
ਚੰਡੀਗੜ੍ਹ : ਸੂਬੇ ਦੀ ਕੈਪਟਨ ਸਰਕਾਰ ਵੱਲੋਂ ਲੋਕਾਂ ਦਾ ਕਰੋੜਾਂ ਰੁਪਏ ਹੜੱਪ ਕੇ ਜੇਲ 'ਚ ਗਏ ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ...
ਚੰਡੀਗੜ੍ਹ : ਸੂਬੇ ਦੀ ਕੈਪਟਨ ਸਰਕਾਰ ਵੱਲੋਂ ਲੋਕਾਂ ਦਾ ਕਰੋੜਾਂ ਰੁਪਏ ਹੜੱਪ ਕੇ ਜੇਲ 'ਚ ਗਏ ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀਕਾਂਡ ਦੇ ਕਥਿਤ ਦੋਸ਼ੀ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਨਿਯਮਾਂ ਨੂੰ ਛਿੱਕੇ ਟੰਗ ਕੇ ਜੇਲ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਮੀਡੀਆ 'ਚ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਲੋਕਾਂ 'ਤੇ ਤਸ਼ੱਦਦ ਢਾਹੁਣ ਵਾਲੇ ਲੋਕਾਂ 'ਤੇ ਹੀ ਲੋਕਾਂ ਦਾ ਪੈਸਾ ਖ਼ਰਚ ਕਰ ਕੇ ਸਰਕਾਰ ਉਨ੍ਹਾਂ ਨਾਲ ਭੱਦਾ ਮਜ਼ਾਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਸੂਬੇ ਦੀ ਕਾਨੂੰਨ ਅਤੇ ਨਿਆਂ ਵਿਵਸਥਾ ਦਾ ਜਨਾਜ਼ਾ ਕੱਢ ਰਹੀ ਹੈ।
ਮਾਨ ਨੇ ਕਿਹਾ ਕਿ ਨਿਰਮਲ ਸਿੰਘ ਭੰਗੂ ਦੀ ਕੰਪਨੀ ਪਰਲ ਨੇ ਸਮੁੱਚੇ ਪੰਜਾਬ ਅਤੇ ਖ਼ਾਸ ਤੌਰ 'ਤੇ ਮਾਲਵਾ ਖੇਤਰ ਵਿਚ ਲੋਕਾਂ ਕੋਲੋਂ ਕਰੋੜਾਂ ਰੁਪਏ ਹੜੱਪੇ ਹਨ ਪਰ ਸਰਕਾਰ ਉਨ੍ਹਾਂ ਦੇ ਵਿਰੁੱਧ ਸਖ਼ਤ ਐਕਸ਼ਨ ਲੈਣ ਦੀ ਥਾਂ ਉਨ੍ਹਾਂ ਦੀ ਖ਼ਾਤਰਦਾਰੀ ਕਰਨ ਵਿਚ ਰੁੱਝੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪਰਲ ਕੰਪਨੀ ਅਤੇ ਭੰਗੂ ਨਾਲ ਸਬੰਧਤ ਜਾਇਦਾਦਾਂ ਦੀ ਨਿਲਾਮੀ ਕਰੇ ਅਤੇ ਪੀੜਤ ਪਰਵਾਰਾਂ ਨੂੰ ਵਿਆਜ ਸਮੇਤ ਪੈਸਾ ਵਾਪਸ ਕਰੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਜੇਲ ਵਿਚ ਬੰਦ ਭੰਗੂ ਦੀ ਸੁਰੱਖਿਆ ਅਤੇ ਸਹੂਲਤਾਂ 'ਤੇ ਵੀ ਕਰੋੜਾਂ ਰੁਪਏ ਖ਼ਰਚ ਰਹੀ ਹੈ।
Pro. Sadhu Singhਸਰਕਾਰ ਭ੍ਰਿਸ਼ਟਾਚਾਰੀਆਂ ਅਤੇ ਅਪਰਾਧੀਆਂ ਦੇ ਹੌਸਲੇ ਵਧਾ ਰਹੀ ਹੈ : ਪ੍ਰੋ. ਸਾਧੂ ਸਿੰਘ
ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਸਰਕਾਰ ਖ਼ੁਦ ਕਾਨੂੰਨ ਦੀ ਉਲੰਘਣਾ ਅਤੇ ਬੇਕਸੂਰ ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਲੋਕਾਂ ਦਾ ਸਾਥ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵਿਚ ਆਈਆਂ ਖ਼ਬਰਾਂ ਮੁਤਾਬਕ ਉਮਰਾਨੰਗਲ ਨੂੰ ਜੇਲ ਵਿਚ ਨਿੱਜੀ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਮਿਲਣ ਵਾਲਿਆਂ ਦੇ ਨਾਮ ਦਰਜ ਕੀਤੇ ਬਿਨ ਹੀ ਮੁਲਾਕਾਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਭ੍ਰਿਸ਼ਟਾਚਾਰੀਆਂ ਅਤੇ ਅਪਰਾਧੀਆਂ ਦੇ ਹੌਸਲੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਦਾ ਬੇਰੋਕ-ਟੋਕ ਉਮਰਾਨੰਗਲ ਨੂੰ ਜੇਲ ਵਿਚ ਮਿਲਣਾ ਕਾਂਗਰਸ ਅਤੇ ਅਕਾਲੀ ਦਲ ਦੀ ਮਿਲੀਭੁਗਤ ਬਿਆਨ ਕਰਦਾ ਹੈ।