
ਬਾਈਕ ’ਤੇ ਪਿੰਡ ਪਰਤ ਰਹੇ ਸੀ ਦੋਵੇਂ ਵਿਅਕਤੀ
Moga News : ਮੋਗਾ ਦੇ ਪਿੰਡ ਠੱਠੀ ਭਾਈ ਨੇੜੇ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਿਕ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜ਼ਖਮੀ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਸਮਾਲਸਰ ਥਾਣੇ ਦੇ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮਾੜੀ ਮੁਸਤਫਾ ਦੇ ਰਹਿਣ ਵਾਲੇ ਗੁਰਪ੍ਰੀਤ ਨੇ ਥਾਣਾ ਸਦਰ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ 55 ਸਾਲਾ ਚਾਚਾ ਤੇਜ ਸਿੰਘ ਅਤੇ ਉਸ ਦਾ ਗੁਆਂਢੀ ਗੁਰਵਿੰਦਰ ਸਿੰਘ ਬਾਈਕ ’ਤੇ ਆਪਣੇ ਪਿੰਡ ਮਾੜੀ ਮੁਸਤਫਾ ਨੂੰ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਠੱਠੀ ਭਾਈ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿੱਚ ਤੇਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਗੁਰਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਮਾਲਸਰ ਥਾਣਾ ਪੁਲਸ ਨੇ ਮ੍ਰਿਤਕ ਦੇ ਭਤੀਜੇ ਗੁਰਪ੍ਰੀਤ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਟਰੈਕਟਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।