
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਅਤੇ ਨਿਜੀ ਬੈਂਕਾਂ ਤੋਂ ਸੂਬੇ ਦੇ ਕਿਸਾਨਾਂ ਦੁਆਰਾ ਲਏ 6000 ਕਰੋੜ ਰੁਪਏ ਦੇ ਕਰਜ਼ੇ ਦਾ ਯਕਮੁਸ਼ਤ ਨਿਪਟਾਰਾ ਕਰਨ ਦੀ....
ਨਵੀਂ ਦਿੱਲੀ, 20 ਜੁਲਾਈ (ਸੁਖਰਾਜ ਸਿੰਘ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਅਤੇ ਨਿਜੀ ਬੈਂਕਾਂ ਤੋਂ ਸੂਬੇ ਦੇ ਕਿਸਾਨਾਂ ਦੁਆਰਾ ਲਏ 6000 ਕਰੋੜ ਰੁਪਏ ਦੇ ਕਰਜ਼ੇ ਦਾ ਯਕਮੁਸ਼ਤ ਨਿਪਟਾਰਾ ਕਰਨ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ।
ਅੱਜ ਇਥੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦਸਿਆ ਕਿ ਇਸ ਨਿਪਟਾਰੇ ਨਾਲ ਮੁਸੀਬਤਾਂ ਵਿਚ ਘਿਰੇ ਸੂਬੇ ਦੇ 4.5 ਲੱਖ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਉਨ੍ਹਾਂ ਨੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦੇ ਕੇ 6000 ਕਰੋੜ ਰੁਪਏ ਦਾ ਇਹ ਕਰਜ਼ਾ ਮਿਆਦੀ ਕਰਜ਼ੇ ਵਿਚ ਬਦਲਣ ਲਈ ਕੇਂਦਰੀ ਵਿੱਤ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ।
ਸੂਬੇ ਦੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਤੋਂ ਕਿਸਾਨਾਂ ਦੇ ਮੁਆਫ਼ ਕੀਤੇ ਕੁਲ ਕਰਜ਼ੇ ਵਿਚੋਂ 3600 ਕਰੋੜ ਰੁਪਏ ਦਾ ਕਰਜ਼ਾ ਸਹਿਕਾਰੀ ਕਰਜ਼ਾ ਸੀ ਜਦਕਿ ਬਾਕੀ 6000 ਕਰੋੜ ਰੁਪਏ ਦਾ ਕਰਜ਼ਾ ਬੈਂਕਾਂ ਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬੈਂਕਾਂ ਨੇ ਕਿਸਾਨਾਂ ਨੂੰ ਇਹ ਅਨੈਤਿਕ ਕਰਜ਼ਾ ਦੇ ਕੇ ਕਰਜ਼ੇ ਦੇ ਚੱਕਰ ਵਿਚ ਫਸਾਇਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦਾ ਵਿੱਤੀ ਬੋਝ ਘਟਾਉਣ ਲਈ 31000 ਕਰੋੜ ਰੁਪਏ ਦੀ ਸੀ.ਸੀ.ਐਲ. ਨਾਲ ਸਬੰਧਤ ਕਰਜ਼ੇ ਦੇ ਨਿਪਟਾਰੇ ਦੇ ਮੁੱਦੇ ਬਾਰੇ ਵੀ ਵਿੱਤ ਮੰਤਰੀ ਨਾਲ ਵਿਚਾਰ ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਇਸ ਮੁੱਦੇ 'ਤੇ ਜੇਤਲੀ ਨੂੰ ਇਕ ਕਮੇਟੀ ਬਣਾਉਣ ਦੀ ਬੇਨਤੀ ਕੀਤੀ। ਮੁੱਖ ਮੰਤਰੀ ਨੇ ਗੁਰਦੁਆਰਿਆਂ/ਮੰਦਰਾਂ/ਚਰਚਾਂ/ਮਸਜਿਦਾਂ ਵਿਖੇ ਲੰਗਰ ਅਤੇ ਪ੍ਰਸ਼ਾਦ 'ਤੇ ਲੱਗੇ ਜੀ.ਐਸ.ਟੀ. ਨੂੰ ਖ਼ਤਮ ਕਰਨ ਦੀ ਵੀ ਵਿੱਤ ਮੰਤਰੀ ਨੂੰ ਅਪੀਲ ਕੀਤੀ। ਮੁੱਖ ਮੰਤਰੀ ਨੇ ਧਾਰਮਕ ਸੰਸਥਾਵਾਂ ਵਿਚ ਲੰਗਰ ਅਤੇ ਪ੍ਰਸ਼ਾਦ ਦੀ ਵੰਡ 'ਤੇ ਜੀ.ਐਸ.ਟੀ. ਖ਼ਤਮ ਕਰਨ ਲਈ ਪਹਿਲਾਂ ਵੀ ਵਿੱਤ ਮੰਤਰੀ ਨੂੰ ਪੱਤਰ ਲਿਖਿਆ ਸੀ।
ਵਿੱਤ ਮੰਤਰੀ ਨੇ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਸਾਰੇ ਮੁੱਦਿਆਂ 'ਤੇ ਗ਼ੌਰ ਕਰਨ ਲਈ ਵਿਭਾਗ ਦੇ ਕਰਮਚਾਰੀਆਂ ਨੂੰ ਨਿਰਦੇਸ਼ ਦਿਤੇ। ਮੁੱਖ ਮੰਤਰੀ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਹੋਰ ਅਧਿਕਾਰੀ ਵੀ ਸਨ।