
ਜਾਣਕਾਰੀ ਮੁਤਾਬਕ ਸਿੱਧੂ ਨੇ ਆਪਣੇ ਬਿਆਨ 'ਚ ਜ਼ਿਆਦਾਤਰ ਗੱਲਾਂ ਤੋਂ ਅਣਜਾਣਤਾ ਪ੍ਰਗਟਾਈ ਹੈ
ਲੁਧਿਆਣਾ : ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਸ਼ਿਕਾਇਤ ਮਾਮਲੇ 'ਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਗਵਾਹੀ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰਿਕਾਰਡ ਕੀਤੀ ਗਈ। ਜਾਣਕਾਰੀ ਮੁਤਾਬਕ ਸਿੱਧੂ ਨੇ ਆਪਣੇ ਬਿਆਨ 'ਚ ਜ਼ਿਆਦਾਤਰ ਗੱਲਾਂ ਤੋਂ ਅਣਜਾਣਤਾ ਪ੍ਰਗਟਾਈ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ 'ਚ ਲੱਖਾਂ ਫਾਈਲਾਂ ਆਉਂਦੀਆਂ ਸਨ, ਇਹ ਬਹੁਤ ਪੁਰਾਣੀ ਗੱਲ ਹੈ। ਇਸ ਲਈ ਯਕੀਨ ਨਾਲ ਕੁਝ ਨਹੀਂ ਕਿਹਾ ਜਾ ਸਕਦਾ।
ਨਵਜੋਤ ਸਿੱਧੂ ਦੇ ਬਿਆਨ ਸੀਜੇਐੱਮ ਸੁਮਿਤ ਮੱਕੜ ਦੀ ਅਦਾਲਤ ਨੇ ਦਰਜ ਕੀਤੇ ਹਨ। ਦੱਸ ਦਈਏ ਕਿ ਪਿਛਲੀ ਪੇਸ਼ੀ 'ਤੇ ਸ਼ਿਕਾਇਤਕਰਤਾ ਦੇ ਵਕੀਲ ਨੇ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਅੱਗੇ ਬੇਨਤੀ ਕੀਤੀ ਸੀ ਕਿ ਉਹ ਨਹੀਂ ਚਾਹੁੰਦੇ ਕਿ ਸਿੱਧੂ ਵੀਡੀਓ ਕਾਨਫਰੰਸਿੰਗ ਰਾਹੀਂ ਗਵਾਹੀ ਨਾ ਹੋਵੇ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਗਵਾਹ ਸਿੱਧੂ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇਣ ਵਾਲੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣਾ ਚਾਹੁੰਦੇ ਹਨ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 4 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਸੀ ਤੇ ਅੱਜ ਮੁੜ ਤੋਂ ਨਵਜੋਤ ਸਿੱਧੂ ਦੀ ਪੇਸ਼ੀ ਹੋ ਗਈ ਹੈ।