
ਮਾਮਲਾ ਪੋਸਟ ਮੈਟ੍ਰਿਕ ਵਜੀਫਾ ਸਕੀਮ ਦੀ ਬਕਾਇਆ ਰਾਸ਼ੀ ਕਾਰਨ ਪੰਜਾਬ ਯੂਨੀਵਰਸਿਟੀ ਵੱਲੋਂ ਦਲਿਤ ਵਿਦਿਆਰਥਿਆਂ ਦੀਆਂ ਡਿਗਰੀਆਂ ਰੋਕਣ ਦਾ
ਚੰਡੀਗੜ੍ਹ : ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵੀ ਦਲਿਤ ਵਿਦਿਆਰਥੀਆਂ ਦੀ ਪ੍ਰੀ-ਮੈਟ੍ਰਿਕ ਅਤੇ ਪੋਸਟ-ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਅਰਬਾਂ ਰੁਪਏ ਖ਼ੁਰਦ-ਬੁਰਦ ਕਰ ਦਿੱਤੇ ਹਨ। ਜਿਸ ਕਾਰਨ ਨਿੱਜੀ ਅਤੇ ਸਰਕਾਰੀ ਵਿੱਦਿਅਕ ਸੰਸਥਾਨਾਂ ਵੱਲੋਂ ਦਲਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਲਈਆਂ ਹਨ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਲਿਆ ਗਿਆ ਫ਼ੈਸਲਾ ਇਸ ਦੀ ਤਾਜ਼ਾ ਮਿਸਾਲ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੀਤਾ।
Students
ਚੀਮਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਸਰਕਾਰ ਵੱਲ 10 ਕਰੋੜ ਤੋਂ ਜ਼ਿਆਦਾ ਬਕਾਇਆ ਖੜਾ ਹੈ ਕਿਉਂਕਿ ਸੂਬਾ ਸਰਕਾਰ ਪੰਜਾਬ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਪੰਜਾਬ ਦੇ ਕਾਲਜਾਂ 'ਚ ਪੜ੍ਹਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲਦੇ ਪੋਸਟ ਮੈਟ੍ਰਿਕ ਵਜ਼ੀਫ਼ੇ ਦੇ ਪੈਸੇ ਸਮੇਂ ਸਿਰ ਦੇਣ ਤੋਂ ਅਸਫਲ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਇਹ ਬਕਾਇਆ ਸਾਲ 2015 ਤੋਂ ਲੈ ਕੇ 2018 ਤੱਕ 4 ਸਾਲਾਂ ਦਾ ਹੈ। ਜਿਸ ਤੋਂ ਸਪਸ਼ਟ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਅਤੇ ਮੌਜੂਦਾ ਕੈਪਟਨ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਕੋਈ ਸਰੋਕਾਰ ਨਹੀਂ ਹੈ।
Harpal Singh Cheema
ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਐਸਸੀ/ਐਸਟੀ ਪ੍ਰੀ-ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ ਦਾ ਪੰਜਾਬ ਸਰਕਾਰ ਵੱਲ ਸਿਰਫ਼ ਪੰਜਾਬ ਯੂਨੀਵਰਸਿਟੀ ਦਾ ਹੀ 10 ਕਰੋੜ ਨਹੀਂ ਸਗੋਂ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ 32 ਕਰੋੜ ਰੁਪਏ ਸਮੇਤ ਦੂਸਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਦੇ 1200 ਕਰੋੜ ਰੁਪਏ ਦੇ ਬਕਾਏ ਖੜੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਰਾਸ਼ੀ ਜਮਾਂ ਨਾ ਕਰਵਾਉਣ ਤੱਕ ਅੱਜ ਪੰਜਾਬ ਯੂਨੀਵਰਸਿਟੀ ਨੇ 10 ਹਜ਼ਾਰ ਦੇ ਕਰੀਬ ਦਲਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਲਈਆਂ ਹਨ।
Students
ਕੱਲ੍ਹ ਨੂੰ ਇਹ ਕਦਮ ਬਾਕੀ ਯੂਨੀਵਰਸਿਟੀਆਂ ਅਤੇ ਕਾਲਜ ਉਠਾ ਲੈਣਗੇ ਤਾਂ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਨ ਲਈ ਕੈਪਟਨ ਸਰਕਾਰ ਪਿਛਲੀ ਬਾਦਲ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਜੇ ਮੋਦੀ ਸਰਕਾਰ ਦਲਿਤਾਂ ਦੀ ਹਿਤੈਸ਼ੀ ਹੁੰਦੀ ਤਾਂ ਸੂਬਾ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਅਤੇ ਘੱਟ ਗਿਣਤੀ ਵਿਦਿਆਰਥੀਆਂ ਦੀਆਂ ਵਜ਼ੀਫ਼ਾ ਸਕੀਮਾਂ ਵਿੱਚ ਹੁਣ ਤੱਕ ਭੇਜੀ ਕੁੱਲ ਰਾਸ਼ੀ ਦਾ ਆਡਿਟ ਕਰਵਾ ਕੇ ਹਿਸਾਬ ਲੈਂਦੀ ਅਤੇ ਦਲਿਤ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ ਦੀ ਥਾਂ ਸੂਬਾ ਸਰਕਾਰ (ਅਕਾਲੀ ਭਾਜਪਾ ਅਤੇ ਕਾਂਗਰਸ) ਨੂੰ ਕਟਹਿਰੇ ਵਿੱਚ ਖੜ੍ਹਾ ਕਰਦੀ।