ਬੇਰੋਜ਼ਗਾਰੀ ਅਤੇ ਆਰਥਿਕ ਤੰਗੀ ਦੇ ਚੱਲਦੇ ਚੁੱਕਿਆ ਇਹ ਖੌਫ਼ਨਾਕ ਕਦਮ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਤੋਂ ਇੱਕ ਬਹੁਤ ਹੀ ਦੁਖਦਾਈ ਅਤੇ ਹਿਰਦੇ ਚੀਰਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਗਰੀਬੀ ਅਤੇ ਬੇਰੁਜ਼ਗਾਰੀ ਤੋਂ ਤੰਗ ਆ ਕੇ ਇੱਕ ਪਿਤਾ ਨੇ ਆਪਣੀਆਂ ਦੋ ਮਾਸੂਮ ਧੀਆਂ ਸਮੇਤ ਜਹਿਰੀਲੀ ਦਵਾਈ ਪੀ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ।
ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਕਾਫੀ ਸਮੇਂ ਤੋਂ ਰੁਜ਼ਗਾਰ ਨਾ ਮਿਲਣ ਕਰਕੇ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ। ਘਟਨਾ ਵਾਲੇ ਦਿਨ ਉਹ ਆਪਣੀ ਪਤਨੀ ਕੁਲਦੀਪ ਕੌਰ ਨੂੰ ਅਟਾਰੀ ਕੰਮ ‘ਤੇ ਛੱਡ ਕੇ ਵਾਪਸ ਘਰ ਆਇਆ।
ਘਰ ਪਹੁੰਚਣ ਤੋਂ ਬਾਅਦ ਲਵਪ੍ਰੀਤ ਸਿੰਘ ਨੇ ਪਹਿਲਾਂ ਖੁਦ ਜਹਿਰੀਲੀ ਦਵਾਈ ਪੀ ਲਈ ਅਤੇ ਫਿਰ ਆਪਣੀਆਂ ਦੋ ਧੀਆਂ—ਜਸਪ੍ਰੀਤ ਕੌਰ (ਉਮਰ 8 ਸਾਲ) ਅਤੇ ਵੀਰਪਾਲ ਕੌਰ (ਉਮਰ 6 ਸਾਲ)—ਨੂੰ ਵੀ ਜਹਿਰੀਲੀ ਦਵਾਈ ਪਿਲਾ ਦਿੱਤੀ। ਜਦੋਂ ਬੱਚੀਆਂ ਦੀ ਤਬੀਅਤ ਅਚਾਨਕ ਖਰਾਬ ਹੋਈ ਤਾਂ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਡਾਕਟਰਾਂ ਵੱਲੋਂ ਤਿੰਨਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ।
ਲਵਪ੍ਰੀਤ ਸਿੰਘ ਦਾ ਇੱਕ ਛੋਟਾ ਪੁੱਤਰ ਵੀ ਹੈ, ਜੋ ਇਸ ਹਾਦਸੇ ‘ਚ ਬਚ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ਸ਼ਹੂਰਾ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕੀਤੀ ਗਈ ਹੈ ਅਤੇ 174 ਸੀ.ਆਰ.ਪੀ.ਸੀ. ਅਧੀਨ ਕਾਰਵਾਈ ਅਮਲ ‘ਚ ਲਿਆਈ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।
