
Punjab News : ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ ਬਰ ਤਿਆਰ ਰਹਿਣ ਦੀ ਦਿੱਤੀ ਹਦਾਇਤ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਮੁੱਖ ਸਕੱਤਰ, ਜਲ ਸਰੋਤ ਨੇ ਦੱਸਿਆ ਕਿ ਮੌਜੂਦਾ ਸਮੇਂ ਭਾਖੜਾ ਡੈਮ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਨਾਲੋਂ 8 ਫੁੱਟ ਘੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਪਿਛਲੇ ਸਾਲ ਨਾਲੋਂ 30 ਫੁੱਟ ਅਤੇ ਰਣਜੀਤ ਸਾਗਰ ਡੈਮ ਦਾ ਪੱਧਰ 34 ਫੁੱਟ ਘੱਟ ਹੈ।
ਇਸ ਮੌਕੇ ਸ੍ਰੀ ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰੋਕੂ ਕਾਰਜ ਤਸੱਲੀਬਖ਼ਸ਼ ਢੰਗ ਨਾਲ ਪੂਰੇ ਕੀਤੇ ਗਏ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਪੂਰੇ ਮਾਨਸੂਨ ਸੀਜ਼ਨ ਦੌਰਾਨ ਪਿੰਡਾਂ ਵਿੱਚ ਸੰਵੇਦਨਸ਼ੀਲ ਥਾਵਾਂ ਦੇ ਨੇੜਲੀ ਵਸੋਂ ਦੇ ਨਿਰੰਤਰ ਸੰਪਰਕ ਵਿੱਚ ਰਹਿਣ ਦੇ ਵੀ ਨਿਰਦੇਸ਼ ਦਿੱਤੇ।
ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸੀਵਰੇਜ ਸਿਸਟਮ ਦੀ ਸਫ਼ਾਈ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਨੂੰ ਪਾਣੀ ਕੱਢਣ ਵਾਲੇ ਪੰਪਾਂ ਦੇ ਨਾਲ ਜੈਨਸੈੱਟ ਦੀ ਵਿਵਸਥਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰਾਂ ਨੂੰ ਵਾਟਰ ਪੰਪਿੰਗ ਸਟੇਸ਼ਨਾਂ 'ਤੇ ਜਨਰੇਟਰਾਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨਾਲ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਮੀਂਹ ਦੇ ਦਿਨਾਂ ਦੌਰਾਨ ਬਿਜਲੀ ਸਪਲਾਈ ਵਿੱਚ ਵਿਘਨ ਨਾ ਪਵੇ।
ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 8.5 ਲੱਖ ਖਾਲੀ ਥੈਲੇ (ਈ.ਸੀ. ਬੈਗ) ਖਰੀਦੇ ਗਏ ਹਨ ਅਤੇ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਉਪਲਬਧ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਪਾਣੀ ਵਾਲੀਆਂ ਥਾਵਾਂ ‘ਚੋਂ ਬਾਹਰ ਕੱਢਣ ਸਬੰਧੀ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਸਾਰੇ ਜ਼ਿਲ੍ਹਿਆਂ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਐਮਰਜੈਂਸੀ ਦੀ ਸਥਿਤੀ ਵਿੱਚ ਮਨੁੱਖਾਂ ਅਤੇ ਪਸ਼ੂ ਧਨ ਲਈ ਸੁਰੱਖਿਅਤ ਸਥਾਨਾਂ (ਸ਼ੈਲਟਰਾਂ) ਦੀ ਪਛਾਣ ਕੀਤੀ ਗਈ ਹੈ।
ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਿਨ-ਰਾਤ ਕੰਮ ਵਿੱਚ ਲੱਗੀ ਰਹੇਗੀ ਤਾਂ ਜੋ ਹੜ੍ਹਾਂ ਕਾਰਨ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।
(For more news apart from The Chief Secretary instructed the Deputy Commissioners to be ready during the monsoon season News in Punjabi, stay tuned to Rozana Spokesman)