
ਅੱਧਾ ਦਰਜਨ ਜ਼ਿਲ੍ਹਿਆਂ 'ਚ ਤਾਪਮਾਨ 11 ਡਿਗਰੀ ਸੈਲਸੀਅਸ ਤੋਂ ਹੇਠਾਂ
2.5 ਡਿਗਰੀ ਸੈਲਸੀਅਸ ਨਾਲ ਗੁਰਦਾਸਪੁਰ ਰਿਹਾ ਸਭ ਤੋਂ ਠੰਢਾ
ਦਿਸਣ ਹੱਦ ਆਮ ਦੇ ਮੁਕਾਬਲੇ ਬਹੁਤ ਘੱਟ, ਆਮ ਜਨਜੀਵਨ ਪ੍ਰਭਾਵਿਤ
ਮੋਹਾਲੀ : ਪੰਜਾਬ ਤੇ ਹਰਿਆਣਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਠੰਢ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਦੋਵਾਂ ਸੂਬਿਆਂ ਵਿੱਚ ਅੱਜ ਵੀ ਸੰਘਣੀ ਧੁੰਦ ਪਈ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ ਜਿਸ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ। ਇਸ ਦੇ ਨਾਲ ਹੀ ਸੰਘਣੀ ਧੁੰਦ ਕਾਰਨ ਦਿਸਣ ਹੱਦ ਆਮ ਦੇ ਮੁਕਾਬਲੇ ਬਹੁਤ ਘੱਟ ਰਹੀ ਹੈ, ਜਿਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ।
ਸੂਬੇ ਦੇ ਅੱਧਾ ਦਰਜਨ ਜ਼ਿਲ੍ਹਿਆਂ ਵਿੱਚ ਤਾਪਮਾਨ 11 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ। ਘੱਟੋ-ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਨਾਲ ਗੁਰਦਾਸਪੁਰ ਸਭ ਤੋਂ ਠੰਢਾ ਸ਼ਹਿਰ ਰਿਹਾ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਸਾਲ 2003 ਵਿੱਚ ਅਜਿਹਾ ਮੌਸਮ ਰਿਹਾ ਸੀ, ਜਦੋਂ ਸੂਬੇ ਦੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 8 ਤੋਂ 11 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ ਸੀ।
ਮੌਸਮ ਵਿਗਿਆਨੀਆਂ ਨੇ ਪੱਛਮੀ ਗੜਬੜੀ ਦੇ ਚਲਦਿਆਂ 5 ਤੋਂ 7 ਜਨਵਰੀ ਤੱਕ ਦੋਵਾਂ ਸੂਬਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਚੱਲਣ ਸਬੰਧੀ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ 5 ਜਨਵਰੀ ਨੂੰ ਰੈੱਡ ਅਲਰਟ ਅਤੇ 6 ਤੇ 7 ਜਨਵਰੀ ਨੂੰ ਔਰੇਂਜ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਤੋਂ ਮਿਲੀ ਰਿਪੋਰਟ ਅਨੁਸਾਰ ਪੰਜਾਬ ਵਿੱਚ ਗੁਰਦਾਸਪੁਰ ਸਭ ਤੋਂ ਠੰਢਾ ਸ਼ਹਿਰ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਆਮ ਦੇ ਬਰਾਬਰ ਰਿਹਾ ਹੈ। ਇਸੇ ਤਰ੍ਹਾਂ ਨਵਾਂ ਸ਼ਹਿਰ ਵਿੱਚ 4.1 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 4.6 ਡਿਗਰੀ, ਲੁਧਿਆਣਾ 5 ਡਿਗਰੀ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ’ਚ 5.9, ਪਟਿਆਲਾ 6, ਪਠਾਨਕੋਟ 6.8, ਫਰੀਦਕੋਟ 6.5, ਬਰਨਾਲਾ 6.3 ਤੇ ਮੁਹਾਲੀ ਵਿੱਚ 6.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।