
ਭਾਖੜਾ ਬੋਰਡ ਦੇ ਮੁੱਦੇ ਨੂੰ ਲੈ ਕੇ ਪੰਜਾਬ ’ਚ ਕਿਸਾਨਾਂ ਦਾ ਮੋਰਚਾ ਭਖਿਆ
ਚੰਡੀਗੜ੍ਹ, 5 ਮਾਰਚ (ਗੁਰਉਪਦੇਸ਼ ਭੁੱਲਰ) : ਭਾਖੜਾ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕੀਤੇ ਜਾਣ ਦੇ ਜਿਥੇ ਸੂਬੇ ਦੀਆਂ ਸਿਆਸੀ ਪਾਰਟੀਆਂ ਜ਼ੋਰਦਾਰ ਵਿਰੋਧ ਕਰ ਰਹੀਆਂ ਹਨ ਉਥੇ ਹੁਣ ਕਿਸਾਨ ਜਥੇਬੰਦੀਆਂ ਦਾ ਵੀ ਇਸ ਮੁੱਦੇ ਨੂੰ ਲੈ ਕੇ ਮੋਰਚਾ ਭੱਖ ਗਿਆ ਹੈ। ਅੱਜ ਦੂਜੇ ਦਿਨ ਵੀ ਪੰਜਾਬ ਭਰ ਵਿਚ ਕਿਸਾਨ ਜਥੇਬੰਦੀਆਂ ਨੇ ਰੋਸ ਮੁਜ਼ਾਹਰੇ ਕੀਤੇ। ਇਨ੍ਹਾਂ ਦਾ ਸੱਦਾ ਸੱਭ ਤੋਂ ਵੱਡੀ ਕਿਸਾਨ ਜਥੇਬੰਦੀ ਬੀ.ਕੇ. ਯੂ. (ਏਕਤਾ) ਉਗਰਾਹਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦਿਤਾ ਗਿਆ ਸੀ। ਬੀਤੇ ਦਿਨੀਂ ਸੰਯੁਕਤ ਸਮਾਜ ਮੋਰਚੇ ਵਲੋਂ ਪੰਜਾਬ ਰਾਜ ਭਵਨ ਅੱਗੇ ਧਰਨਾ ਲਾਉਣ ਤੋਂ ਇਲਾਵਾ 22 ਕਿਸਾਨ ਜਥੇਬੰਦੀਆਂ ਸੂਬੇ ਭਰ
ਵਿਚ ਕੇਂਦਰ ਸਰਕਾਰ
ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕਰ ਚੁੱਕੀਆਂ ਹਨ। ਸੰਯੁਕਤ ਕਿਸਾਨ ਮੋਰਚਾ ਹੁਣ ਸੰਘਰਸ਼ ਨੂੰ ਤੇਜ਼ ਕਰਨ ਲਈ 7 ਮਾਰਚ ਨੂੰ ਮੀਟਿੰਗ ਕਰਨ ਜਾ ਰਿਹਾ ਹੈ।
ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿਚ ਪੰਜਾਬ ਹਰਿਆਣੇ ਦਾ ਕੰਟਰੋਲ ਖ਼ਤਮ ਕਰਨ ਦੇ ਮਨਸੂਬੇ ਘੜ ਰਹੀ ਮੋਦੀ ਸਰਕਾਰ ਵਿਰੁਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਅੱਜ ਪੰਜਾਬ ਭਰ ਵਿਚ 21 ਥਾਵਾਂ ’ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦਸਿਆ ਕਿ 17 ਜ਼ਿਲ੍ਹਿਆਂ ਵਿਚ 14 ਡੀ ਸੀ ਦਫ਼ਤਰਾਂ ਅਤੇ 7 ਐਸ ਡੀ ਐਮ/ਤਹਿਸੀਲਦਾਰ ਦਫ਼ਤਰਾਂ ਅੱਗੇ ਕੀਤੇ ਗਏ ਰੋਸ ਪ੍ਰਦਰਸ਼ਨਾਂ ਵਿਚ ਕੁਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿਚ ਔਰਤਾਂ ਸਮੇਤ ਹਜ਼ਾਰਾਂ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ ਹੋਰ ਕਈ ਵਰਗਾਂ ਦੇ ਕਿਰਤੀ ਕਾਮੇ ਸ਼ਾਮਲ ਹੋਏ। ਮੌਕੇ ’ਤੇ ਪੁੱਜੇ ਜ਼ਿਲ੍ਹਾ/ਉਪ ਮੰਡਲ/ਤਹਿਸੀਲ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂ ਸੌਂਪੇ ਗਏ ਮੰਗ ਪੱਤਰਾਂ ਰਾਹੀਂ ਮੰਗ ਕੀਤੀ ਗਈ ਕਿ ਪਹਿਲਾਂ ਵਾਂਗ ਹੀ ਪੰਜਾਬ ਹਰਿਆਣੇ ਦਾ ਕੰਟਰੋਲ ਕਾਇਮ ਰੱਖਣ ਲਈ ਬੀ ਬੀ ਐਮ ਬੀ ਵਿਚ ਬਿਜਲੀ ਅਤੇ ਸਿੰਜਾਈ ਦੇ ਪੱਕੇ ਮੈਂਬਰ ਪੰਜਾਬ ਹਰਿਆਣੇ ਵਿਚੋਂ ਹੀ ਨਿਯੁਕਤ ਕੀਤੇ ਜਾਣ। ਹੋਰ ਪ੍ਰਬੰਧਕੀ ਮੈਂਬਰ ਵੀ ਇਨ੍ਹਾਂ ਰਾਜਾਂ ਸਮੇਤ ਇਸ ਪ੍ਰਾਜੈਕਟ ਦੇ ਹਿੱਸੇਦਾਰ ਹਿਮਾਚਲ, ਰਾਜਸਥਾਨ ਤੇ ਚੰਡੀਗੜ੍ਹ ਵਿਚੋਂ ਹੀ ਨਿਯੁਕਤ ਕੀਤੇ ਜਾਣ ਅਤੇ ਫ਼ੈਸਲੇ ਕਰਨ ਦਾ ਅਧਿਕਾਰ ਇਨ੍ਹਾਂ ਮੈਂਬਰਾਂ ਕੋਲ ਹੀ ਹੋਵੇ। ਹੋਰ ਬਾਹਰਲੇ ਰਾਜ ਵਿਚੋਂ ਨਿਯੁਕਤ ਕੀਤਾ ਗਿਆ ਚੇਅਰਮੈਨ ਪਹਿਲਾਂ ਵਾਂਗ ਸਿਰਫ਼ ਨਿਗਰਾਨ ਵਜੋਂ ਹੀ ਕੰਮ ਕਰੇ। ਪ੍ਰਾਜੈਕਟ ਦੀ ਸੁਰੱਖਿਆ ਲਈ ਸੁਰੱਖਿਆ ਬਲ ਵੀ ਪੰਜਾਬ ਹਰਿਆਣੇ ਵਿਚੋਂ ਹੀ ਤਾਇਨਾਤ ਕੀਤੇ ਜਾਣ ਅਤੇ ਕੇਂਦਰੀ ਸਨਅਤੀ ਸੁਰੱਖਿਆ ਬਲਾਂ ਦੀ ਤਾਇਨਾਤੀ ਦਾ ਫ਼ੈਸਲਾ ਰੱਦ ਕੀਤਾ ਜਾਵੇ।
ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਸਿਆ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਤੇ ਇਸ ਦੀ ਸੁਰੱਖਿਆ ਪੰਜਾਬ ਤੋਂ ਖੋਹ ਕੇ ਕੇਂਦਰੀ ਸੁਰੱਖਿਆ ਬਲਾਂ ਨੂੰ ਦੇਣ ਤੇ ਇਸ ਦਾ ਨਿਜੀਕਰਨ ਕਰਨ ਵਾਲੀ ਕੇਂਦਰ ਸਰਕਾਰ ਦੇ ਪੁਤਲੇ ਅੱਜ ਪੰਜਾਬ ਦੇ 60 ਬਲਾਕਾਂ/ਜ਼ੋਨ ਪੱਧਰ ਉਤੇ ਇਕੱਠ ਕਰ ਕੇ ਸੜਕਾਂ ਜਾਮ ਕਰ ਕੇ ਫੂਕੇ ਗਏ। ਇਸ ਐਕਸ਼ਨ ਵਿਚ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ, ਬੀਬੀਆਂ ਤੇ ਨੌਜਵਾਨਾਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਵੱਖ-ਵੱਖ ਥਾਵਾਂ ਉਤੇ ਸੰਬੋਧਨ ਕਰਦਿਆਂ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਜਸਬੀਰ ਸਿੰਘ ਪਿੱਦੀ, ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਤੋੜ ਰਹੀ ਹੈ। ਸੂਬਿਆਂ ਦੇ ਅਧਿਕਾਰ ਖੋਹ ਕੇ ਉਨ੍ਹਾਂ ਨੂੰ ਨਗਰ ਕੌਂਸਲਾਂ ਬਣਾਉਣਾ ਚਾਹੁੰਦੀ ਹੈ। ਭਾਖੜਾ ਬਿਆਸ ਡੈਮ ਪੰਜਾਬ ਦੀ ਧਰਤੀ ੳੱਤੇ ਬਣਿਆ ਹੈ ਇਸ ਦਾ ਪ੍ਰਬੰਧ ਪੰਜਾਬ, ਹਰਿਆਣਾ, ਹਿਮਾਚਲ ਨੂੰ ਦੇਣ ਦੀ ਥਾਂ ਉੱਤੇ ਕੇਂਦਰੀਕਰਨ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਮਨਸੂਬੇ ਘੜੇ ਜਾ ਰਹੇ ਹਨ। ਡੈਮ ਦੀ ਸੁਰੱਖਿਆ ਵਿਚ ਪੰਜਾਬ ਪੁਲਿਸ ਨੂੰ ਹਟਾ ਕੇ ਕੇਂਦਰੀ ਸੁਰੱਖਿਆ ਬਲਾਂ ਨੂੰ ਤਾਇਨਾਤ ਕਰਨਾ ਪੰਜਾਬ ਵਿਰੋਧੀ ਫ਼ੈਸਲਾ ਹੈ। ਕਿਸਾਨ ਆਗੂਆਂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿਚ ਪੰਜਾਬ ਹਰਿਆਣਾ ਦੀ ਨੁਮਾਇੰਦਗੀ ਬਹਾਲ ਕਰਨ, ਇਸ ਦਾ ਨਿਜੀਕਰਨ ਤੁਰਤ ਰੱਦ ਕਰਨ ਤੇ ਇਸ ਦੀ ਸੁਰੱਖਿਆ ਪੰਜਾਬ ਪੁਲਿਸ ਨੂੰ ਦੇਣ ਦੀ ਮੰਗ ਕੀਤੀ ਤੇ ਪੰਜਾਬ ਦੀ ਜਨਤਾ ਨੂੰ ਸੰਘਰਸ਼ ਹੋਰ ਤੇਜ਼ ਕਰਨ ਲਈ ਮੈਦਾਨ ਵਿਚ ਕੁਦਣ ਦੀ ਅਪੀਲ ਕੀਤੀ।