Punjab Budget 2024: ਮੁੱਖ ਮੰਤਰੀ ਵਲੋਂ ਬਜਟ 2024-25 ਦੀ ਸ਼ਲਾਘਾ; 'ਰੰਗਲਾ ਪੰਜਾਬ' ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਦਸਿਆ
Published : Mar 5, 2024, 5:18 pm IST
Updated : Mar 5, 2024, 5:18 pm IST
SHARE ARTICLE
CM Mann hails Punjab Budget 2024
CM Mann hails Punjab Budget 2024

ਪਹਿਲੀ ਵਾਰ ਦੋ ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ ਗਿਆ

Punjab Budget 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਪੇਸ਼ ਕੀਤੇ ਬਜਟ 2024-25 ਦੀ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਸਮੁੱਚੇ, ਬਰਾਬਰ ਅਤੇ ਵਿਆਪਕ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਕਦਮ ਦਸਿਆ।

ਇਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ‘ਜ਼ੀਰੋ ਟੈਕਸ’ ਬਜਟ ਵਿਚ ਸਾਰੇ ਮੁੱਖ ਖੇਤਰਾਂ ਜਿਵੇਂ ਸਿਹਤ, ਸਿੱਖਿਆ, ਬਿਜਲੀ, ਬੁਨਿਆਦੀ ਢਾਂਚਾ, ਉਦਯੋਗ, ਖੇਡਾਂ, ਸਮਾਜਿਕ ਸੁਰੱਖਿਆ ਅਤੇ ਹੋਰ ਖੇਤਰਾਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ ਜੋ ਸੂਬੇ ਦੇ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਦੇ ਸਮੁੱਚੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰੇਗਾ ਅਤੇ ਸਮਾਜ ਦੇ ਸਾਰੇ ਵਰਗਾਂ ਖਾਸ ਕਰ ਕੇ ਗਰੀਬ ਤੇ ਪਛੜੇ ਵਰਗਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬੇ ਦਾ ਬਜਟ ਦੋ ਲੱਖ ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕਈ ਅਹਿਮ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ 2012-17 ਦੌਰਾਨ 8 ਫ਼ੀ ਸਦੀ ਤੇ 2017-22 ਦੌਰਾਨ 6 ਫ਼ੀ ਸਦੀ ਦੀ ਮਿਸ਼ਰਤ ਸਾਲਾਨਾ ਵਿਕਾਸ ਦਰ ਦੇ ਮੁਕਾਬਲੇ ਟੈਕਸ ਮਾਲੀਆ 13 ਫ਼ੀ ਸਦੀ ਰਿਹਾ, ਜਿਸ ਨਾਲ ਸਪੱਸ਼ਟ ਹੁੰਦਾ ਹੈ ਕਿ ਵਿਚਾਰਾਂ ਦੀ ਸਪੱਸ਼ਟਤਾ ਅਤੇ ਉਨ੍ਹਾਂ ਵਿਚਾਰਾਂ ਨੂੰ ਅਮਲ ਵਿਚ ਲਿਆਉਣ ਪ੍ਰਤੀ ਦ੍ਰਿੜਤਾ ਉਤੇ ਹੀ ਕੰਮ ਨੇਪਰੇ ਚੜ੍ਹਨਾ ਨਿਰਭਰ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਇਸ ਮੰਤਵ ਲਈ ਸਰਕਾਰ ਵਲੋਂ ਮੁੱਖ ਖੇਤਰਾਂ ਜਿਵੇਂ ਬਿਹਤਰ ਸ਼ਾਸਨ, ਸਿੱਖਿਆ ਤੇ ਸਿਹਤ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਲੇ ਵਿੱਤੀ ਸਾਲ ਵਿਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਵੱਖ-ਵੱਖ ਫ਼ਸਲੀ ਵਿਭਿੰਨਤਾ ਸਕੀਮਾਂ ਲਈ ਵਿੱਤੀ ਵਰ੍ਹੇ 2024-25 ਵਿਚ 575 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿਚ ਖੇਤੀਬਾੜੀ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਮੁਕਤਸਰ ਜ਼ਿਲ੍ਹਿਆਂ ਨੂੰ ਲਾਭ ਪਹੁੰਚਾਉਣ ਲਈ ਲਗਭਗ 1,78,000 ਏਕੜ ਰਕਬੇ ਨੂੰ ਕਵਰ ਕਰਨ ਦੇ ਉਦੇਸ਼ ਨਾਲ ਨਵਾਂ ਮਾਲਵਾ ਨਹਿਰੀ ਪ੍ਰਾਜੈਕਟ ਬਣਾਉਣ ਦੀ ਤਜਵੀਜ਼ ਰੱਖੀ ਗਈ ਹੈ, ਜਿਸ ਨਾਲ ਜ਼ਮੀਨ ਹੇਠਲੇ ਪਾਣੀ 'ਤੇ ਨਿਰਭਰਤਾ ਘਟੇਗੀ ਅਤੇ ਹਾੜ੍ਹੀ ਸੀਜ਼ਨ ਦੌਰਾਨ ਬਿਆਸ-ਸਤਲੁਜ ਦਰਿਆ ਦੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਸੁਚੱਜੀ ਵਰਤੋਂ ਕੀਤੀ ਜਾ ਸਕੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਿੱਖਿਆ ਖੇਤਰ ਲਈ ਵਿੱਤੀ ਸਾਲ 2024-25 ਵਿਚ 16,987 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਕੁੱਲ ਖਰਚੇ ਦਾ ਲਗਭਗ 11.5 ਫੀਸਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ 100 ਕਰੋੜ ਰੁਪਏ ਸਕੂਲ ਆਫ਼ ਐਮੀਨੈਂਸ ਲਈ ਰੱਖੇ ਗਏ ਹਨ ਜਦਕਿ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਸਕੂਲ ਆਫ਼ ਬ੍ਰਿਲੀਅਨਜ਼ ਅਤੇ ਸਕਿੱਲ ਐਜੂਕੇਸ਼ਨ ਪ੍ਰਦਾਨ ਕਰਨ ਲਈ “ਸਕੂਲ ਆਫ਼ ਅਪਲਾਈਡ ਲਰਨਿੰਗ” ਅਤੇ ਵਿਦਿਆਰਥੀਆਂ ਦੀ ਸਮੁੱਚੇ ਵਿਕਾਸ ਲਈ ਸਕੂਲ ਆਫ਼ ਹੈਪੀਨੈੱਸ ਵਾਸਤੇ 10-10 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਖੇਤਰ ਲਈ 5264 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਰਥਿਕ ਸੂਝ-ਬੂਝ ਨਾਲ ਤਿਆਰ ਕੀਤਾ ਗਿਆ ਵਿੱਤੀ ਵਰ੍ਹੇ 2024-25 ਦਾ ਬਜਟ, ਸਰੋਤ ਜੁਟਾ ਕੇ ਮਾਲੀਆ ਵਧਾਉਣ 'ਤੇ ਧਿਆਨ ਕੇਂਦਰਿਤ ਕਰਦਿਆਂ ਵਿੱਤੀ ਘਾਟੇ ਨੂੰ ਘਟਾਉਣ ਦੇ ਨਾਲ-ਨਾਲ ਵਿੱਤੀ ਅਨੁਸ਼ਾਸਨ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਸਾਡਾ ਸੂਬਾ ਹੁਣ ਵਿਕਾਸ ਅਤੇ ਖ਼ੁਸ਼ਹਾਲੀ ਦੀਆਂ ਸਿਖਰਾਂ ਛੂਹੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਮੌਜੂਦਾ ਬਜਟ ਉਦਯੋਗਿਕ ਖੇਤਰ ਦੀ ਸੁਰਜੀਤੀ ਦੇ ਨਾਲ-ਨਾਲ ਸੂਬੇ ਦੀ ਖੇਤੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਇਕ ਖ਼ਾਕੇ ਵਜੋਂ ਕੰਮ ਕਰੇਗਾ।

