
ਫਾਇਰ ਸਰਵਿਸਜ਼ ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ ਲੈ ਚੁੱਕਾ ਸੀ 1,70,000 ਰੁਪਏ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਲਵਲੀ ਸਿੰਘ ਵਾਸੀ ਪਿੰਡ ਸ਼ੇਰਪੁਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ
ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਅਧਿਕਾਰੀ ਉਸ ਨੂੰ ਅੱਗ ਬੁਝਾਊ (ਫਾਇਰ ਸਰਵਿਸਜ਼) ਵਿਭਾਗ ਵਿਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਹੁਣ ਉਸ ਨੇ ਸ਼ਿਕਾਇਤਕਰਤਾ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਲਈ 12,500 ਰੁਪਏ ਦੀ ਹੋਰ ਮੰਗ ਕੀਤੀ।
ਇਹ ਵੀ ਪੜ੍ਹੋ: ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਸਿੰਘ ਬੈਂਸ
ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ ਫਾਇਰ ਅਫ਼ਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 12,500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਸਬ ਫਾਇਰ ਅਫ਼ਸਰ ਵਿਰੁਧ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।