
ਅਜਿਹੇ ਮੁੱਦਿਆਂ 'ਤੇ ਮੋਦੀ ਸਾਹਮਣੇ ਚੁੱਪ ਕਿਉਂ ਹੋ ਜਾਂਦੇ ਹਨ ਹਰਸਿਮਰਤ ਕੌਰ ਬਾਦਲ- 'ਆਪ'
ਚੰਡੀਗੜ੍ਹ, 4 ਸਤੰਬਰ 2020 - ਆਮ ਆਦਮੀ ਪਾਰਟੀ (ਆਪ) ਨੇ ਜੰਮੂ-ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿਚੋਂ ਬਾਹਰ ਰੱਖਣ ਦਾ ਸਖ਼ਤ ਵਿਰੋਧ ਕਰਦੇ ਹੋਏ ਕੇਂਦਰ ਸਰਕਾਰ 'ਤੇ ਪੰਜਾਬੀ ਨਾਲ ਪੱਖਪਾਤੀ ਰਵੱਈਆ ਅਪਣਾਉਣ ਦਾ ਦੋਸ਼ ਲਗਾਇਆ ਹੈ। 'ਆਪ' ਨੇ ਇਸ ਮੁੱਦੇ 'ਤੇ ਬਾਦਲਾਂ ਨੂੰ ਵੀ ਆੜੇ ਹੱਥੀ ਲਿਆ।
Baljinder Kaur
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਵੱਡੀ ਗਿਣਤੀ 'ਚ ਪੰਜਾਬੀ ਵਸੋਂ ਹੋਣ ਦੇ ਬਾਵਜੂਦ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ 'ਚੋਂ ਬਾਹਰ ਰੱਖਣਾ ਸਰਾਸਰ ਧੱਕਾ ਹੈ।
Punjabi Language
ਜਰਨੈਲ ਸਿੰਘ ਅਤੇ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕਸ਼ਮੀਰੀ, ਡੋਗਰੀ ਅਤੇ ਹਿੰਦੀ ਨੂੰ ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਜੋਂ ਮਾਨਤਾ ਦਿੱਤੇ ਜਾਣ 'ਤੇ ਕੋਈ ਇਤਰਾਜ਼ ਨਹੀਂ ਪਰੰਤੂ ਇਸ ਵਿਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕਰਕੇ ਭਾਜਪਾ ਨੇ ਪੰਜਾਬੀ ਭਾਸ਼ਾ ਦੀ ਤੌਹੀਨ ਅਤੇ ਦੁਨੀਆ ਭਰ 'ਚ ਵੱਸਦੇ ਪੰਜਾਬੀਆਂ ਨੂੰ ਨਿਰਾਸ਼ ਕੀਤਾ ਹੈ।
Narendra Modi
'ਆਪ' ਆਗੂਆਂ ਨੇ ਬਾਦਲ ਪਰਿਵਾਰ ਨੂੰ ਘੇਰਦਿਆਂ ਪੁੱਛਿਆ ਕਿ ਜਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਵੱਲੋਂ ਪੰਜਾਬੀ ਭਾਸ਼ਾ ਸ਼ਾਮਲ ਕੀਤੇ ਬਗੈਰ ਬਿੱਲ ਪ੍ਰਵਾਨ ਕੀਤਾ ਗਿਆ ਉਦੋਂ ਬੀਬੀ ਹਰਸਿਮਰਤ ਕੌਰ ਬਾਦਲ ਚੁੱਪ ਕਿਉਂ ਰਹੇ? 'ਆਪ' ਆਗੂਆਂ ਨੇ ਦੋਸ਼ ਲਗਾਇਆ ਕਿ ਆਪਣੀ ਨੂੰਹ ਰਾਣੀ (ਹਰਸਿਮਰਤ ਕੌਰ) ਦੀ ਕੁਰਸੀ ਲਈ ਬਾਦਲ ਪਰਿਵਾਰ ਨੇ ਪੰਜਾਬੀ ਸਮੇਤ ਪੂਰੇ ਪੰਜਾਬ ਦੇ ਹਿਤ ਬਲੀ ਚੜ੍ਹਾ ਰੱਖੇ ਹਨ।
Harsimrat Badal
'ਆਪ' ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਵੀ ਮਾਨਤਾ ਪ੍ਰਾਪਤ ਸਰਕਾਰੀ ਭਾਸ਼ਾਵਾਂ ਦੀ ਸੂਚੀ 'ਚ ਸਥਾਨ ਅਤੇ ਬਣਦਾ ਸਨਮਾਨ ਦੇਣ। 'ਆਪ' ਆਗੂਆਂ ਨੇ ਹਰਸਿਮਰਤ ਕੌਰ ਬਾਦਲ ਨੂੰ ਵੰਗਾਰਿਆ ਕਿ ਉਹ ਬਤੌਰ ਕੇਂਦਰੀ ਮੰਤਰੀ ਅਤੇ ਮੋਦੀ ਸਰਕਾਰ ਦੇ ਸਿਆਸੀ ਭਾਈਵਾਲਾਂ ਵਜੋਂ ਪੰਜਾਬੀ ਭਾਸ਼ਾ ਨੂੰ ਜੰਮੂ-ਕਸ਼ਮੀਰ 'ਚ ਸਰਕਾਰੀ ਮਾਨਤਾ ਦਿਵਾਉਣ ਜਾ ਫਿਰ ਅਸਤੀਫ਼ਾ ਦੇ ਦੇਣ।