ਮੁੱਖ ਮੰਤਰੀ ਨੇ ਮੌਜੂਦਾ ਬਜਟ ਨੂੰ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ ਕਿ ਨੇੜਲੇ ਭਵਿੱਖ ਵਿਚ ਇਹ ਬਜਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਿਕਾਸ ਅਤੇ ਪ੍ਰਗਤੀ ਦੇ ਨਵੇਂ ਦਿਸਹੱਦੇ ਸਥਾਪਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਦਰਸਾਉਂਦਾ ਹੈ ਅਤੇ ਇਸ ਦਾ ਉਦੇਸ਼ ਸਮਾਜ ਦੇ ਸਭ ਤੋਂ ਕਮਜ਼ੋਰ ਅਤੇ ਗਰੀਬ ਵਰਗ ਦੇ ਲੋਕਾਂ ਦੀ ਸਹੀ ਮਾਅਨਿਆਂ ਵਿਚ ਸੇਵਾ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਜਟ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਦੇ ਉਦੇਸ਼ ਦੀ ਪ੍ਰਾਪਤੀ ਲਈ ਆਪ ਸਰਕਾਰ ਦੀ ਵਿਵਹਾਰਕ ਪਹੁੰਚ ਦਾ ਨਤੀਜਾ ਹੈ।

 (For more Punjabi news apart from CM Mann hails Punjab Budget 2024 as a step towards 'Rangla Punjab', stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement