ਪੰਜ ਰਾਊਂਡ ਫਾਇਰ ਕੀਤੇ ਗਏ, ਘਟਨਾ CCTV ਕੈਮਰੇ 'ਚ ਕੈਦ
ਅੰਮ੍ਰਿਤਸਰ: ਜੰਡਿਆਲਾ ਗੁਰੂ ਵਿੱਚ ਅੱਜ ਦਿਨ ਦਿਹਾੜੇ ਗੋਲੀਆਂ ਚੱਲਣ ਦੀ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਵਾਲਮੀਕੀ ਚੌਂਕ ਸੋਨੂ ਜਿਊਲਰਜ਼ ਦੀ ਦੁਕਾਨ ’ਤੇ ਅਚਾਨਕ ਗੋਲੀਆਂ ਚਲਾਈਆਂ ਗਈਆਂ। ਪੂਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਅੱਜ ਦਿਨ ਦਿਹਾੜੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਜੰਡਿਆਲਾ ਗੁਰੂ ਦੇ ਮੁੱਖ ਬਾਜ਼ਾਰ ਵਿੱਚ ਸਥਿਤ ਸੋਨੂ ਜਿਊਲਰਜ਼ ਦੀ ਦੁਕਾਨ ’ਤੇ ਅਚਾਨਕ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਵੱਲੋਂ ਲਗਭਗ ਪੰਜ ਰਾਊਂਡ ਫਾਇਰ ਕੀਤੇ ਗਏ, ਜਿਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ।
ਗੋਲੀਬਾਰੀ ਦੀ ਆਵਾਜ਼ ਸੁਣਦੇ ਹੀ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਦੁਕਾਨ ਮਾਲਕ ਨੇ ਦੱਸਿਆ ਕਿ ਜਿਵੇਂ ਹੀ ਗੋਲੀਆਂ ਚੱਲੀਆਂ, ਉਹ ਤੁਰੰਤ ਹੇਠਾਂ ਬੈਠ ਗਏ, ਜਿਸ ਕਾਰਨ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਘਟਨਾ ਦੀ ਸੂਚਨਾ ਮਿਲਦੇ ਹੀ ਜੰਡਿਆਲਾ ਗੁਰੂ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।
ਦੁਕਾਨ ਮਾਲਕ ਨੇ ਪ੍ਰਸ਼ਾਸਨ ਕੋਲੋਂ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਹੈ ਕਿ ਬਦਮਾਸ਼ਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਉੱਧਰ, ਪੁਲਿਸ ਚੌਂਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਜਾਂਚ ਤੇਜ਼ ਕਰ ਦਿੱਤੀ ਗਈ ਹੈ ਅਤੇ ਬਹੁਤ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
