
ਪਿਤਾ ਹਾਲੇ ਵੀ ਪੁਰਾਣੇ ਸਟੈਂਡ 'ਤੇ ਕਾਇਮ, ਪੁੱਤਰ ਲਈ ਪ੍ਰਚਾਰ ਨਹੀਂ ਕਰਨਗੇ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬ) ਨੇ ਅੱਜ ਅਪਣੇ ਛੇਵੇਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਉਮੀਦਵਾਰ ਬਣਾਉਣ ਦਾ ਐਲਾਨ ਕਰ ਦਿਤਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਅਪਣੇ ਹਿੱਸੇ ਦੀਆਂ 10 ਸੀਟਾਂ ਵਿਚੋਂ ਪੰਜ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਚੁੱਕਾ ਹੈ। ਖਡੂਰ ਸਾਹਿਬ ਹਲਕੇ ਤੋਂ ਬੀਬੀ ਜਗੀਰ ਕੌਰ, ਜਲੰਧਰ ਤੋਂ ਚਰਨਜੀਤ ਸਿੰਘ ਅਟਵਾਲ, ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਸੁਰਜੀਤ ਸਿੰਘ ਰਖੜਾ ਅਤੇ ਫ਼ਤਿਹਗੜ੍ਹ ਸਾਹਿਬ ਤੋਂ ਸਾਬਕਾ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਦਾ ਨਾਂ ਐਲਾਨਿਆ ਜਾ ਚੁੱਕਾ ਹੈ।
Shiromani Akali Dal
ਹੁਣ ਸਿਰਫ਼ ਚਾਰ ਹਲਕੇ ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਲੁਧਿਆਣਾ ਹੀ ਬਚੇ ਹਨ ਜਿਥੋਂ ਪਾਰਟੀ ਨੇ ਅਪਣੇ ਉਮੀਦਵਾਰਾਂ ਦੇ ਨਾਂ ਤੈਅ ਕਰਨੇ ਹਨ। ਇਕ ਹਫ਼ਤਾ ਪਹਿਲਾ ਅਕਾਲੀ ਦਲ ਦੇ ਚੰਡੀਗੜ੍ਹ ਦਫ਼ਤਰ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਤਿੰਨ-ਚਾਰ ਹਲਕਿਆਂ ਦੇ ਉਮੀਦਵਾਰਾਂ ਦੀ ਮੀਟਿੰਗ ਹੋਈ ਅਤੇ ਇਸ ਮੀਟਿੰਗ ਵਿਚ ਪਰਮਿੰਦਰ ਸਿੰਘ ਢੀਂਡਸਾ ਵੀ ਹਾਜ਼ਰ ਸਨ। ਉਨ੍ਹਾਂ ਨੇ ਉਸੇ ਮੀਟਿੰਗ ਵਿਚ ਪਾਰਟੀ ਨਾਲ ਸਹਿਮਤੀ ਪ੍ਰਗਟ ਕਰਦਿਆਂ ਸੰਗਰੂਰ ਹਲਕੇ ਤੋਂ ਉਮੀਦਵਾਰ ਬਣਨਾ ਪ੍ਰਵਾਨ ਕਰ ਲਿਆ ਸੀ।
Sukhdev Dhindsa
ਪਾਰਟੀ ਵਲੋਂ ਅੱਜ ਬਕਾਇਦਾ ਉਨ੍ਹਾਂ ਨੂੰ ਸੰਗਰੂਰ ਹਲਕੇ ਤੋਂ ਉਮੀਦਵਾਰ ਬਣਾਉਣ ਦਾ ਐਲਾਨ ਕਰ ਦਿਤਾ ਗਿਆ। ਇਥੇ ਇਹ ਵੀ ਦੱਸਣਯੋਗ ਹੋਵੇਗਾ ਕਿ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਅਜੇ ਵੀ ਅਪਣੇ ਪੁਰਾਣੇ ਸਟੈਂਡ 'ਤੇ ਕਾਇਮ ਹਨ ਕਿ ਉਹ ਪਰਮਿੰਦਰ ਸਿੰਘ ਢੀਂਡਸਾ ਦੇ ਚੋਣ ਪ੍ਰਚਾਰ ਵਿਚ ਹਿੱਸਾ ਨਹੀਂ ਲੈਣਗੇ। ਉਨ੍ਹਾਂ ਨੇ ਦੋ ਦਿਨ ਪਹਿਲਾਂ ਹੀ ਮੀਡੀਆ ਵਿਚ ਬਿਆਨ ਦੇ ਕੇ ਸਪੱਸ਼ਟ ਕੀਤਾ ਸੀ ਕਿ ਪਰਮਿੰਦਰ ਸਿੰਘ ਢੀਂਡਸਾ ਅਪਣੇ ਫ਼ੈਸਲੇ ਲੈਣ ਲਈ ਆਜ਼ਾਦ ਹਨ। ਉਹ ਜੇ ਚੋਣ ਲੜਨਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਨੂੰ ਰੋਕ ਨਹੀਂ ਸਕਦੇ ਪਰ ਪਰਮਿੰਦਰ ਸਿੰਘ ਢੀਂਡਸਾ ਲਈ ਪ੍ਰਚਾਰ ਨਹੀਂ ਕਰਨਗੇ।