
Amritsar News : 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਾਰਟੀ 'ਚ ਕਰਾਇਆ ਸ਼ਾਮਿਲ, ਕੀਤਾ ਸਵਾਗਤ
Amritsar News in Punjabi : ਅੰਮ੍ਰਿਤਸਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਐਤਵਾਰ ਨੂੰ ਇੱਥੋਂ ਚਾਰ ਆਜ਼ਾਦ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ। ਚਾਰੋਂ ਕੌਂਸਲਰ ‘ਆਪ’ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਵਾਰਡ ਨੰਬਰ 32 ਤੋਂ ਆਜ਼ਾਦ ਕੌਂਸਲਰ ਜਗਮੀਤ ਸਿੰਘ ਘੁੱਲੀ, ਵਾਰਡ ਨੰਬਰ 85 ਤੋਂ ਕੌਂਸਲਰ ਨਤਾਸ਼ਾ ਗਿੱਲ, ਵਾਰਡ ਨੰਬਰ 70 ਤੋਂ ਸਵਰਗੀ ਕਸ਼ਮੀਰੀ ਲਾਲ ਭਗਤ ਦੇ ਪੁੱਤਰ ਕੌਂਸਲਰ ਵਿਜੇ ਕੁਮਾਰ ਭਗਤ ਅਤੇ ਵਾਰਡ ਨੰਬਰ 4 ਤੋਂ ਕੌਂਸਲਰ ਮਨਦੀਪ ਸਿੰਘ ਔਜਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਾਰਟੀ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਅਤੇ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਦੀ ਹਾਜ਼ਰੀ ਵਿਚ ਸਾਰੇ ਕੌਂਸਲਰਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਆਪ ਪਰਿਵਾਰ ਵਿੱਚ ਸਵਾਗਤ ਕੀਤਾ।
ਸਮੂਹ ਕੌਂਸਲਰਾਂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰ ਇੱਕ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਬਲਜਿੰਦਰ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਮੁਨੀਸ਼ ਅਗਰਵਾਲ, ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ, ਅਜੀਤ ਸਿੰਘ ਬਿੱਟੂ ਅਤੇ ਅਮੀਰ ਸਿੰਘ ਘੁੱਲੀ ਵੀ ਹਾਜ਼ਰ ਸਨ।
(For more news apart from Aam Aadmi Party strengthened in Amritsar Municipal Corporation, 4 independent councilors joined party News in Punjabi, stay tuned to Rozana Spokesman)