
ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਪੀਜੀਆਈ ਰੈਫ਼ਰ
ਕੋਟਕਪੂਰਾ, 3 ਅਕਤੂਬਰ (ਗੁਰਿੰਦਰ ਸਿੰਘ) : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਹਲਕਾ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਕੋਰੋਨਾ ਵਾਇਰਸ ਕਾਰਨ ਤਬੀਅਤ ਵਿਗੜ ਜਾਣ ਦੀ ਖ਼ਬਰ ਮਿਲੀ ਹੈ। ਤਬੀਅਤ ਜ਼ਿਆਦਾ ਖ਼ਰਾਬ ਹੋ ਜਾਣ ਕਾਰਨ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ 'ਚ ਭਰਤੀ ਕਰਾਉਣਾ ਪਿਆ, ਜਿਥੇ ਉਨ੍ਹਾਂ ਦੀ ਸਿਹਤ 'ਚ ਸੁਧਾਰ ਦਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਆਗਮਨ ਪੁਰਬ ਤੋਂ ਪਹਿਲਾਂ ਕਿੱਕੀ ਢਿੱਲੋਂ ਦੇ ਕਈ ਸੁਰੱਖਿਆ ਕਰਮਚਾਰੀ ਕੋਰੋਨਾ ਪੀੜਤ ਪਾਏ ਗਏ ਸਨ। ਦੋ ਕੁ ਦਿਨ ਪਹਿਲਾਂ ਸਾਹ ਲੈਣ 'ਚ ਤਕਲੀਫ਼ ਹੋਣ 'ਤੇ ਪਹਿਲਾਂ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇ ਲਿਜਾਇਆ ਗਿਆ ਤੇ ਬਾਅਦ 'ਚ ਪੀਜੀਆਈ ਚੰਡੀਗੜ੍ਹ ਲਈ ਰੈਫ਼ਰ ਕੀਤਾ ਗਿਆ। ਕਿੱਕੀ ਢਿੱਲੋਂ ਦੇ ਪੀ.ਏ. ਬਲਕਰਨ ਸਿੰਘ ਢਿੱਲੋਂ ਮੁਤਾਬਕ ਉਨ੍ਹਾਂ ਦੀ ਸਿਹਤ 'ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਗੁਰਪ੍ਰੀਤ ਸਿੰਘ ਚੰਦਬਾਜਾ ਪ੍ਰਧਾਨ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਕਿੱਕੀ ਢਿੱਲੋਂ ਦੀ ਸਿਹਤ ਤੰਦਰੁਸਤੀ ਦੀ ਕਾਮਨਾ ਕਰਦਿਆਂ ਆਖਿਆ ਕਿ ਸਰਕਾਰ ਅਤੇ ਵਿਭਾਗ ਦੇ ਦਾਅਵਿਆਂ ਦੇ ਬਾਵਜੂਦ ਵੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਪ੍ਰਬੰਧਾਂ ਦਾ ਇਕ ਵਾਰ ਫਿਰ ਜਨਾਜਾ ਨਿਕਲ ਗਿਆ ਹੈ ਕਿਉਂਕਿ ਪਿਛਲੇ ਦਿਨੀਂ ਵੱਖ ਵੱਖ ਸਮਾਜਸੇਵੀ ਸੰਸਥਾਵਾਂ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਨਾਲ-ਨਾਲ ਕਿੱਕੀ ਢਿੱਲੋਂ ਨੇ ਵੀ ਹਸਪਤਾਲ ਦੇ ਮਾੜੇ ਪ੍ਰਬੰਧਾਂ ਸਬੰਧੀ ਆਵਾਜ਼ ਉਠਾਈ ਸੀ ਪਰ ਇਸ ਦੇ ਬਾਵਜੂਦ ਵੀ ਹਸਪਤਾਲ ਦੇ ਪ੍ਰਬੰਧਾਂ 'ਚ ਕੋਈ ਸੁਧਾਰ ਨਹੀਂ ਹੋਇਆ। ਜਿਸ ਦੀ ਉਦਾਹਰਨ ਪਹਿਲਾਂ ਡਾ. imageਰਾਜ ਬਹਾਦਰ ਵਾਈਸ ਚਾਂਸਲਰ ਖੁਦ ਆਪਣਾ ਕੋਰੋਨਾ ਦਾ ਇਲਾਜ ਕਰਵਾਉਣ ਲਈ ਪੀਜੀਆਈ ਵਿਖੇ ਪੁੱਜੇ ਤੇ ਬੀਤੇ ਕੱਲ ਕਿੱਕੀ ਢਿੱਲੋਂ ਪਹਿਲਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਇਲਾਜ ਕਰਵਾਉਣ ਲਈ ਗਏ ਤੇ ਕੁਝ ਕੁ ਘੰਟਿਆਂ ਬਾਅਦ ਹੀ ਮਾੜੇ ਪ੍ਰਬੰਧਾਂ ਕਰ ਕੇ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਲਿਜਾਣਾ ਪਿਆ।