
Punjab News: ਝੋਨੇ ਦੀ ਨਿਰਵਿਘਨ ਖ਼ਰੀਦ, ਡੀ ਏ ਪੀ ਅਤੇ ਪਰਾਲੀ ਦੇ ਮੁੱਦਿਆਂ ਨੂੰ ਲੈ ਕੇ ਕੀਤਾ ਜਾ ਰਿਹੈ ਸੰਘਰਸ਼
Punjab News: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਸਿਆਸੀ ਆਗੂਆਂ, ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ/ਦਫ਼ਤਰਾਂ ਅੱਗੇ 26 ਮੋਰਚੇ ਖ਼ਤਮ ਕਰ ਕੇ ਗਿੱਦੜਬਾਹਾ ਤੇ ਬਰਨਾਲਾ ਹਲਕੇ ਦੀਆਂ ਜ਼ਿਮਨੀ ਚੋਣਾਂ ਵਿਚ ਉਮੀਦਵਾਰ ਕ੍ਰਮਵਾਰ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ ਤੇ ਕੇਵਲ ਸਿੰਘ ਢਿੱਲੋਂ ਅਤੇ ‘ਆਪ’ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਹਰਵਿੰਦਰ ਸਿੰਘ ਧਾਲੀਵਾਲ ਦੇ ਘਰਾਂ ਦਫ਼ਤਰਾਂ ਅੱਗੇ 4 ਪੱਕੇ ਮੋਰਚੇ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।
ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦਸਿਆ ਕਿ ਇਹ ਫ਼ੈਸਲਾ ਕਲ ਜਥੇਬੰਦੀ ਦੀ ਸੂਬਾ ਕਮੇਟੀ ਮੀਟਿੰਗ ਵਿਚ ਕੀਤਾ ਗਿਆ ਸੀ ਜਿਸ ਮੁਤਾਬਕ 26 ਟੌਲ ਮੁਕਤ ਮੋਰਚੇ ਤਾਂ ਬਾਦਸਤੂਰ ਜਾਰੀ ਰੱਖੇ ਜਾਣਗੇ ਕਿਉਂਕਿ ਪੁਆੜਿਆਂ ਦੀ ਜੜ੍ਹ ਕਾਰਪੋਰੇਟ ਪੱਖੀ ਖੁੱਲ੍ਹੀ ਮੰਡੀ ਦੀ ਨੀਤੀ ਹੀ ਹੈ।
ਇਸ ਨਾਲ ਹੀ ਹੁਣ ਤਕ ਚਲੇ 18-ਰੋਜ਼ਾ ਮੋਰਚਿਆਂ ਦੇ ਜਨਤਕ ਦਬਾਅ ਥੱਲੇ ਮੰਡੀਆਂ ਵਿਚ ਸ਼ੁਰੂ ਕੀਤੀ ਗਈ ਝੋਨੇ ਦੀ ਖ਼ਰੀਦ ਸਮੇਂ ਆੜ੍ਹਤੀਆਂ ਸ਼ੈਲਰ ਮਾਲਕਾਂ ਅਤੇ ਖ਼ਰੀਦ ਅਧਿਕਾਰੀਆਂ ਦੀ ਮਿਲੀਭੁਗਤ ਰਾਹੀਂ ਪਾਏ ਜਾ ਰਹੇ ਬੇਲੋੜੇ ਅੜਿੱਕੇ ਅਤੇ ਪ੍ਰਤੀ ਕੁਇੰਟਲ 100 ਤੋਂ 200 ਰੁਪਏ ਕੀਤੀ ਜਾ ਰਹੀ ਕਟੌਤੀ ਵਿਰੁਧ ਇਸ ਤਿੱਕੜੀ ਵਿਰੁਧ ਘਿਰਾਉ ਜਿਹੇ ਸਖ਼ਤ ਜਨਤਕ ਐਕਸ਼ਨ ਕੀਤੇ ਜਾਣਗੇ।
ਇਸ ਤੋਂ ਇਲਾਵਾ ਪਰਾਲੀ ਦੇ ਅੱਗ-ਰਹਿਤ ਨਿਪਟਾਰੇ ਲਈ ਗ੍ਰੀਨ ਟ੍ਰਿਬਿਊਨਲ ਦੀਆਂ ਕਿਸਾਨਾਂ ਪੱਖੀ ਹਦਾਇਤਾਂ ਲਾਗੂ ਨਾ ਕਰਨ ਕਰ ਕੇ ਮਜਬੂਰੀਵਸ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁਧ ਮੁਕੱਦਮੇ, ਜੁਰਮਾਨੇ, ਲਾਲ ਐਂਟਰੀਆਂ ਅਤੇ ਹੋਰ ਦਬਾਅ-ਪਾਊ ਕਦਮ ਵਾਪਸ ਲੈਣ ਤੱਕ ਡਟਵਾਂ ਜਨਤਕ ਵਿਰੋਧ ਕੀਤਾ ਜਾਵੇਗਾ।
ਇਥੇ ਇਹ ਵੀ ਦਸਿਆ ਗਿਆ ਕਿ ਨਵੀਂ ਖੇਤੀ ਨੀਤੀ ਮੁਕੰਮਲ ਕਰ ਕੇ ਲਾਗੂ ਕਰਵਾਉਣ ਸਬੰਧੀ 6 ਨਵੰਬਰ ਨੂੰ ਖੇਤ ਮਜ਼ਦੂਰਾਂ ਨਾਲ ਸਾਂਝੇ ਤੌਰ ’ਤੇ ਜ਼ਿਲ੍ਹਾ ਹੈਡਕੁਆਰਟਰਾਂ ਵਿਖੇ ਕੀਤੇ ਜਾਣ ਵਾਲੇ ਮੁਜ਼ਾਹਰੇ ਇਨ੍ਹਾਂ ਮੋਰਚਿਆਂ ਕਾਰਨ ਫ਼ਿਲਹਾਲ ਮੁਲਤਵੀ ਕਰ ਦਿਤੇ ਗਏ ਹਨ।