
ਆਖ਼ਰ ਸੀ.ਬੀ.ਆਈ. ਨੇ ਬੇਅਦਬੀ ਮਾਮਲਿਆਂ ਦੀਆਂ ਫ਼ਾਈਲਾਂ ਪੰਜਾਬ ਪੁਲਿਸ ਨੂੰ ਸੌਾਪੀਆਂ
ਜਾਂਚ ਵਿਚ ਅੜਿੱਕੇ ਡਾਹੁਣ 'ਚ ਅਕਾਲੀਆਂ ਦੀ ਭੂਮਿਕਾ ਜੱਗ-ਜ਼ਾਹਰ ਹੋਈ : ਕੈਪਟਨ
ਚੰਡੀਗੜ੍ਹ, 4 ਫ਼ਰਵਰੀ (ਭੁੱਲਰ) : ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਨਾਲੋਂ ਨਾਤਾ ਤੋੜ ਲੈਣ ਤੋਂ ਕੁਝ ਮਹੀਨੇ ਦੇ ਅੰਦਰ ਹੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਬੁਧਵਾਰ ਨੂੰ ਬੇਅਦਬੀ ਮਾਮਲਿਆਂ ਨਾਲ ਜੁੜੇ ਦਸਤਾਵੇਜ਼ ਸੂਬਾ ਪੁਲਿਸ ਦੇ ਹਵਾਲੇ ਕਰ ਦਿਤੇ ਹਨ |
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਇਹ ਸਾਬਤ ਹੋ ਗਿਆ ਕਿ ਅਕਾਲੀ ਦਲ ਇਨ੍ਹਾਂ ਮਾਮਲਿਆਂ ਵਿਚ ਅਪਣੀ ਮਿਲੀਭੁਗਤ ਜ਼ਾਹਰ ਹੋਣ 'ਤੇ ਪਰਦਾ ਪਾਈ ਰੱਖਣ ਲਈ ਇਸ ਕਾਰਵਾਈ ਵਿਚ ਅੜਿੱਕੇ ਡਾਹ ਰਿਹਾ ਸੀ | ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਸੀ.ਬੀ.ਆਈ. ਲਈ ਤੈਅ ਕੀਤੀ ਤਰੀਕ ਦੇ ਲੰਘਣ ਤੋਂ ਕੁਝ ਘੰਟੇ ਪਹਿਲਾਂ ਕੇਂਦਰੀ ਏਜੰਸੀ ਦੁਆਰਾ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਦਸਤਾਵੇਜ਼ ਅਤੇ ਫ਼ਾਈਲਾਂ ਪੰਜਾਬ ਪੁਲਿਸ ਨੂੰ ਸੌਾਪ ਦਿਤੀਆਂ ਗਈਆਂ |
ਮੁੱਖ ਮੰਤਰੀ ਨੇ ਇਸ ਨੂੰ ਸੂਬਾ ਸਰਕਾਰ ਦੀ ਜਿੱਤ ਦਸਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਸਰਕਾਰ ਦੇ ਉਸ ਸਟੈਂਡ ਦੀ ਵੀ ਪੁਸ਼ਟੀ ਹੋ ਗਈ ਕਿ ਇਨ੍ਹਾਂ ਸਾਰੇ ਮਹੀਨਿਆਂ ਦੌਰਾਨ ਸੀ.ਬੀ.ਆਈ. ਵਲੋਂ ਅਕਾਲੀ ਦਲ ਦੇ ਇਸ਼ਾਰੇ 'ਤੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੁਆਰਾ ਕੀਤੀ ਜਾ ਰਹੀ ਜਾਂਚ ਵਿਚ ਰੁਕਾਵਟਾਂ ਖੜੀਆਂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ ਕਿਉਂ ਜੋ ਸਤੰਬਰ, 2020 ਤਕ ਅਕਾਲੀ ਦਲ ਕੇਂਦਰ ਵਿਚ ਐਨ.ਡੀ.ਏ. ਦਾ ਭਾਈਵਾਲ ਸੀ |
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਹੁਣ ਇimageਹ ਸਪੱਸ਼ਟ ਹੋ ਗਿਆ ਕਿ ਹਰਸਿਮਰਤ ਬਾਦਲ, ਕੇਂਦਰੀ ਮੰਤਰੀ ਹੋਣ ਦੇ ਨਾਤੇ ਕੇਂਦਰੀ ਜਾਂਚ ਏਜੰਸੀ ਉਪਰ ਦਬਾਅ ਬਣਾ ਰਹੀ ਸੀ ਕਿ ਕੇਸ ਨਾਲ ਜੁੜੀਆਂ ਫ਼ਾਈਲਾਂ ਪੰਜਾਬ ਪੁਲਿਸ ਨੂੰ ਨਾ ਸੌਾਪ ਕੇ ਐਸ.ਆਈ.ਟੀ. ਦੀ ਜਾਂਚ ਵਿਚ ਅੜਿੱਕੇ ਡਾਹੇ ਜਾਣ ਕਿਉਂ ਜੋ ਉਹ ਇਹ ਗੱਲ ਜਾਣਦੇ ਹਨ ਕਿ ਜੇਕਰ ਪੁਲਿਸ ਜਾਂਚ ਨੂੰ ਕਾਨੂੰਨੀ ਨਤੀਜੇ 'ਤੇ ਲੈ ਗਈ ਤਾਂ ਇਸ ਸਮੁੱਚੇ ਘਟਨਾਕ੍ਰਮ ਵਿਚ ਉਨ੍ਹਾਂ ਦੀ ਪਾਰਟੀ ਦੀ ਭੂਮਿਕਾ ਬੇਪਰਦ ਹੋ ਜਾਵੇਗੀ |'' ਉਨ੍ਹਾਂ ਨੇ ਐਲਾਨ ਕੀਤਾ ਕਿ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਸਿਆਸੀ ਧਿਰ ਨਾਲ ਸਬੰਧਤ ਹੋਵੇ ਜਾਂ ਕੋਈ ਵੀ ਰੁਤਬਾ ਕਿਉਂ ਨਾ ਰਖਦਾ ਹੋਵੇ |