
ਜ਼ਹਿਰੀਲੀ ਸ਼ਰਾਬ ਦੁਖਾਂਤ ਵਿਚ ਸ਼ਾਮਲ ਸਾਰੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਹੋਵੇਗੀ
ਚੰਡੀਗੜ੍ਹ, 3 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੂਬੇ ਵਿਚ ਹੋਈਆਂ 100 ਤੋਂ ਵੱਧ ਮੌਤਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ ਅਸਤੀਫ਼ਾ ਦੇਣ ਲਈ ਕਹਿਣਾ, ਇੰਜ ਜਾਪਦਾ ਹੈ ਜਿਵੇਂ ਸੁਖਬੀਰ ਨੂੰ ਖਾਸ ਗੱਲਾਂ ਭੁੱਲਣ ਦੀ ਬਿਮਾਰੀ ਹੋਵੇ । ਇਸ ਸਮੇਂ ਸੁਖਬੀਰ ਬਾਦਲ ਨੂੰ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਅਪਣੀ ਪੀੜੀ੍ਹ ਹੇਠ ਸੋਟਾ ਫੇਰਨ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ। “ਕੀ ਤੁਸੀਂ ਸਿੱਖਾਂ ਦੇ ਸਦੀਵੀ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਉਪਰੰਤ ਅਸਤੀਫ਼ਾ ਦਿਤਾ ਸੀ?
Balbir Singh Sidhu
ਤੁਸੀਂ ਨਿਰਦੋਸ਼ ਪ੍ਰਦਰਸ਼ਨਕਾਰੀਆਂ ਜੋ ਕਿ ਸ਼ਾਂਤਮਈ ਢੰਗ ਨਾਲ ਬੇਅਦਬੀ ਵਿਚ ਸ਼ਾਮਲ ਦੋਸ਼ੀਆਂ ਵਿਰੁਧ ਕਾਰਵਾਈ ਦੀ ਮੰਗ ਕਰ ਰਹੇ ਸਨ, 'ਤੇ ਗੋਲੀ ਚਲਾਉਣ ਦੇ ਆਦੇਸ਼ ਦਿੰਦੇ ਹੋਏ ਇਕ ਵਾਰ ਵੀ ਨਹੀਂ ਸੋਚਿਆ ਸੀ। ਉਨ੍ਹਾਂ ਸੁਖਬੀਰ ਤੋਂ ਪੁਛਿਆ ਕੀ ਤੁਹਾਨੂੰ ਸ਼ਰਮਿੰਦਗੀ ਮਹਿਸੂਸ ਨਹੀਂ ਹੋਈ ਸੀ ਜਦੋਂ ਤੁਸੀਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਾਣੇ ਨਾਲ ਮਿਲਦੀ-ਜੁਲਦੀ ਪੌਸ਼ਾਕ ਪਹਿਨ ਕੇ ਸਵਾਂਗ ਰਚਣ ਦੇ ਘਿਨਾਉਣੇ ਅਪਰਾਧ ਲਈ ਮੁਆਫ਼ ਕਰ ਦਿਤਾ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਬਾਦਲ ਪਰਵਾਰ ਦੇ ਮੈਂਬਰ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਪਾਰਟੀ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਸਿੱਖ ਪੰਥ ਦੇ ਇਕਲੌਤੇ ਵਾਰਸ ਹਨ। ਸੁਖਬੀਰ ਬਾਦਲ ਦੀ ਤਰਨ ਤਾਰਨ ਜ਼ਿਲ੍ਹੇ ਅਤੇ ਅੰਮ੍ਰਿਤਸਰ ਦੇ ਪਿੰਡ ਮੁੱਛਲ ਵਿਚ ਪ੍ਰਭਾਵਤ ਪਰਵਾਰਾਂ ਨਾਲ ਕੀਤੀ ਮੁਲਾਕਾਤ ਨੂੰ ਸਪੱਸ਼ਟ ਤੌਰ 'ਤੇ ਆਮ ਲੋਕਾਂ ਦੇ ਅੱਖਾਂ ਵਿਚ ਘੱਟਾ ਪਾਉਣਾ ਅਤੇ ਮਗਰਮੱਛ ਦੇ ਹੰਝੂ ਵਹਾਉਣਾ ਦਸਦਿਆਂ ਸ. ਸਿੱਧੂ ਨੇ ਕਿਹਾ, ''ਕੀ ਸੁਖਬੀਰ ਨੂੰ ਪੁਲਿਸ ਦੀ ਗੋਲੀਬਾਰੀ ਵਿਚ ਮਾਰੇ ਗਏ ਦੋ ਨੌਜਵਾਨਾਂ ਦੇ ਪਰਵਾਰਾਂ ਨੂੰ ਮਿਲਣ ਦੀ ਫਿਕਰ ਸੀ।''