ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ
Published : Oct 4, 2025, 8:10 pm IST
Updated : Oct 4, 2025, 8:10 pm IST
SHARE ARTICLE
Instead of cooperating in the progress of Punjab, opposition parties are playing the role of enemies of Punjab: Chief Minister
Instead of cooperating in the progress of Punjab, opposition parties are playing the role of enemies of Punjab: Chief Minister

“ਕੋਈ ਮੁੱਦਾ ਨਾ ਹੋਣ ਕਾਰਨ ਬੁਖਲਾਹਟ ਵਿੱਚ ਆ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ ਵਿਰੋਧੀ”

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਖ਼ਤ ਆਲ਼ੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੌੜੀ ਸੋਚ ਰੱਖੀ ਹੋਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਬੁਖਲਾਹਟ ਵਿੱਚ ਆ ਕੇ ਸਰਕਾਰ ਨੂੰ ਬਦਨਾਮ ਕਰਨ ਦੀਆਂ ਬੇਹੂਦਾ ਕੋਸ਼ਿਸ਼ਾਂ ਕਰ ਰਹੇ ਹਨ ਪਰ ਕਿਸੇ ਵੀ ਮੁੱਦੇ ਦੀ ਘਾਟ ਕਾਰਨ ਬੁਰੀ ਤਰ੍ਹਾਂ ਅਸਫਲ ਰਹੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਰਿਹਾਇਸ਼ 'ਤੇ ਵਾਪਸੀ ਲਈ ਨਜ਼ਰਾਂ ਗੱਡੀ ਬੈਠੇ ਹਨ, ਪਰ ਉਨ੍ਹਾਂ ਦੀ ਕਿਸਮਤ ਰੁੱਸੀ ਹੋਈ ਹੈ ਕਿਉਂਕਿ ਉਨ੍ਹਾਂ ਨੇ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਇੱਛਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ। ਇਕ ਕਲਾਕਾਰ ਵਜੋਂ ਵਿਰੋਧੀ ਧਿਰ ਦੀਆਂ ਰੈਲੀਆਂ ਵਿੱਚ ਸ਼ਾਮਲ ਹੋਣ ਦੇ ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਦੇ ਮਾੜੇ ਕੰਮਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਹੁਣ ਉਨ੍ਹਾਂ ਦੇ ਪਿਛਲੇ ਪਾਪਾਂ ਦਾ ਪਰਦਾਫਾਸ਼ ਕਰਕੇ ਲੋਕਾਂ ਅੱਗੇ ਸਚਾਈ ਦਾ ਖੁਲਾਸਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਪਹਿਲਾਂ ਹੀ ਇਨ੍ਹਾਂ ਸਿਆਸੀ ਆਗੂਆਂ ਨੂੰ ਇਨ੍ਹਾਂ ਦੇ ਗੁਨਾਹਾਂ ਲ਼ਈ ਬਾਹਰ ਦਾ ਰਸਤਾ ਦਿਖਾ ਚੁੱਕੇ ਹਨ ਅਤੇ ਉਹ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਅਤੇ ਹੁਣ ਉਹ ਆਪਣੇ ਪਾਪਾਂ ਦੀ ਕੀਮਤ ਚੁਕਾ ਰਹੇ ਹਨ।

ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਹਨ ਜਿਸ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ ਹੈ ਅਤੇ ਨੌਜਵਾਨ ਪੀੜ੍ਹੀ ਵਿੱਚ ਨਵੀਂ ਉਮੀਦ ਜਗੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਲੋਕਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਹੱਲ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੀ ਹੈ।

ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੇਂਡੂ ਨੌਜਵਾਨਾਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ ਪਿੰਡਾਂ ਵਿੱਚ ਨਵੀਆਂ ਲਾਇਬ੍ਰੇਰੀਆਂ ਅਤੇ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ, "ਮੈਂ ਹੁਣ ਲੋਕਾਂ ਦੇ ਪਿਆਰ ਦਾ ਕਰਜ਼ਾ ਚੁਕਾ ਰਿਹਾ ਹਾਂ।" ਭਗਵੰਤ ਸਿੰਘ ਮਾਨ ਨੇ ਅਨੁਸੂਚਿਤ ਜਾਤੀ ਭਾਈਚਾਰਿਆਂ, ਖੇਤ ਮਜ਼ਦੂਰਾਂ ਅਤੇ ਹੋਰ ਵਰਗਾਂ ਲਈ ਸ਼ੁਰੂ ਕੀਤੀਆਂ ਗਈਆਂ ਕਈ ਭਲਾਈ ਯੋਜਨਾਵਾਂ ਬਾਰੇ ਹੋਰ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਦਾ ਵਿਆਪਕ ਪ੍ਰੋਜੈਕਟ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ ਕਿਉਂਕਿ ਇਹ ਲਿੰਕ ਸੜਕਾਂ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਵਿੱਚ ਬੇਹੱਦ ਸਹਾਈ ਹੁੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਵਿੱਚ ਆਰਥਿਕ ਵਿਕਾਸ ਦਾ ਧੁਰਾ ਹਨ ਕਿਉਂਕਿ ਇਹ ਇੱਕ ਪਾਸੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਉਣ-ਜਾਣ ਵਿੱਚ ਮਦਦ ਕਰਦੀਆਂ ਹਨ ਅਤੇ ਦੂਜੇ ਪਾਸੇ ਵਪਾਰ ਅਤੇ ਕਾਰੋਬਾਰ ਨੂੰ ਹੁਲਾਰਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇਸ ਪ੍ਰੋਜੈਕਟ ਲਈ ਨਿਰਧਾਰਤ ਹਰ ਪੈਸੇ ਦੀ ਜਾਇਜ਼ ਢੰਗ ਨਾਲ ਵਰਤੋਂ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ 48-49 ਪ੍ਰਤੀਸ਼ਤ ਘਟ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ ਅਤੇ ਦੂਜੇ ਰਾਜਾਂ ਨੂੰ ਇਸ ਮਾਡਲ ਨੂੰ ਦੁਹਰਾਉਣ ਦੀ ਅਪੀਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀ ਗਈ ਆਪਣੀ ਕਿਸਮ ਦੀ ਇਹ ਪਹਿਲੀ ਪਹਿਲ ਸੂਬੇ ਦੇ ਇਤਿਹਾਸ ਵਿੱਚ ਇੱਕ ਮੀਲ ਪੱਥਰ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਲਹਿਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਨਵੇਂ ਦਫ਼ਤਰ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਵਿੱਚ 10,000 ਵਰਗ ਫੁੱਟ ਦਾ ਬਿਲਟ-ਅੱਪ ਏਰੀਆ ਹੋਵੇਗਾ ਅਤੇ ਇਹ 2.34 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੰਪਲੈਕਸ ਦੀ ਕੁੱਲ ਲਾਗਤ 4.69 ਕਰੋੜ ਰੁਪਏ ਹੋਵੇਗੀ ਅਤੇ ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਪਲੈਕਸ ਵਿੱਚ ਦੋ ਸਬ-ਡਿਵੀਜ਼ਨਲ ਦਫ਼ਤਰ (ਸ਼ਹਿਰੀ ਲਹਿਰਾਗਾਗਾ ਅਤੇ ਪੇਂਡੂ ਲਹਿਰਾਗਾਗਾ) ਅਤੇ ਇੱਕ ਸ਼ਿਕਾਇਤ ਕੇਂਦਰ ਹੋਵੇਗਾ, ਜਿਸ ਦਾ ਉਦੇਸ਼ ਸਥਾਨਕ ਨਿਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਸੀ ਕਿ ਇੱਕ ਪੀ.ਐਸ.ਪੀ.ਸੀ.ਐਲ. ਦਫ਼ਤਰ ਬਹੁਤ ਪੁਰਾਣੀ ਇਮਾਰਤ ਤੋਂ ਚਲਾਇਆ ਜਾਂਦਾ ਸੀ ਅਤੇ ਦੂਜਾ ਕਿਰਾਏ ਦੀ ਇਮਾਰਤ ਤੋਂ ਚਲਦਾ ਸੀ ਜਿਸ ਕਾਰਨ ਜਨਤਕ ਸੇਵਾਵਾਂ ਅਤੇ ਪ੍ਰਸ਼ਾਸਕੀ ਕੰਮ ਵਿੱਚ ਕਾਫ਼ੀ ਮੁਸ਼ਕਲਾਂ ਆਉਂਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲੋਕ ਇੱਕੋ ਛੱਤ ਹੇਠ ਬਿਜਲੀ ਨਾਲ ਸਬੰਧਤ ਕਈ ਸੇਵਾਵਾਂ ਤੱਕ ਪਹੁੰਚ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਸੂਬੇ ਦੇ ਲਗਭਗ 90 ਫੀਸਦੀ ਪਰਿਵਾਰਾਂ ਨੂੰ ਲਾਭ ਹੋ ਰਿਹਾ ਹੈ ਜੋ ਹੁਣ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚ ਦਿੱਤਾ ਹੈ, ਜੋ ਪਹਿਲਾਂ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਸੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਨਿੱਜੀ ਮਾਲਕੀ ਵਾਲੀ ਜਾਇਦਾਦ ਖਰੀਦੀ ਹੈ ਅਤੇ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ, ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਲਹਿਰਾਗਾਗਾ ਵਿੱਚ 15.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 30 ਜੁਲਾਈ, 2026 ਤੋਂ ਪਹਿਲਾਂ ਪੂਰਾ ਹੋਵੇਗਾ ਅਤੇ ਇਮਾਰਤ ਦਾ ਕਵਰਡ ਏਰੀਆ 51,881 ਵਰਗ ਫੁੱਟ ਹੋਵੇਗਾ। ਉਨ੍ਹਾਂ ਕਿਹਾ ਕਿ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਸਬ-ਰਜਿਸਟਰਾਰ ਦਫ਼ਤਰ, ਸਟਾਫ ਰੂਮ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦਫ਼ਤਰ, ਖਜ਼ਾਨਾ ਦਫ਼ਤਰ, ਲੇਬਰ ਇੰਸਪੈਕਟਰ ਦਫ਼ਤਰ, ਫੂਡ ਸਪਲਾਈ ਦਫ਼ਤਰ ਅਤੇ ਹੋਰ ਸਹੂਲਤਾਂ ਸ਼ਾਮਲ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਵਸਨੀਕ ਇੱਕੋ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement