‘ਹਿੰਦੂਆਂ ਨੇ ਸਿੱਖਾਂ ਦਾ ਕਤਲ ਨਹੀਂ ਕੀਤਾ, ਕਾਂਗਰਸ ਪਾਰਟੀ ਦੇ ਆਗੂਆਂ ਨੇ ਕੀਤਾ ਸੀ ਸਿੱਖਾਂ ਦਾ ਕਤਲ’
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ‘ਜ਼ਖ਼ਮ ’84 ਦੇ’ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸ਼ਾਦ, ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਦੇ ਸੀਨੀਅਰ ਆਗੂ ਆਰ.ਪੀ. ਸਿੰਘ, ਸੀਨੀਅਰ ਵਕੀਲ ਐਚ.ਐਸ. ਫੂਲਕਾ, ਜਸਟਿਸ ਢੀਂਡਸ ਸਮੇਤ 1984 ਦੇ ਪੀੜਤ ਵਿਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਆਰ. ਪੀ. ਸਿੰਘ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਲੜਾਈ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮਾਮਲੇ 'ਚ ਸ਼ੁਰੂ ਤੋਂ ਹੀ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ਼ ਲਈ ਲਗਾਤਾਰ ਯਤਨ ਕਰ ਰਹੀ ਹੈ। ਆਰ. ਪੀ. ਸਿੰਘ ਨੇ ਕਿਹਾ ਕਿ 1984 ਦੇ ਕਤਲੇਆਮ ਦੀ ਗੱਲ ਕਰਦਿਆਂ ਅੱਜ ਵੀ ਮਨ ਭਾਰੀ ਹੋ ਜਾਂਦਾ ਹੈ। ਇਸ ਮਾਮਲੇ 'ਚ ਕਈ ਲੋਕਾਂ ਨੇ ਲੰਬੀ ਲੜਾਈ ਲੜੀ ਹੈ ਅਤੇ ਅੱਜ ਵੀ ਪੀੜਤ ਪਰਿਵਾਰ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਹ ਪਾਰਟੀ ਦੇ ਕੌਮੀ ਸਕੱਤਰ ਸਨ ਤਾਂ ਉਨ੍ਹਾਂ ਨੂੰ ਇਸ ਮਾਮਲੇ ਨਾਲ ਜੁੜੇ ਢੀਂਗਰਾ ਕੇਸ ਸਬੰਧੀ ਜਾਣਕਾਰੀ ਮਿਲੀ ਸੀ ਅਤੇ ਉਸ ਸਮੇਂ ਤੋਂ ਹੀ ਇਸ ਮਾਮਲੇ ਨੂੰ ਲੈ ਕੇ ਪਾਰਟੀ ਪੱਧਰ 'ਤੇ ਯਤਨ ਕੀਤੇ ਜਾਂਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਦੇ ਮਾਮਲੇ 'ਚ ਵੀ ਲੰਬੀ ਕਾਨੂੰਨੀ ਲੜਾਈ ਲੜੀ ਗਈ ਅਤੇ ਇਸ 'ਚ ਕਈ ਲੋਕਾਂ ਦਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਸਵਾਲ ਕੀਤਾ ਕਿ ਜਿਹੜੇ ਲੋਕ ਅੱਜ ਭਾਜਪਾ ਵੱਲੋਂ ਕੀਤੇ ਕੰਮਾਂ ਬਾਰੇ ਸਵਾਲ ਕਰ ਰਹੇ ਹਨ, ਉਨ੍ਹਾਂ ਨੂੰ ਇਹ ਵੀ ਦੇਖਣਾ ਚਾਹੀਦਾ ਹੈ ਕਿ ਇਸ ਲੜਾਈ 'ਚ ਸ਼ੁਰੂ ਤੋਂ ਕੌਣ ਪੀੜਤਾਂ ਦੇ ਨਾਲ ਖੜ੍ਹਾ ਰਿਹਾ ਹੈ। ਆਰ. ਪੀ. ਸਿੰਘ ਨੇ ਕਿਹਾ ਕਿ 1 ਨਵੰਬਰ ਦੀ ਤਾਰੀਖ਼ ਦਾ ਵੀ ਆਪਣਾ ਖ਼ਾਸ ਮਹੱਤਵ ਹੈ। ਉਨ੍ਹਾਂ ਦੱਸਿਆ ਕਿ ਦਿੱਲੀ 'ਚ ਕਾਂਗਰਸ ਦੀ ਇੱਕ ਵੱਡੀ ਰੈਲੀ ਦੌਰਾਨ 1984 