ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕੀਤੀ, ਹੁਣ 5.50 ਰੁਪਏ ਕਿਊਬਕ ਫੁੱਟ ਮਿਲੇਗੀ ਸਸਤੀ ਰੇਤਾ
Published : Feb 5, 2023, 3:35 pm IST
Updated : Feb 5, 2023, 3:35 pm IST
SHARE ARTICLE
photo
photo

7 ਜ਼ਿਲ੍ਹਿਆਂ ਵਿਚ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ

 

ਲੁਧਿਆਣਾ: ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਅਤੇ ਬੱਜਰੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਜਿਸ ਨਾਲ ਹੁਣ ਇਨ੍ਹਾਂ ਖੱਡਾਂ ਤੋਂ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਭਾਅ ਰੇਤਾ ਮਿਲੇਗੀ।  

ਸੂਬੇ ਦੇ 7 ਜ਼ਿਲ੍ਹਿਆਂ ਵਿਚ ਫੈਲੀਆਂ 16 ਜਨਤਕ ਖੱਡਾਂ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਨੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਦਬਦਬਾ ਬਣਾ ਕੇ ਲੋਕਾਂ ਨੂੰ ਡਰਾਉਣ-ਧਮਕਾਉਣ ਵਾਲੇ ਰੇਤ ਮਾਫੀਏ ਨੂੰ ਸੂਬਾ ਸਰਕਾਰ ਨੇ ਜੜ੍ਹੋਂ ਖਤਮ ਕਰ ਦਿੱਤਾ ਹੈ ਤਾਂ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਹੁਣ ਹਰੇਕ ਜਨਤਕ ਖੱਡ ਤੋਂ 5.50 ਰੁਪਏ ਕਿਊਬਕ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਹਾਸਲ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਤੋਂ ਰੇਤਾ ਦੀ ਸਿਰਫ ਹੱਥੀਂ ਖੁਦਾਈ ਕਰਨੀ ਹੋਵੇਗੀ ਅਤੇ ਰੇਤਾ ਦੀ ਮਸ਼ੀਨੀ ਖੁਦਾਈ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਰੇਤ ਠੇਕੇਦਾਰ ਨੂੰ ਇਹ ਜਨਤਕ ਖੱਡਾਂ ਚਲਾਉਣ ਦੀ ਆਗਿਆ ਨਹੀਂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਨਤਕ ਖੱਡਾਂ ਵਾਲੀਆਂ ਥਾਵਾਂ ਤੋਂ ਰੇਤਾ ਸਿਰਫ ਗੈਰ-ਵਪਾਰਕ ਪ੍ਰਾਜੈਕਟਾਂ ਦੀ ਉਸਾਰੀ ਲਈ ਵਰਤਣ ਵਾਸਤੇ ਹੀ ਵੇਚੀ ਜਾਵੇਗੀ।
 

ਮੁੱਖ ਮੰਤਰੀ ਨੇ ਕਿਹਾ ਕਿ ਰੇਤਾ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਅਤੇ ਹਰੇਕ ਜਨਤਕ ਖੱਡ ਵਾਲੀ ਥਾਂ 'ਤੇ ਰੇਤ ਕੱਢੇ ਜਾਣ ਨੂੰ ਨਿਯਮਤ ਕਰਨ ਲਈ ਇੱਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਐਪ ਵੀ ਬਣਾਈ ਹੈ ਜੋ ਲੋਕਾਂ ਨੂੰ ਜਨਤਕ ਖੱਡਾਂ ਵਾਲੀਆਂ ਥਾਵਾਂ ਬਾਰੇ ਪੂਰੀ ਜਾਣਕਾਰੀ ਦੇਵੇਗੀ ਅਤੇ ਇੱਥੋਂ ਤੱਕ ਕਿ ਆਨਲਾਈਨ ਭੁਗਤਾਨ ਦੀ ਸਹੂਲਤ ਵੀ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ 16 ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ ਅਗਲੇ ਮਹੀਨੇ ਤੱਕ ਸੂਬੇ ਭਰ ਵਿੱਚ ਅਜਿਹੀਆਂ 50 ਹੋਰ ਖੱਡਾਂ ਚਾਲੂ ਹੋ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਇੱਕ ਐਪ ਲਾਂਚ ਕੀਤੀ ਗਈ ਹੈ ਜੋ ਗੂਗਲ ਮੈਪਸ ਨਾਲ ਜੁੜੀ ਹੋਵੇਗੀ ਅਤੇ ਵਿਅਕਤੀ ਨੂੰ ਨੇੜੇ ਦੀ ਜਨਤਕ ਖੱਡ ਬਾਰੇ ਜਾਣੂੰ ਕਰਵਾਏਗੀ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਸਤੀ ਰੇਤ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਠੇਕੇਦਾਰਾਂ ਅਤੇ ਟਰਾਂਸਪੋਰਟਰਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਕਿਉਂਕਿ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਮਜ਼ਦੂਰ ਇਸ ਕੰਮ ਵਿਚ ਵਿੱਚ ਲੱਗੇ ਹੋਣਗੇ, ਜਿਸ ਨਾਲ ਉਨ੍ਹਾਂ ਦੀ ਆਮਦਨ ਵਧੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਰੇਤਾ-ਬੱਜਰੀ ਦੀ ਵਿਕਰੀ ਅਤੇ ਖਰੀਦ ਵਿਚ ਵਿਚੋਲਿਆਂ ਨੂੰ ਖਤਮ ਕਰੇਗਾ, ਜਿਸ ਨਾਲ ਆਮ ਆਦਮੀ ਵੱਧ ਸਮਰੱਥ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਭਰ ਵਿੱਚੋਂ ਸਭ ਤੋਂ ਘੱਟ ਕੀਮਤ 'ਤੇ ਰੇਤ ਲੋਕਾਂ ਲਈ ਮੌਜੂਦ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਨਤਕ ਖੱਡਾਂ ਵਾਲੀਆਂ ਥਾਵਾਂ ਦੀ ਮੌਜੂਦਗੀ ਖੁਦ-ਬ-ਖੁਦ ਹੀ ਕੀਮਤਾਂ ਨੂੰ ਪ੍ਰਭਾਵਿਤ ਕਰੇਗੀ ਜਿਸ ਨਾਲ ਕੀਮਤਾਂ ਹੇਠਲੇ ਪੱਧਰ 'ਤੇ ਸਥਿਰ ਹੋਣਗੀਆਂ ਕਿਉਂਕਿ ਇਹ ਖੱਡਾਂ ਆਮ ਲੋਕਾਂ ਲਈ ਸਸਤੀ ਰੇਤ ਖਰੀਦਣ ਲਈ ਨਿਯਮਤ ਬਦਲ ਪੇਸ਼ ਕਰਦੀਆਂ ਹਨ।2

