
ਇਸ ਮੌਕੇ ਵਿਧਾਇਕਾਂ ਵੱਲੋਂ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ ਗਈ।
ਚੰਡੀਗੜ੍ਹ- ਅੱਜ ਪੰਜਾਬ ਬਜਟ ਇਜਲਾਸ ਦਾ 5ਵਾਂ ਦਿਨ ਹੈ। ਇਸ ਦੇ ਚਲਦੇ ਅੱਜ ਸਦਨ ਵਿੱਚ ਭਾਰੀ ਹੰਗਾਮਾ ਹੋਇਆ। ਵਿੱਤੀ ਵਰ੍ਹੇ 2021-22 ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅੱਜ ਰਾਜਪਾਲ ਦੇ ਭਾਸ਼ਣ ’ਤੇ ਬਹਿਸ ’ਚ ਉੱਠੇ ਸੁਆਲਾਂ ਦੇ ਜੁਆਬ ਦੇਣਗੇ। ਇਸ ਵਿਚਕਾਰ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਜਮ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਹ ਪ੍ਰਦਰਸ਼ਨ ਪੰਜਾਬ ਵਿਧਾਨ ਸਭਾ ਦੇ ਬਾਹਰ ਪੈਦਲ ਕੀਤਾ। ਇਸ ਮੌਕੇ ਵਿਧਾਇਕਾਂ ਵੱਲੋਂ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ ਗਈ।
ਦੂਜੇ ਪਾਸੇ ਅਕਾਲੀ ਦਲ ਵੱਲੋਂ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਤੇ ਮਜੀਠੀਆ ਨੇ ਪਲਟਵਾਰ ਕਰਦੇ ਕਿਹਾ ਤੁਹਾਡੇ 'ਚ ਦਮ ਹੈ ਤਾਂ ਐਫਆਈਆਰ ਦਰਜ ਕਰੋ। ਇਸ ਦੇ ਨਾਲ ਹੀ ਕਿਹਾ ਕਿ ਕਾਂਗਰਸ ਕੋਲੋਂ ਬਜਟ ਦੇਣ ਲਈ ਕੁਝ ਨਹੀਂ ਇਸ ਤੇ ਝੂਠਾ ਇਲਜਾਮ ਲਗਾ ਰਹੇ ਹਨ।
ਸਦਨ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਮੈਂਬਰ 'ਤੇ ਸਵਾਲ ਖੜ੍ਹੇ ਹੋ ਗਏ। ਅੱਜ ਜਦੋਂ ਸਦਨ 'ਚ ਸੁਖਪਾਲ ਖਹਿਰਾ ਨੇ ਬੋਲਣਾ ਸ਼ੁਰੂ ਕੀਤਾ ਤਾਂ 'ਆਪ' ਵਿਧਾਇਕ ਕੁਲਤਾਰ ਸੰਧਵਾਂ ਨੇ ਸਦਨ ਰੌਲ਼ਾ-ਰੱਪਾ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੁੱਛਿਆ ਜਾਵੇ ਕਿ ਇਹ ਮੈਂਬਰ ਕਿਸ ਪਾਰਟੀ ਨਾਲ ਸਬੰਧਤ ਹੈ। ਇਸ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਪਾਰਟੀ ਹੋਣਾ ਕੋਈ ਜ਼ਰੂਰੀ ਨਹੀਂ। ਸੁਖਪਾਲ ਖਹਿਰਾ ਇਸ ਸਦਨ ਦੇ ਮੈਂਬਰ ਹਨ, ਮੈਂਬਰ ਹੋਣਾ ਜ਼ਰੂਰੀ ਹੈ, ਇਸ ਲਈ ਉਹ ਜ਼ਰੂਰ ਬੋਲਣਗੇ।
ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੋਰੋਨਾ ਕਾਲ ਦੌਰਾਨ ਪ੍ਰਾਈਵੇਟ ਸਕੂਲਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਆਪਣੀਆਂ ਮਨਮਰਜ਼ੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਫ਼ੀਸ ਨਾ ਭਰਨ ਵਾਲੇ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਾਨ ਕਰਨਾ ਜਾਰੀ ਹੈ।