
ਪੰਜਾਬ ਦੇ 27 ਖਿਡਾਰੀ 5 ਦਸੰਬਰ ਨੂੰ ਆਪਣੇ ਪੁਰਸਕਾਰ ਵਾਪਸ ਕਰਨਗੇ।
ਪਟਿਆਲਾ: ਪੰਜਾਬ ਦੇ ਬਹੁਤ ਸਾਰੇ ਖਿਡਾਰੀਆਂ ਨੇ ਖੇਤੀ ਕਾਨੂੰਨ ਦੇ ਵਿਰੋਧ ਦੌਰਾਨ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਹੁਣ ਨੌਜਵਾਨ ਨਾਵਲਕਾਰ ਯਾਦਵਿੰਦਰ ਸਿੰਘ ਸੰਧੂ ਨੇ ਖੇਤੀ ਸੁਧਾਰ ਕਾਨੂੰਨ ਦੇ ਵਿਰੋਧ ਵਿੱਚ ਭਾਰਤੀ ਸਾਹਿਤ ਅਕਾਦਮੀ ਯੁਵਾ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਕਿਸਾਨਾਂ ਦੇ ਅੰਦੋਲਨ ਦੌਰਾਨ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਵਜੋਂ ਹੁਣ ਖਿਡਾਰੀਆਂ ਨੇ ਵੀ ਵੱਡਾ ਫੈਸਲਾ ਲਿਆ ਹੈ। ਖਿਡਾਰੀਆਂ 'ਚੋਂ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਸਮੇਤ ਪੰਜਾਬ ਦੇ 27 ਖਿਡਾਰੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਖਿਡਾਰੀ 5 ਦਸੰਬਰ ਨੂੰ ਆਪਣੇ ਪੁਰਸਕਾਰ ਵਾਪਸ ਕਰਨਗੇ।
ਯਾਦਵਿੰਦਰ ਸੰਧੂ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਕਿਸਾਨ ਜਾਂ ਕਿਸਾਨ ਨੂੰ ਪੰਜਾਬ ਆਖੀਏ ਤਾਂ ਇੱਕੋ ਹੀ ਗੱਲ ਹੈ। ਕਿਸਾਨੀ, ਖੇਤੀ ਤੋਂ ਬਿਨਾਂ ਪੰਜਾਬ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਨੂੰਨ ਕਿਸਾਨ ਅਤੇ ਕਿਸਾਨੀ ਨੂੰ ਖ਼ਤਮ ਕਰਨ ਵਾਲੇ ਹਨ।
'ਮੈਂ ਖ਼ੁਦ ਕਿਸਾਨੀ ਨਾਲ ਜੁੜਿਆ ਹੋਇਆ ਹਾਂ ਅਤੇ ਮੇਰੇ ਪਾਤਰ ਵੀ ਖੇਤੀ, ਕਿਸਾਨੀ ਦੀ ਨੁਮਾਇੰਦਗੀ ਕਰਦੇ ਹਨ। ਮੈਨੂੰ ਸਾਲ 2019 ਵਿਚ ਨਾਵਲ ‘ਵਕਤ ਬੀਤਿਆਂ ਨਹੀਂ’ ਉੱਤੇ ‘ਸਾਹਿਤ ਅਕਾਦਮੀ ਯੁਵਾ ਪੁਰਸਕਾਰ’ ਮਿਲਿਆ ਸੀ। ਮੈਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਾ ਹਾਂ ਅਤੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਵਿਰੋਧ ਵਜੋਂ ਭਾਰਤੀ ਸਾਹਿਤ ਅਕਾਦਮੀ ਯੁਵਾ ਅਵਾਰਡ ਵਾਪਸ ਕਰਨ ਦਾ ਐਲਾਨ ਕਰਦਾ ਹਾਂ।'