
ਸੁਖਪਾਲ ਖਹਿਰਾ ਨੇ ਬੀਐਸਐਫ ਦਾ ਦਾਇਰਾ 50 ਕਿਲੋਮੀਟਰ ਕਰਨ ’ਤੇ ਕੇਂਦਰ ਸਰਕਾਰ ਦੀ ਨਿੰਦਾ ਕੀਤੀ।
ਚੰਡੀਗੜ੍ਹ: ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਲੀ ਏਅਰਪੋਰਟ ਤੋਂ ਦੋ ਪੰਜਾਬੀ ਐਨਆਰਆਈਜ਼ ਨੂੰ ਵਾਪਸ ਭੇਜਣ ਦੇ ਮਾਮਲੇ ’ਚ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਵੀਜ਼ੇ ਰੱਦ ਕੀਤੇ ਜਾ ਰਹੇ ਹਨ। ਹਾਲ ਹੀ ਵਿਚ ਸਰਕਾਰ ਵਲੋਂ 12 ਹੋਰ ਵਿਅਕਤੀਆਂ ਦੇ ਵੀਜੇ ਰੱਦ ਕੀਤੇ ਗਏ ਹਨ।
Sukhpal Singh Khaira
ਇਸ ਤੋਂ ਇਲਾਵਾ ਦਰਸ਼ਨ ਸਿੰਘ ਧਾਲੀਵਾਲ ਅਤੇ ਅਮਰੀਕ ਸਿੰਘ ਨੂੰ ਵੀ ਦਿੱਲੀ ਏਅਰਪੋਰਟ ਤੋਂ ਡਿਪੋਰਟ ਕਰ ਦਿੱਤਾ ਗਿਆ, ਇਸ ਦਾ ਕੋਈ ਕਾਰਨ ਵੀ ਨਹੀਂ ਦੱਸਿਆ ਗਿਆ। ਉਹਨਾਂ ਕਿਹਾ ਕਿ ਭਾਜਪਾ ਸਰਕਾਰ ਦੇ ਇਸ ਕਦਮ ਨੇ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਐਨਆਰਆਈ ਭਰਾਵਾਂ ਦੇ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੈ। ਖਹਿਰਾ ਨੇ ਕਿਹਾ ਕਿ ਦਰਸ਼ਨ ਸਿੰਘ ਰੱਖੜਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੇ ਹਨ। ਪੰਜਾਬ ਦੀ ਤਰੱਕੀ ਵਿਚ ਉਹਨਾਂ ਦਾ ਯੋਗਦਾਨ ਅਹਿਮ ਰਿਹਾ ਹੈ।
Sukhpal Singh Khaira
ਦੂਜੇ ਪਾਸੇ ਅਮਰੀਕ ਸਿੰਘ ਸਪੇਨ ਵਿਚ ਪੰਜਾਬੀਆਂ ਨੂੰ ਸ਼ਰਣ ਦਿੰਦੇ ਹਨ। ਇਸ ਤੋਂ ਇਲਾਵਾ ਉਹ ਕੈਂਸਰ ਦੇ ਮਰੀਜ਼ਾਂ ਦੀ ਮਦਦ ਕਰਦੇ ਹਨ ਤੇ ਹੋਰ ਵੀ ਕਈ ਲੋਕ ਭਲਾਈ ਲਈ ਕਈ ਕੰਮ ਕਰਦੇ ਹਨ। ਖਹਿਰਾ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਨੂੰ ਇਸ ਲਈ ਵਾਪਸ ਭੇਜਿਆ ਜਾ ਰਿਹਾ ਹੈ ਕਿਉਂਕਿ ਉਹ ਕਿਸਾਨ ਸੰਘਰਸ਼ ਦਾ ਸਮਰਥਨ ਕਰਦੇ ਹਨ। ਉਹਨਾਂ ਕਿਹਾ ਕਿ ਪੰਜਾਬ ਦਾ ਹਰ 5ਵਾਂ ਵਿਅਕਤੀ ਐਨਆਰਆਈ ਹੈ। ਪੰਜਾਬ ਸਰਕਾਰ ਅਤੇ ਹੋਰ ਸਿਆਸੀ ਪਾਰਟੀਆਂ ਨੂੰ ਇਸ ਮੁੱਦੇ ਨੂੰ ਕੇਂਦਰ ਕੋਲ ਜ਼ੋਰਦਾਰ ਤਰੀਕੇ ਨਾਲ ਚੁੱਕਣਾ ਚਾਹੀਦਾ ਹੈ।
Sukhpal Singh Khaira
ਉਹਨਾਂ ਕਿਹਾ ਕਿ ਦੁਨੀਆਂ ਭਰ ਵਿਚ ਲੋਕਾਂ ਵਲੋਂ ਕਿਸਾਨਾਂ ਦੇ ਸਮਰਥਨ ਵਿਚ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ ਸਰਕਾਰ ਇਸ ਅੰਦੋਲਨ ਨੂੰ ਬਦਨਾਮ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਢੇ ਅਪਣਾ ਰਹੀ ਹੈ। ਦੂਜੇ ਪਾਸੇ ਖਹਿਰਾ ਨੇ ਅਕਾਲੀ ਦਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਮੁੱਦੇ 'ਤੇ ਉਹਨਾਂ ਦੇ ਵਫ਼ਦ ਨੂੰ ਕੇਂਦਰ ਨੂੰ ਮਿਲਣਾ ਚਾਹੀਦਾ ਸੀ। ਕੇਂਦਰ 'ਤੇ ਦਬਾਅ ਬਣਾਉਣ ਦੀ ਲੋੜ ਸੀ ਪਰ ਅਕਾਲੀ ਦਲ ਨੇ ਇਸ ਮੁੱਦੇ 'ਤੇ ਕੇਂਦਰ ਦੇ ਫੈਸਲੇ ਦੀ ਨਿੰਦਾ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਇਸ ਤੋਂ ਇਲਾਵਾ ਸੁਖਪਾਲ ਖਹਿਰਾ ਨੇ ਬੀਐਸਐਫ ਦਾ ਦਾਇਰਾ 50 ਕਿਲੋਮੀਟਰ ਕਰਨ ’ਤੇ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਹਨਾਂ ਕਿਹਾ ਇਹ ਸਭ ਡਰਾਮਾ ਹੈ, ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ।