
ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ..........
ਸੁਨਾਮ ਊਧਮ ਸਿੰਘ ਵਾਲਾ : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦੇਵੇਗੀ।ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਕੁੱਝ ਆਪਾ ਬਚਾਊ ਸ਼ਕਤੀਆਂ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ। ਕਾਂਗਰਸ ਨੇ ਹਮੇਸ਼ਾ ਪੰਜਾਬ ਨੂੰ ਬਲਦੀ ਚੋਂ ਕੱਢਕੇ ਬਰਬਾਦ ਹੋਣ ਤੋਂ ਬਚਾਇਆ ਹੈ।
ਬੀਬੀ ਭੱਠਲ ਨੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿਤੇ ਅਸਤੀਫ਼ੇ ਸਬੰਧੀ ਕਿਹਾ ਕਿ ਸਿਹਤ ਠੀਕ ਨਾ ਹੋਣ ਦਾ ਬਹਾਨਾ ਲਾ ਕੇ ਸੀ੍ਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਬਰਗਾੜੀ ਅਤੇ ਬਹਿਬਲਕਲਾਂ ਮਾਮਲੇ ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਪੇਸ਼ ਕੀਤੀ ਰੀਪੋਰਟ ਉੱਪਰ ਹੋਣ ਵਾਲੀ ਕਾਰਵਾਈ ਤੋਂ ਬਚਣ ਲਈ ਅਜਿਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਅਹੁਦਿਆਂ ਨਾਲੋਂ ਰਾਜ ਸਭਾ ਮੈਂਬਰ ਨੂੰ ਦਿੱਲੀ ਜਾ ਕੇ ਮੀਟਿੰਗਾਂ ਵਿਚ ਹਿੱਸਾ ਲੈਣਾ ਪੈਂਦਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਖ਼ਜ਼ਾਨੇ ਦੀ ਮਾੜੀ ਆਰਥਕ ਦਸ਼ਾ ਦੇ ਬਾਵਜੂਦ ਪਹਿਲੇ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਕਰਜ਼ਾ ਮਾਫ਼ ਕਰ ਕੇ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ ਪੂਰਾ ਕੀਤਾ ਹੈ ਜਦਕਿ ਅਕਾਲੀ ਹਮੇਸ਼ਾ ਖਜ਼ਾਨੇ ਨੂੰ ਲੁੱਟਦੇ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਨੌਜਵਾਨਾਂ ਨੂੰ ਸਰਕਾਰੀ ਅਤੇ ਗ਼ੈਰ ਸਰਕਾਰੀ ਅਦਾਰਿਆਂ ਵਿਚ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਹਨ। ਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁਲਕ ਦੀ ਰਾਜਨੀਤੀ ਤੋਂ ਰਾਜਸੀ ਅੰਤ ਆ ਚੁੱਕਾ ਹੈ,
ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਨੋਟਬੰਦੀ ਅਤੇ ਵਸਤੂ ਸੇਵਾ ਕਰ (ਜੀ ਐਸ ਟੀ) ਵਰਗੇ ਲਏ ਫੈਸਲਿਆਂ ਨਾਲ ਹਰ ਕਾਰੋਬਾਰ ਮੰਦੀ ਦੀ ਮਾਰ ਹੇਠ ਆ ਗਿਆ ਹੈ। ਇਸ ਮੌਕੇ ਪੰਜਾਬ ਕਾਂਗਰਸ ਦੀ ਸਪੋਕਸਪਰਸਨ ਅਤੇ ਹਲਕਾ ਇੰਚਾਰਜ਼ ਦਾਮਨ ਥਿੰਦ ਬਾਜਵਾ, ਕਾਂਗਰਸ ਦੇ ਸੂਬਾ ਸਕੱਤਰ ਹਰਮਨਦੇਵ ਸਿੰਘ ਬਾਜਵਾ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ੁਭਾਸ ਗਰੋਵਰ, ਇੰਡਸਟਰੀ ਚੈਂਬਰ ਦੇ ਜ਼ਿਲ੍ਹਾ ਪ੍ਰਧਾਨ ਘਣਸ਼ਾਮ ਕਾਂਸਲ, ਜਗਦੇਵ ਸਿੰਘ ਦੌਲਾ ਸਿੰਘ ਵਾਲਾ, ਬੀਬੀ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਹੈਨਰੀ, ਸੁਰੇਸ਼ ਕੁਮਾਰ ਸਮੇਤ ਹੋਰ ਆਗੂ ਹਾਜ਼ਰ ਸਨ।