਰ ਕੇ ਪਰਤ ਰਹੀਆਂ ਸਿੱਖ ਸੰਗਤਾਂ ਦੀ ਗੱਡੀ ਹਾਦਸਾ ਗ੍ਰਸਤ ਹੋਣ ਨਾਲ ਦੋ ਦਰਜਨ ਦੇ ਕਰੀਬ ਸ਼ਰਧਾਲੂਆਂ ਦੀ ਮੌਤ ਹੋ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ , ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕਤਰ ਡਾ : ਰੂਪ ਸਿੰਘ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਮਾਨਵ ਰਹਿਤ ਫ਼ਾਟਕ ’ਤੇ ਇਹ ਹਾਦਸਾ ਵਾਪਰਿਆ ਹੈ।
Gobind Singh Longowal
ਇਹ ਇਕ ਵੱਡੀ ਅਣਗਹਿਲੀ ਕਾਰਨ ਹੋਇਆ ਹੈ, ਜਿਸ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਦਾ ਜਾਨੀ ਨੁਕਸਾਨ ਹੋਣਾ ਬੇਹੱਦ ਦੁਖਦਾਈ ਹੈ, ਜਿਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਭੇਟ ਕਰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ।