ਅੰਮ੍ਰਿਤਸਰ ਵਿੱਚ ਸੈਰ-ਸਪਾਟਾ ਅਤੇ ਸਵਦੇਸ਼ੀ ਉਤਪਾਦਾਂ ਰਾਹੀਂ ਆਮਦਨ ਦੇ ਨਵੇਂ ਸਾਧਨ ਸਿਰਜਣ 'ਤੇ ਜ਼ੋਰ
ਅੰਮ੍ਰਿਤਸਰ: ਸਾਬਕਾ ਭਾਰਤੀ ਰਾਜਦੂਤ ਅਤੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੇ ਨੌਜਵਾਨਾਂ ਨਾਲ ਖਾਸ ਗੱਲਬਾਤ ਕਰਦਿਆਂ ਦੇਸ਼ ਦੇ ਭਵਿੱਖ ਅਤੇ ਆਰਥਿਕ ਵਿਕਾਸ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਅਹਿਮੀਅਤ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ 2047 ਦਾ ਸੁਪਨਾ ਸਾਕਾਰ ਕਰਨ ਵਿੱਚ ਨੌਜਵਾਨ ਪੀੜ੍ਹੀ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਵਿੱਚ ਸਭ ਤੋਂ ਵੱਧ ਨੌਜਵਾਨ ਆਬਾਦੀ ਭਾਰਤ ਕੋਲ ਹੈ। ਇਸ ਡੈਮੋਗ੍ਰਾਫਿਕ ਲਾਭ (Demographic Dividend) ਨੂੰ ਸਹੀ ਤਰੀਕੇ ਨਾਲ ਵਰਤਣ ਲਈ ਸਿੱਖਿਆ ਦੇ ਨਾਲ-ਨਾਲ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਬਹੁਤ ਜ਼ਰੂਰੀ ਹੈ।
ਅੰਮ੍ਰਿਤਸਰ ਦੇ ਵਿਕਾਸ ਅਤੇ ਸਥਾਨਕ ਆਰਥਿਕਤਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਰੋਜ਼ਾਨਾ ਲਗਭਗ 1.5 ਲੱਖ ਸ਼ਰਧਾਲੂ ਅਤੇ ਸੈਲਾਨੀ ਆਉਂਦੇ ਹਨ। ਜੇਕਰ ਇਹਨਾਂ ਆਉਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਅਤੇ ਯੋਜਨਾਬੰਦੀ ਨਾਲ ਸੈਲਾਨੀਆਂ (ਟੂਰਿਸਟ) ਵਿੱਚ ਤਬਦੀਲ ਕੀਤਾ ਜਾਵੇ, ਤਾਂ ਸ਼ਹਿਰ ਵਿੱਚ ਆਮਦਨ ਦੇ ਵੱਡੇ ਸਾਧਨ ਪੈਦਾ ਹੋ ਸਕਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ 'ਸਵਦੇਸ਼ੀ' ਅਤੇ ਸਥਾਨਕ ਉਤਪਾਦਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਕੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਐਕਸਪੋਰਟ ਕਰਨ 'ਤੇ ਵੀ ਜ਼ੋਰ ਦਿੱਤਾ।
ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਨੌਜਵਾਨਾਂ ਦੇ ਮੁੱਦਿਆਂ 'ਤੇ ਬੋਲਦਿਆਂ ਸੰਧੂ ਨੇ ਕਿਹਾ ਕਿ ਪੁਲਿਸ ਅਤੇ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਆਰਥਿਕ ਸਾਧਨ ਅਤੇ ਰੋਜ਼ਗਾਰ ਦੇ ਮੁਕਾਮੀ ਅਵਸਰ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਜੇਕਰ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਇਆ ਜਾਵੇ ਅਤੇ ਆਮਦਨ ਦੇ ਸਾਧਨ ਸਿਰਜੇ ਜਾਣ, ਤਾਂ ਉਹ ਨਸ਼ਿਆਂ ਦੇ ਰਾਹ ਪੈਣ ਦੀ ਬਜਾਏ ਦੇਸ਼ ਦੇ ਆਰਥਿਕ ਵਿਕਾਸ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਗੈਰ-ਜ਼ਰੂਰੀ ਮੁੱਦਿਆਂ 'ਤੇ ਉਲਝਣ ਦੀ ਬਜਾਏ ਅਸਲ ਮੁੱਦਿਆਂ ਜਿਵੇਂ ਕਿ ਕਿਸਾਨਾਂ, ਪਰਿਵਾਰਾਂ ਅਤੇ ਨੌਜਵਾਨਾਂ ਦੀ ਆਮਦਨ ਵਧਾਉਣ ਅਤੇ ਆਰਥਿਕ ਸਥਿਰਤਾ ਲਿਆਉਣ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।