ਮੁੱਖ ਮੰਤਰੀ ਨੇ ਕਿਹਾ ਕਿ ਖੱਡਾਂ ਦੇ ਸੰਚਾਲਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ ਕਿਉਂਕਿ ਇਸ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਸੀ.ਸੀ.ਟੀ.ਵੀ. ਕੈਮਰੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਜਨਤਕ ਥਾਵਾਂ 'ਤੇ ਪੁਲਿਸ ਦੀ ਗਸ਼ਤ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ 'ਤੇ ਪੂਰੀ ਨਜ਼ਰ ਰੱਖੀ ਜਾ ਸਕੇ। ਭਗਵੰਤ ਮਾਨ ਨੇ ਦੱਸਿਆ ਕਿ ਇਹ ਖੱਡਾਂ ਇਕ ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਅਤੇ 1 ਅਕਤੂਬਰ ਤੋਂ 31 ਮਾਰਚ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੀਆਂ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਰੇਤ ਮਾਫੀਆ ਜਿਸ ਨੇ ਪਿਛਲੀਆਂ ਸਰਕਾਰਾਂ ਦੇ ਸਮੇਂ ਪੈਰ ਪਸਾਰੇ ਹੋਏ ਸਨ, ਹੁਣ ਲੋਕਾਂ ਦਾ ਸ਼ੋਸ਼ਣ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਰੇਤ ਦੀਆਂ ਖੱਡਾਂ ਰਾਹੀਂ ਗੈਰ-ਕਾਨੂੰਨੀ ਪੈਸਾ ਇਕੱਠਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸੂਬੇ ਨਾਲ ਇਹ ਘਿਨਾਉਣਾ ਅਤੇ ਨਾ ਮੁਆਫ਼ੀਯੋਗ ਅਪਰਾਧ ਕੀਤਾ ਹੈ, ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ਸੂਬਾ ਸਰਕਾਰ ਵੱਲੋਂ ਹੁਣ ਤੱਕ ਪੂਰੀਆਂ ਕੀਤੀਆਂ ਕਈ ਗਾਰੰਟੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਦੇ 10 ਮਹੀਨਿਆਂ ਦੇ ਅੰਦਰ-ਅੰਦਰ ਸੂਬਾ ਸਰਕਾਰ ਨੇ ਟਰਾਂਸਪੋਰਟ ਮਾਫੀਆ ਦਾ ਸਫਾਇਆ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੁਲਾਈ, 2022 ਤੋਂ ਸੂਬੇ ਦੇ 87 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਚੁੱਕੀ ਹੈ।ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ 26,000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਹੋਰ ਵੀ ਭਰਤੀ ਚੱਲ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ 500 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪ੍ਰਿੰਸੀਪਲਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਨਵੇਂ ਤੇ ‘ਰੰਗਲੇ ਪੰਜਾਬ’ ਦੀ ਸਵੇਰ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਹਰਦੀਪ ਸਿੰਘ ਮੁੰਡੀਆਂ ਅਤੇ ਜੀਵਨ ਸਿੰਘ ਸੰਗੋਵਾਲ, ਸਕੱਤਰ ਮਾਈਨਿੰਗ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਮਾਈਨਿੰਗ ਡੀ.ਪੀ.ਐਸ. ਖਰਬੰਦਾ ਅਤੇ ਹੋਰ ਵੀ ਹਾਜ਼ਰ ਸਨ।
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement