
Punjab News: ਰੰਜਿਸ਼ ਦੇ ਚਲਦਿਆਂ ਦਿੱਤਾ ਗਿਆ ਵਾਰਦਾਤ ਨੂੰ ਅੰਜਾਮ
Punjab News: ਡੇਰਾਬੱਸੀ ਗੁਜਰਾ ਰੋਡ ’ਤੇ ਦੋ ਨੌਜਵਾਨਾਂ ਨੇ ਮੋਟਰਸਾਈਕਲ ਉੱਤੇ ਇਕ ਔਰਤ ਨੂੰ ਬਿਠਾ ਕੇ ਡੇਰਾਬੱਸੀ ਵਲ ਆ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।
ਮਿਲੀ ਜਾਣਕਾਰੀ ਮੁਤਾਬਕ ਕਤਲ ਕਰਨ ਵਾਲੇ ਔਰਤ ਦੇ ਆਸ਼ਿਕ ਦੱਸੇ ਜਾ ਰਹੇ ਹਨ, ਜਿਨ੍ਹਾਂ ਨੇ ਰੰਜਿਸ਼ ਦੇ ਚਲਦਿਆਂ ਮੋਟਰਸਾਈਕਲ ਸਵਾਰ ਵਿਅਕਤੀ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਹਾਲਤ ਵਿਚ ਕਰਮਜੀਤ ਸਿੰਘ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਡੇਰਾਬੱਸੀ ਵਿਖੇ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਹੈ। ਮ੍ਰਿਤਕ ਦੀ ਪਛਾਣ 40 ਸਾਲਾਂ ਕਰਮਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਰਾਮਪੁਰ ਬਹਾਲ ਡੇਰਾਬਸੀ ਦੇ ਤੌਰ 'ਤੇ ਹੋਈ ਹੈ। ਹਮਲਾਵਰ ਮ੍ਰਿਤਕ ਦੇ ਨੇੜਲੇ ਪਿੰਡ ਸਮਗੋਲੀ ਦੇ ਦੱਸੇ ਜਾ ਰਹੇ ਹਨ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਜਿਨ੍ਹਾਂ ਦੀ ਪੁਲਿਸ ਭਾਲ ਕਰ ਰਹੀ ਹੈ।