
ਹੜ੍ਹ ਪ੍ਰਭਾਵਿਤ ਪਿੰਡਾਂ ਦੇ ਗ੍ਰੰਥੀ ਸਿੰਘਾਂ, ਪੁਜਾਰੀਆਂ ਨੂੰ ਵਿੱਤੀ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ
ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਜਸਤਰਵਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹੜ੍ਹਾਂ ਕਾਰਨ ਆ ਰਹੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ।
ਇਸ ਦੌਰਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨੀਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਕੀਤੇ ਐਲਾਨ ਦੇ ਤਹਿਤ ਸ੍ਰੀ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਅਤੇ ਮੰਦਿਰਾਂ ਦੇ ਪੁਜਾਰੀਆਂ ਨੂੰ ਮਹੀਨਾਵਾਰ ਪੰਜ ਹਜ਼ਾਰ ਰੁਪਏ ਵਿੱਤੀ ਸਹਾਇਤਾ ਲਈ ਚੈੱਕ ਤਕਸੀਮ ਕੀਤੇ ਗਏ। ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਲਈ ਪਹਿਲੀ ਕਿਸ਼ਤ ਵਜੋਂ 23 ਚੈਕ ਜਾਰੀ ਕੀਤੇ ਗਏ।
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰਾਂ ਦੇ ਨਾਲ ਪੂਰੀ ਮਦਦ ਲਈ ਖੜ੍ਹਾ ਹੈ ਅਤੇ ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਇਕੱਲਾ ਨਹੀਂ ਛੱਡੇਗਾ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਖ ਵੱਖ ਪਿੰਡਾਂ ਤੋਂ ਹਾਜ਼ਰ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆ ਸੁਣੀਆਂ।
ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕ ਬੜੀ ਤਕਲੀਫ ਵਿੱਚੋਂ ਗੁਜਰ ਰਹੇ ਹਨ, ਸਰਕਾਰ ਸਿਰਫ਼ ਤੇ ਸਿਰਫ਼ ਐਲਾਨਾਂ ਤੱਕ ਸੀਮਤ ਹੈ। ਸਰਕਾਰ ਤੁਰੰਤ ਪ੍ਰਭਾਵ ਨਾਲ ਸਾਰਥਕ ਕਦਮ ਉਠਾਉਂਦੇ ਹੋਏ ਯਕੀਨੀ ਬਣਾਵੇ, ਤਾਂ ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜਤਾਂ ਦੀ ਜ਼ਿੰਦਗੀ ਜਲਦੀ ਮੁੜ ਲੀਹ ’ਤੇ ਆ ਸਕੇ।
ਇਸ ਮੌਕੇ ਸ. ਸੁਰਜੀਤ ਸਿੰਘ ਰੱਖੜਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਤੇਜਿੰਦਰ ਸਿੰਘ ਸੰਧੂ, ਗਿਆਨੀ ਹਰਦੀਪ ਸਿੰਘ, ਪਰਮਪਾਲ ਸਿੰਘ ਸਭਰਾ,ਜਸਬੀਰ ਸਿੰਘ ਘੁੰਮਣ ਅਤੇ ਹਰਜਿੰਦਰ ਸਿੰਘ ਜਿੰਦਾ ਵੀ ਹਾਜ਼ਰ ਰਹੇ।