ਦੇ ਪੀੜਤਾਂ ਅਤੇ ਸਿੱਖ ਸਮਾਜ ਨਾਲ ਜੁੜੇ ਲੋਕਾਂ ਨੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਸੀ ਕਿ ਇਸ ਦਿਨ ਨੂੰ ਇਨਸਾਫ਼ ਲਈ ਸਮਰਪਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀੜਤਾਂ ਨੂੰ ਪੂਰਾ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਇਸ ਲੜਾਈ ਨੂੰ ਖ਼ਤਮ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕੀਤੇ ਜਾਣ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਪਾਰਟੀ ਸੱਚਮੁੱਚ ਇਨਸਾਫ਼ ਦੀ ਗੱਲ ਕਰਦੀ ਹੈ ਤਾਂ ਉਸ ਨੂੰ 1984 ਦੇ ਕਤਲੇਆਮ ਨਾਲ ਜੁੜੇ ਮਾਮਲਿਆਂ 'ਚ ਆਪਣੀ ਜਵਾਬਦੇਹੀ ਵੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਖ਼ਾਸ ਤੌਰ 'ਤੇ ਜਗਦੀਸ਼ ਟਾਈਟਲਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਬਾਰੇ ਵੀ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਮਲਨਾਥ ਦਾ ਜ਼ਿਕਰ ਕਰਦਿਆਂ ਗੁਰਦੁਆਰਾ ਰਕਾਬਗੰਜ ਸਾਹਿਬ ਨਾਲ ਜੁੜੀ ਹਿੰਸਾ ਅਤੇ ਉੱਥੇ ਸੇਵਾ ਕਰ ਰਹੇ ਲੋਕਾਂ ਦੀਆਂ ਹੱਤਿਆਵਾਂ ਦੇ ਮਾਮਲੇ ਨੂੰ ਵੀ ਉਠਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਅਤੇ ਇਨਸਾਫ਼ ਦੀ ਮੰਗ ਅੱਜ ਵੀ ਮਹੱਤਵਪੂਰਨ ਹੈ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਆਗੂ ਅਤੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕਿਹਾ ਕਿ 1984 ’ਚ ਸਿੱਖਾਂ ਦਾ ਹੀ ਕਤਲੇਆਮ ਨਹੀਂ ਹੋਇਆ, ਸਗੋਂ ਸੰਵਿਧਾਨ, ਕਾਨੂੰਨ ਅਤੇ ਇਨਸਾਫ਼ ਦਾ ਵੀ ਕਤਲ ਹੋਇਆ। ਉਨ੍ਹਾਂ ਕਿਹਾ ਇਹ ਕਤਲੇਆਮ ਦਿੱਲੀ ’ਚ ਰਹਿੰਦੇ ਲੋਕਾਂ ਵੱਲੋਂ ਨਹੀਂ ਕੀਤਾ ਗਿਆ, ਸਗੋਂ ਕਤਲੇਆਮ ਉਨ੍ਹਾਂ ਲੋਕਾਂ ਵੱਲੋਂ ਕੀਤਾ ਗਿਆ !ਜਿਨ੍ਹਾਂ ਨੂੰ ਕਾਂਗਰਸ ਪਾਰਟੀ ਵੱਲੋਂ ਨਵੀਂ ਦਿੱਲੀ ’ਚ ਲਿਆ ਕੇ ਵਸਾਇਆ ਗਿਆ।ਉਨ੍ਹਾਂ ਦੱਸਿਆ ਇਹ ਲੋਕ ਕਾਂਗਰਸ ਪਾਰਟੀ ਦੇ ਹੁਕਮ ਨੂੰ ਭੇਡ ਬੱਕਰੀਆਂ ਵਾਂਗ ਮੰਨਦੇ ਹਨ। ਉਨ੍ਹਾਂ ਦੱਸਿਆ ਕਿ ਤ੍ਰਿਲੋਕਪੁਰੀ ਵਿਚ ਭੀੜ ਦੀ ਅਗਵਾਈ ਕਾਂਗਰਸੀ ਆਗੂ ਦੁਨੀ ਚੰਦ ਅਤੇ ਮੁਹੰਮਦ ਅਬਾਸ ਨੇ ਭੀੜ ਦੀ ਅਗਵਾਈ ਕੀਤੀ ਗਈ ਸੀ।
