
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਤਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ ਅਧਿਆਪਕਾਂ ਦਾ ਸਨਮਾਨ: ਸਿੱਖਿਆ ਮੰਤਰੀ
ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025` ਨਾਲ ਸਨਮਾਨ ਕੀਤਾ ਜਾਵੇਗਾ। ਇਸ ਦਾ ਉਦੇਸ਼ ਸੂਬੇ ਦੇ ਸਿੱਖਿਆ ਖੇਤਰ ਵਿੱਚ ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸ਼ਾਨਦਾਰ ਯੋਗਦਾਨ ਨੂੰ ਵਡਿਆਉਣਾ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵਿੱਚ ਮਾਣ ਮਹਿਸੂਸ ਕਰ ਰਹੀ ਹੈ, ਜੋ ਨਾ ਕੇਵਲ ਨੌਜਵਾਨ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹਨ ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਰਾਹਦਸੇਰੇ ਵੀ ਬਣਦੇ ਹਨ।
ਸਟੇਟ ਐਵਾਰਡਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੁੱਲ 55 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚੋਂ 34 ਸੀਨੀਅਰ ਸੈਕੰਡਰੀ ਸਕੂਲਾਂ ਅਤੇ 21 ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹਨ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ (6 ਸੈਕੰਡਰੀ ਅਤੇ 4 ਪ੍ਰਾਇਮਰੀ ਅਧਿਆਪਕ) ਨਾਲ ਸਨਮਾਨਿਤ ਕੀਤਾ ਜਾਵੇਗਾ। ਤਿੰਨ ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਤਿੰਨ ਅਧਿਆਪਕਾਂ ਨੂੰ ਉਨ੍ਹਾਂ ਦੀ ਵਿਲੱਖਣ ਅਗਵਾਈ ਲਈ ਪ੍ਰਬੰਧਕੀ (ਐਡਮਨਿਸਟ੍ਰੇਟਿਵ) ਪੁਰਸਕਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਪੁਰਸਕਾਰ ਜੇਤੂ ਨੂੰ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇੱਕ ਮੈਡਲ, ਸ਼ਾਲ ਅਤੇ ਯੋਗਤਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਸਿੱਖਿਆ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਟੇਟ ਟੀਚਰ ਐਵਾਰਡ ਸਮਾਰੋਹ ਰਾਜ ਸਰਕਾਰ ਦੀ ਅਧਿਆਪਕਾਂ ਦੀ ਕਾਰਗੁਜ਼ਾਰੀ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਨ ਦੀ ਵਚਨਬੱਧਤਾ ਦਾ ਪ੍ਰਮਾਣ ਹੈ ਤਾਂ ਜੋ ਸੂਬੇ ਦੇ ਸਿੱਖਿਆ ਖੇਤਰ ਵਿੱਚ ਉੱਤਮਤਾ ਅਤੇ ਸਮਰਪਣ ਦੇ ਸੱਭਿਆਚਾਰ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਨੈਸ਼ਨਲ ਅਚੀਵਮੈਂਟ ਸਰਵੇ (ਐਨਏਐਸ) 2024, ਜਿਸ ਨੂੰ ਰਾਸ਼ਟਰੀਯ ਪਰਖ ਸਰਵੇਕਸ਼ਣ ਵੀ ਕਿਹਾ ਜਾਂਦਾ ਹੈ, ਵਿੱਚ ਸਾਰੇ ਸੂਬਿਆਂ ਨੂੰ ਪਛਾੜ ਕੇ ਮੋਹਰੀ ਰਿਹਾ। ਇਸੇ ਤਰ੍ਹਾਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ “ਉੱਦਮਤਾ" ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਿੱਚ ਵੀ ਪੰਜਾਬ ਦੇਸ਼ ਭਰ ਵਿੱਚ ਪਹਿਲਾ ਸੂਬਾ ਬਣ ਗਿਆ ਹੈ। ਇਸ ਵਿਸ਼ੇ ਨੂੰ ਸ਼ਾਮਲ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਮਾਨਸਿਕਤਾ ਨੂੰ ਪ੍ਰਫੁੱਲਤ ਕਰਨਾ ਹੈ ਤਾਂ ਜੋ ਉਹ ਨੌਕਰੀ ਮੰਗਣ ਵਾਲੇ ਨਹੀਂ ਬਲਕਿ ਰੋਜ਼ਗਾਰ ਦੇਣ ਵਾਲੇ ਬਣਨ। ਇਸ ਸਾਲ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਨੀਟ ਅਤੇ ਜੇ.ਈ.ਈ. ਮੇਨਜ਼ ਤੇ ਐਡਵਾਂਸਡ ਵਰਗੀਆਂ ਸਖ਼ਤ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਸੂਬੇ ਵਿੱਚ ਸਿੱਖਿਆ ਖੇਤਰ ਦੀ ਪ੍ਰਗਤੀ ਨੂੰ ਦਰਸਾਉਂਦੀ ਹੈ।