ਵਿਰੋਧੀ ਧਿਰ 'ਤੇ ਦਬਾਅ ਪਾਉਣ ਦਾ ਦੋਸ਼, ਅਕਾਲੀ ਦਲ ਜਾਵੇਗਾ ਹਾਈ ਕੋਰਟ
ਚੰਡੀਗੜ੍ਹ: ਪਟਿਆਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਜ਼ਿਲ੍ਹੇ ਦੇ SSP ਵਰੁਣ ਸ਼ਰਮਾ ਦੀ ਇੱਕ ਆਡੀਓ ਕਲਿੱਪ ਇੰਟਰਨੈੱਟ 'ਤੇ ਵਾਇਰਲ ਹੋਈ ਹੈ, ਜਿਸ ਵਿੱਚ ਕਥਿਤ ਤੌਰ 'ਤੇ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀ ਦੇ ਆਗੂਆਂ ਨੂੰ ਰਿਟਰਨਿੰਗ ਅਫਸਰ ਤੱਕ ਨਹੀਂ ਪਹੁੰਚਣਾ ਚਾਹੀਦਾ। ਇਸ ਆਡੀਓ ਨਾਲ ਰਾਜਨੀਤਿਕ ਹਲਚਲ ਪੈਦਾ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਚੋਣ ਕਮਿਸ਼ਨ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਇਸ ਨੂੰ ਬਹੁਤ ਗੰਭੀਰ ਮਾਮਲਾ ਦੱਸਿਆ ਗਿਆ ਹੈ। ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ SSP ਵਰੁਣ ਸ਼ਰਮਾ ਵਿਰੋਧੀ ਪਾਰਟੀਆਂ ਨੂੰ ਚੋਣ ਪ੍ਰਕਿਰਿਆ ਤੋਂ ਦੂਰ ਰੱਖਣ ਅਤੇ ਸੱਤਾਧਾਰੀ ਪਾਰਟੀ ਨੂੰ ਲਾਭ ਪਹੁੰਚਾਉਣ ਲਈ ਨਿਰਦੇਸ਼ ਦੇ ਰਹੇ ਹਨ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਅਜਿਹੀਆਂ ਕਥਿਤ ਗੱਲਬਾਤਾਂ ਲੋਕਤੰਤਰੀ ਪ੍ਰਕਿਰਿਆ 'ਤੇ ਸਿੱਧਾ ਹਮਲਾ ਹਨ।
ਜਾਣਕਾਰੀ ਮੁਤਾਬਕ ਅਕਾਲੀ ਦਲ ਨੇ ਮਾਮਲੇ ਨੂੰ ਹਾਈ ਕੋਰਟ ਵਿੱਚ ਲਿਜਾਣ ਦੀ ਵੀ ਤਿਆਰੀ ਕਰ ਲਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਚੋਣ ਕਮਿਸ਼ਨ ਠੋਸ ਕਾਰਵਾਈ ਨਹੀਂ ਕਰਦਾ ਹੈ, ਤਾਂ ਉਹ ਨਿਆਂਪਾਲਿਕਾ ਕੋਲ ਜਾਣਗੇ। ਇਸ ਦੌਰਾਨ ਪੰਜਾਬ ਪੁਲਿਸ ਨੇ ਪੂਰੇ ਮਾਮਲੇ ਨੂੰ ਫਰਜ਼ੀ ਦੱਸਿਆ ਹੈ। ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਵਾਇਰਲ ਆਡੀਓ ਅਸਲੀ ਨਹੀਂ ਹੈ, ਸਗੋਂ ਇਹ AI ਤਕਨਾਲੋਜੀ ਦੀ ਵਰਤੋਂ ਕਰ ਕੇ ਬਣਾਇਆ ਹੈ। ਪੁਲਿਸ ਮੁਤਾਬਕ ਆਡੀਓ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
